ਰੂਪਨਗਰ: DC ਵੱਲੋਂ ਨਵੇਂ ਸਾਲ ਦੀ ਸ਼ੁਰੂਆਤ ਮੌਕੇ ਉੱਚ ਅਧਿਕਾਰੀਆਂ ਨੂੰ ਲੋਕ ਹਿੱਤ ਲਈ ਜ਼ਮੀਨੀ ਪੱਧਰ ‘ਤੇ ਜਾ ਕੇ ਕੰਮ ਕਰਨ ਦੀ ਹਿਦਾਇਤ ਕੀਤੀ
ਰੂਪਨਗਰ, 1 ਜਨਵਰੀ 2024: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਨੇ ਨਵੇਂ ਸਾਲ ਦੀ ਸ਼ੁਰੂਆਤ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਮੂਹ ਉੱਚ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਲੋਕ ਹਿੱਤ ਲਈ ਜ਼ਮੀਨੀ ਪੱਧਰ ‘ਤੇ ਜਾ ਕੇ ਕੰਮ ਕਰਨ ਦੀ ਹਿਦਾਇਤ ਕੀਤੀ।
ਇਸ ਮੌਕੇ ਉਨ੍ਹਾਂ ਡਿਊਟੀ ਵਿਚ ਆ ਰਹੀਆਂ ਸਮੱਸਿਆਵਾਂ ਤੇ ਲੋਕਾਂ ਨੂੰ ਬੇਹਤਰ ਮੁੱਢਲੀਆਂ ਸਹੂਲਤਾਂ ਆਸਾਨੀ ਨਾਲ ਪ੍ਰਦਾਨ ਕਰਨ ਲਈ ਵਿਸਥਾਰਪੂਰਵਕ ਚਰਚਾ ਕੀਤੀ।
ਉਨ੍ਹਾਂ ਕਿਹਾ ਕਿ ਉਨ੍ਹਾਂ ਅਧੀਨ ਆਉਂਦੇ ਸਮੂਹ ਕਰਮਚਾਰੀਆਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਕਰਨ ਲਈ ਪ੍ਰੇਰਿਤ ਕੀਤਾ ਜਾਵੇ ਅਤੇ ਦਫ਼ਤਰਾਂ ਵਿੱਚ ਸਮੇਂ ਸਿਰ ਹਾਜ਼ਰੀ ਯਕੀਨੀ ਬਣਾਉਣ ਅਤੇ ਲੋਕਾਂ ਨੂੰ ਸਮੇਂ ਸਿਰ ਮਿਆਰੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਹਦਾਇਤ ਕੀਤੀ ਜਾਵੇ।
ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਨੇ ਕਿਹਾ ਕਿ ਜ਼ਿਲ੍ਹਾ ਰੂਪਨਗਰ ਵਿੱਚ ਨਾਗਰਿਕਾਂ ਨੂੰ ਪਬਲਿਕ ਡੀਲਿੰਗ ਦੌਰਾਨ ਆਮ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ।
ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਪ੍ਰਭਾਵੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਜ਼ਿਲ੍ਹਾ ਪ੍ਰਸ਼ਾਸਨ ਦਾ ਫਰਜ਼ ਹੁੰਦਾ ਹੈ, ਇਸ ਲਈ ਜ਼ਰੂਰੀ ਹੈ ਕਿ ਅਸੀਂ ਹਰ ਆਮ-ਖ਼ਾਸ ਲੋਕਾਂ ਦਾ ਕੰਮ ਪਹਿਲ ਦੇ ਆਧਾਰ 'ਤੇ ਇਮਾਨਦਾਰੀ ਅਤੇ ਮਿਹਨਤ ਨਾਲ ਕਰੀਏ।
ਉਨ੍ਹਾਂ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਦਫਤਰਾਂ ਵਿਖੇ ਕੰਮ ਕਰਵਾਉਣ ਆ ਰਹੇ ਲੋਕਾਂ ਦੇ ਕੰਮ ਪਹਿਲ ਦੇ ਆਧਾਰ 'ਤੇ ਕੀਤੇ ਜਾਣ ਅਤੇ ਇਸ ਦੌਰਾਨ ਕਿਸੇ ਨੂੰ ਵੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਏ। ਉਨ੍ਹਾਂ ਕਿਹਾ ਕਿ ਇਸ ਸਬੰਧੀ ਆਮ ਲੋਕਾਂ ਤੋਂ ਕੋਈ ਸ਼ਿਕਾਇਤ ਨਹੀਂ ਆਉਣੀ ਚਾਹੀਦੀ ਅਤੇ ਦਫ਼ਤਰ ਦਾ ਕੋਈ ਵੀ ਕੰਮ ਪੈਂਡਿੰਗ ਨਾ ਰੱਖਿਆ ਜਾਵੇ ਅਤੇ ਹਰ ਕੰਮ ਨੂੰ ਸਮਾਂਬੱਧ ਸਮੇਂ ਵਿੱਚ ਪੂਰਾ ਕੀਤਾ ਜਾਵੇ।
ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਏ ਡੀ ਸੀ (ਜੀ) ਪੂਜਾ ਸਿਆਲ ਗਰੇਵਾਲ, ਏ ਡੀ ਸੀ ਵਿਕਾਸ ਚੰਦਰਾਜਯੋਤੀ ਸਿੰਘ, ਸਹਾਇਕ ਕਮਿਸ਼ਨਰ ਅਰਵਿੰਦਰਪਾਲ ਸਿੰਘ ਸੋਮਲ ਸਮੂਹ ਐਸ ਡੀ ਐਮ ਸਮੇਤ ਉੱਚ ਅਧਿਕਾਰੀ ਤੇ ਸੀਨੀਅਰ ਅਧਿਕਾਰੀ ਹਾਜ਼ਰ ਸਨ।