ਨਰਾਇਣ ਸਿੰਘ ਚੌੜਾ ਦੀ ਦਸਤਾਰ ਉਤਾਰਨ ਵਾਲੇ ਵਿਅਕਤੀ ਵੱਲੋਂ ਮਾਫੀਨਾਮਾ
ਗੁਰਪ੍ਰੀਤ ਸਿੰਘ
ਅੰਮ੍ਰਿਤਸਰ : ਸਿੱਖਾਂ ਦੇ ਦਸਵੇਂ ਗੁਰੂ ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਿੱਥੇ ਵੱਡੀ ਗਿਣਤੀ ਵਿੱਚ ਸੰਗਤਾਂ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚ ਰਹੀਆਂ ਹਨ । ਸ੍ਰੀ ਅਕਾਲ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮੁੱਚੀ ਸੰਗਤ ਨੂੰ ਵਧਾਈ ਦਿੱਤੀ ਅਤੇ ਨਾਲ ਹੀ ਸੁਖਬੀਰ ਸਿੰਘ ਬਾਦਲ ਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾ ਬਾਰੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਨਰਾਇਣ ਸਿੰਘ ਚੌੜਾ ਦੀ ਦਸਤਾਰ ਉਤਾਰਨ ਵਾਲੇ ਵਿਅਕਤੀ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ ਤੇ ਆਪਣਾ ਮਾਫੀਨਾਮਾ ਪੱਤਰ ਭੇਜਿਆ ਗਿਆ ਹੈ।
ਮਾਫੀਨਾਮਾ ਪੱਤਰ ਉਪਰ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਵਿਚਾਰ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਕਿਸਾਨਾਂ ਬਾਰੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਲੰਬੇ ਸਮੇਂ ਤੋਂ ਕਿਸਾਨ ਸੂਬੇ ਦੇ ਬਾਰਡਰ ਤੇ ਬੈਠ ਕੇ ਆਪਣੇ ਹੱਕੀ ਮੰਗਾਂ ਮਨਵਾਉਣ ਦੀ ਕੇਂਦਰ ਸਰਕਾਰ ਤੇ ਦਬਾਅ ਪਾ ਰਹੇ ਹਨ ਲੇਕਿਨ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨਹੀਂ ਸੁਣ ਰਹੀ।
ਉਹਨਾਂ ਕਿਹਾ ਕਿ ਜਦੋਂ ਕਿਸਾਨਾਂ ਨੂੰ ਬਾਰਡਰ ਤੇ ਬੈਠ ਕੇ ਹੱਕ ਮੰਗਣੇ ਪੈਣ ਇਸ ਤੋਂ ਸ਼ਰਮ ਦੀ ਗੱਲ ਸਰਕਾਰ ਲਈ ਨਹੀਂ ਹੋ ਸਕਦੀ । ਇਸ ਦੇ ਨਾਲ ਹੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਉਪਰ ਚੱਲ ਰਹੇ ਜਾਂਚ ਬਾਰੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਜਥੇਦਾਰਾਂ ਦੀ ਪੜਤਾਲ ਕੇਵਲ ਸ੍ਰੀ ਅਕਾਲ ਤਖਤ ਸਾਹਿਬ ਤੋਂ ਹੀ ਹੋਣੀ ਚਾਹੀਦੀ ਹੈ।