ਸੁਪਰੀਮ ਕੋਰਟ ਦੀ ਹਾਈ ਪਾਵਰ ਕਮੇਟੀ ਨੇ ਡੱਲੇਵਾਲ ਨਾਲ ਕੀਤੀ ਮੁਲਾਕਾਤ: ਕਿਹਾ- ਸਾਡੇ ਕੋਲ ਕੇਂਦਰ ਨਾਲ ਗੱਲਬਾਤ ਕਰਨ ਦਾ ਅਧਿਕਾਰ ਨਹੀਂ
ਖਨੌਰੀ ਬਾਰਡਰ, 6 ਦਸੰਬਰ 2025 - ਸੁਪਰੀਮ ਕੋਰਟ ਵੱਲੋਂ ਬਣਾਈ ਗਈ ਹਾਈ ਪਾਵਰ ਕਮੇਟੀ ਨੇ ਸੋਮਵਾਰ ਨੂੰ ਖਨੌਰੀ ਸਰਹੱਦ ਵਿਖੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ। ਮੀਟਿੰਗ ਤੋਂ ਬਾਅਦ ਕਮੇਟੀ ਦੇ ਪ੍ਰਧਾਨ ਸਾਬਕਾ ਜਸਟਿਸ ਨਵਾਬ ਸਿੰਘ ਨੇ ਕਿਹਾ, ‘ਅਸੀਂ ਡੱਲੇਵਾਲ ਨੂੰ ਮੈਡੀਕਲ ਸਹੂਲਤਾਂ ਦੀ ਬੇਨਤੀ ਕੀਤੀ ਹੈ। ਅਸੀਂ ਦੁਆ ਕਰਦੇ ਹਾਂ ਕਿ ਉਹ ਜਲਦੀ ਠੀਕ ਹੋ ਜਾਣ। ਉਹ ਜਦੋਂ ਚਾਹੁੰਣਗੇ, ਅਸੀਂ ਹਾਜ਼ਰ ਹੋਵਾਂਗੇ। ਸਾਡੇ ਕੋਲ ਕੇਂਦਰ ਨਾਲ ਸਿੱਧੀ ਗੱਲਬਾਤ ਕਰਨ ਦਾ ਅਧਿਕਾਰ ਨਹੀਂ ਹੈ।
ਅਸੀਂ ਪਿਛਲੇ 4 ਮਹੀਨਿਆਂ ਤੋਂ ਕਿਸਾਨਾਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ। ਅਸੀਂ ਸ਼ੁਰੂਆਤੀ ਮੁੱਦੇ ਅਦਾਲਤ ਦੇ ਸਾਹਮਣੇ ਰੱਖੇ ਸਨ। ਅਜੇ ਤੱਕ ਰਿਪੋਰਟ ਦਰਜ ਨਹੀਂ ਕੀਤੀ ਗਈ ਹੈ। ਅਸੀਂ ਜਲਦੀ ਹੀ ਰਿਪੋਰਟ ਸੌਂਪ ਦੇਵਾਂਗੇ। ਰਿਪੋਰਟ ਵੱਖ-ਵੱਖ ਪੜਾਵਾਂ ਵਿੱਚ ਹੋਵੇਗੀ। ਇਸ ਮੁੱਦੇ 'ਤੇ ਨਵੀਂ ਮੀਟਿੰਗ ਹੋਵੇਗੀ। ਕਮੇਟੀ ਉਸਾਰੂ ਪੁਲ ਬਣਾਏਗੀ।
ਇਸ ਤੋਂ ਪਹਿਲਾਂ ਸੁਪਰੀਮ ਕੋਰਟ 'ਚ ਸੁਣਵਾਈ ਹੋਈ ਸੀ। ਪੰਜਾਬ ਸਰਕਾਰ ਵੱਲੋਂ ਸੀਨੀਅਰ ਵਕੀਲ ਕਪਿਲ ਸਿੱਬਲ ਪੇਸ਼ ਹੋਏ। ਇੱਥੇ ਉਨ੍ਹਾਂ ਦਾਅਵਾ ਕੀਤਾ ਕਿ ਕਿਸਾਨ ਆਗੂ ਜਗਜੀਤ ਡੱਲੇਵਾਲ ਅਦਾਲਤ ਵੱਲੋਂ ਬਣਾਈ ਕਮੇਟੀ ਨੂੰ ਮਿਲਣ ਲਈ ਰਾਜ਼ੀ ਹੋ ਗਏ ਹਨ। ਸਿੱਬਲ ਨੇ ਕੁਝ ਸਮੇਂ ਬਾਅਦ ਸੁਣਵਾਈ ਕਰਨ ਦੀ ਅਪੀਲ ਕੀਤੀ। ਜਿਸ 'ਤੇ ਅਦਾਲਤ ਨੇ ਸੁਣਵਾਈ ਸ਼ੁੱਕਰਵਾਰ (10 ਜਨਵਰੀ) ਲਈ ਤੈਅ ਕੀਤੀ ਹੈ।
ਇਸ ਤੋਂ ਪਹਿਲਾਂ ਡੱਲੇਵਾਲ ਨੇ ਕਮੇਟੀ ਦੇ ਚੇਅਰਮੈਨ ਸੇਵਾਮੁਕਤ ਜਸਟਿਸ ਨਵਾਬ ਸਿੰਘ ਨੂੰ ਪੱਤਰ ਲਿਖ ਕੇ ਕਿਹਾ ਸੀ ਕਿ ਉਨ੍ਹਾਂ ਦਾ ਵਫ਼ਦ 4 ਨਵੰਬਰ 2024 ਨੂੰ ਸੁਪਰੀਮ ਕੋਰਟ ਦੀ ਕਮੇਟੀ ਨੂੰ ਮਿਲਿਆ ਸੀ ਪਰ ਕਮੇਟੀ ਨੂੰ ਸ਼ੰਭੂ ਅਤੇ ਖਨੌਰੀ ਸਰਹੱਦ ਦਾ ਦੌਰਾ ਕਰਨ ਦਾ ਸਮਾਂ ਨਹੀਂ ਮਿਲਿਆ। ਕੀ ਉਹ ਮੇਰੀ ਮੌਤ ਦੀ ਉਡੀਕ ਕਰ ਰਹੇ ਸਨ ? ਉਦੋਂ ਡੱਲੇਵਾਲ ਨੇ ਕਿਹਾ ਸੀ ਕਿ ਅਸੀਂ ਕੇਂਦਰ ਸਰਕਾਰ ਨਾਲ ਹੀ ਗੱਲ ਕਰਾਂਗੇ।