"ਇਲੈਕਸ਼ਨ ਕੁਇਜ਼-2025" ਲਈ ਰਜਿਸਟ੍ਰੇਸ਼ਨ ਲਈ 17 ਜਨਵਰੀ ਤੱਕ ਕਰਵਾਈ ਜਾਵੇ - ਜ਼ਿਲ੍ਹਾ ਚੋਣ ਅਧਿਕਾਰੀ
ਡਿਪਟੀ ਕਮਿਸ਼ਨਰ ਨੇ ਸਕੂਲਾਂ, ਕਾਲਜਾਂ ਦੇ ਵਿਦਿਆਰਥੀਆਂ ਨੂੰ ਇਸ ਕੁਇਜ਼ ਮੁਕਾਬਲੇ ਵਿੱਚ ਵੱਧ-ਚੜ ਕੇ ਹਿੱਸਾ ਲੈਣ ਦੀ ਅਪੀਲ ਕੀਤੀ
ਗੁਰਦਾਸਪੁਰ, 13 ਜਨਵਰੀ 2025. ਭਾਰਤੀ ਲੋਕਤੰਤਰ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਤੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਤਹਿਤ 19 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਆਨ-ਲਾਈਨ ਅਤੇ 25 ਜਨਵਰੀ ਨੂੰ ਰਾਸ਼ਟਰੀ ਵੋਟਰ ਦਿਵਸ ਮੌਕੇ "ਇਲੈਕਸ਼ਨ ਕੁਇਜ਼-2025" ਤਹਿਤ ਆਫ਼ ਲਾਈਨ ਮੁਕਾਬਲੇ ਕਰਵਾਏ ਜਾ ਰਹੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਲਈ ਆਨਲਾਈਨ ਰਜਿਸਟਰੇਸ਼ਨ 17 ਜਨਵਰੀ ਤੱਕ ਵੈਬਸਾਈਟ https://punjab.indiastatquiz.com ’ਤੇ ਕਰਵਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਆਨਲਾਈਨ ਇਲੈਕਸ਼ਨ ਕੁਇਜ਼ ਮੁਕਾਬਲਾ 19 ਜਨਵਰੀ ਨੂੰ ਆਨ-ਲਾਈਨ ਹੋਵੇਗਾ ਜਦਕਿ ਸੂਬਾ ਪੱਧਰੀ ਆਫਲਾਈਨ ਮੁਕਾਬਲਾ 24 ਜਨਵਰੀ, 2025 ਨੂੰ ਲੁਧਿਆਣਾ ਵਿਖੇ ਹੋਵੇਗਾ। ਉਨਾਂ ਕਿਹਾ ਕਿ ਰਜਿਸਟਰੇਸ਼ਨ ਸਮੇਂ ਹਰੇਕ ਬਿਨੈਕਾਰ ਨੂੰ ਬਤੌਰ ਸਬੂਤ ਆਪਣਾ ਆਧਾਰ ਕਾਰਡ, ਵੋਟਰ ਕਾਰਡ, ਜਾਂ ਸਕੂਲ /ਕਾਲਜ ਦਾ ਆਈਡੀ ਕਾਰਡ ਅਪਲੋਡ ਕਰਨਾ ਜ਼ਰੂਰੀ ਹੋਵੇਗਾ। ਉਨ੍ਹਾਂ ਦੇ ਜ਼ਿਲ੍ਹੇ ਦੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਹੈ ਕਿ ਵੱਧ-ਚੜ ਕੇ ਇਸ ਕੁਇਜ਼ ਮੁਕਾਬਲੇ ਵਿੱਚ ਹਿੱਸਾ ਲੈਣ। ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਵੀ ਹਦਾਇਤ ਕੀਤੀ ਕਿ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਇਸ ਮੁਕਾਬਲੇ ਵਿੱਚ ਹਿੱਸਾ ਲੈਣ ਲਈ ਉਤਸ਼ਾਹਤ ਕੀਤਾ ਜਾਵੇ।
ਜ਼ਿਲ੍ਹਾ ਚੋਣ ਅਫਸਰ ਸ੍ਰੀ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਪਹਿਲੇ ਗੇੜ ਵਿੱਚ ਆਨਲਾਈਨ ਮੁਕਾਬਲਿਆਂ ਤਹਿਤ ਜ਼ਿਲ੍ਹਾ ਪੱਧਰ ਦੇ ਜੇਤੂਆ ਦੀ ਪਛਾਣ ਕੀਤੀ ਜਾਵੇਗੀ ਅਤੇ ਫਾਈਨਲ ਆਫਲਾਈਨ ਮੁਕਾਬਲਾ 23 ਜ਼ਿਲ੍ਹਿਆਂ ਦੇ ਜੇਤੂਆਂ ਵਿਚਕਾਰ 24 ਜਨਵਰੀ, 2025 ਨੂੰ ਲੁਧਿਆਣਾ ਵਿਖੇ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸੂਬਾ ਪੱਧਰੀ ਮੁਕਾਬਲਿਆਂ ਦੇ ਜੇਤੂਆਂ ਨੂੰ ਪਹਿਲਾ ਇਨਾਮ ਵਿੰਡੋ ਲੈਪਟਾਪ, ਦੂਜਾ ਇਨਾਮ ਐਂਡਰੋਇਡ ਟੈਬਲੇਟ ਤੇ ਤੀਜਾ ਇਨਾਮ ਸਮਾਰਟ ਘੜੀ ਦੇ ਕੇ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਕੌਮੀ ਰਾਸ਼ਟਰੀ ਵੋਟਰ ਦਿਵਸ ਮੌਕੇ ਲੁਧਿਆਣਾ ਵਿਖੇ ਸਨਮਾਨਿਤ ਕੀਤਾ ਜਾਵੇਗਾ।