ਵੱਡੀ ਖ਼ਬਰ: ਅੰਮ੍ਰਿਤਪਾਲ ਧੜੇ ਵੱਲੋਂ ਸਿਆਸੀ ਪਾਰਟੀ ਦੇ ਨਾਮ ਦਾ ਐਲਾਨ
ਸ੍ਰੀ ਮੁਕਤਸਰ ਸਾਹਿਬ, 14 ਜਨਵਰੀ 2025- ਮਾਘੀ ਮੇਲੇ 'ਤੇ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਮੇਲੇ 'ਤੇ ਸਿਆਸੀ ਕਾਨਫਰੰਸ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਧੜੇ ਵੱਲੋਂ ਸਿਆਸੀ ਪਾਰਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦਾ ਨਾਮ 'ਅਕਾਲੀ ਦਲ ਵਾਰਿਸ ਪੰਜਾਬ ਦੇ' ਰੱਖਿਆ ਗਿਆ ਹੈ। ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਸਾਥੀਆਂ ਸਮੇਤ ਬੰਦ ਹਨ। ਉਨ੍ਹਾਂ ਉਪਰ ਪੰਜਾਬ ਸਰਕਾਰ ਵੱਲੋਂ NSA ਕਾਨੂੰਨ ਲਾਗੂ ਕੀਤਾ ਹੋਇਆ ਹੈ।
ਮੰਗਲਵਾਰ ਸ੍ਰੀ ਮੁਕਤਸਰ ਸਾਹਿਬ ਵਿੱਚ ਮਾਘੀ ਕਾਨਫਰੰਸ ਦੌਰਾਨ ਪਾਰਟੀ ਦਾ ਐਲਾਨ ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਅਤੇ ਫਰੀਦਕੋਟ ਤੋਂ ਆਜ਼ਾਦ ਸੰਸਦ ਮੈਂਬਰ ਸਰਬਜੀਤ ਸਿੰਘ ਨੇ ਕੀਤਾ। ਉਨ੍ਹਾਂ ਕਿਹਾ ਕਿ ਚੇਅਰਮੈਨ ਅੰਮ੍ਰਿਤਪਾਲ ਇਸ ਸਮੇਂ ਜੇਲ੍ਹ ਵਿੱਚ ਹੈ। ਅਜਿਹੇ 'ਚ ਪਾਰਟੀ ਨੂੰ ਚਲਾਉਣ ਲਈ ਕਮੇਟੀ ਬਣਾਈ ਗਈ ਹੈ, ਜੋ ਸਾਰਾ ਕੰਮ ਸੰਭਾਲੇਗੀ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਚੋਣ ਕਮਿਸ਼ਨ ਨੂੰ ਤਿੰਨ ਨਾਂ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ ਇਸ ਨਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਲਈ ਹੁਣ ਤੋਂ ਉਨ੍ਹਾਂ ਦੀ ਪਾਰਟੀ ਦਾ ਨਾਂ 'ਅਕਾਲੀ ਦਲ ਵਾਰਿਸ ਪੰਜਾਬ ਦੇ' ਹੋਵੇਗਾ।