ਅੰਮ੍ਰਿਤਪਾਲ ਦੀ ਪਾਰਟੀ ਬਾਰੇ CM ਮਾਨ ਦਾ ਵੱਡਾ ਬਿਆਨ, ਕਿਹਾ ਪਾਰਟੀ ਬਣਾਉਣ ਦਾ ਸਭ ਨੂੰ ਅਧਿਕਾਰ, ਪਰ ਪੰਜਾਬ ਦੀ ਧਰਤੀ 'ਤੇ ਨਫ਼ਰਤ ਦਾ ਬੀਜ ਨਹੀਂ ਉੱਗੇਗਾ
ਬਾਬੂਸ਼ਾਹੀ ਬਿਊਰੋ
ਪਟਿਆਲਾ, 15 ਜਨਵਰੀ 2025: ਬੀਤੇ ਕੱਲ੍ਹ ਮਾਘੀ ਮੇਲੇ ਦੌਰਾਨ ਕਾਨਫਰੰਸ ਮੌਕੇ ਐਮਪੀ ਅੰਮ੍ਰਿਤਪਾਲ ਸਿੰਘ ਅਤੇ ਸਰਬਜੀਤ ਸਿੰਘ ਖਾਲਸਾ ਦੇ ਧੜੇ ਵੱਲੋਂ ਬਣਾਈ ਗਈ 'ਸਿਆਸੀ ਪਾਰਟੀ ਅਕਾਲੀ ਦਲ ਵਾਰਸ ਪੰਜਾਬ ਦੇ' ਬਾਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਬਿਆਨ ਦਿੱਤਾ ਹੈ।
ਸੀਐੱਮ ਮਾਨ ਨੇ ਕਿਹਾ ਕਿ ਪਾਰਟੀ ਬਣਾਉਣ ਦਾ ਸਭ ਨੂੰ ਅਧਿਕਾਰ, ਪਰ ਪੰਜਾਬ ਦੀ ਧਰਤੀ ਤੇ ਨਫ਼ਰਤ ਦਾ ਬੀਜ ਨਹੀਂ ਉੱਗੇਗਾ। ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਸੂਬੇ ਅਤੇ ਦੇਸ਼ ਵਿੱਚ ਕਿਸੇ ਨੂੰ ਵੀ ਸਿਆਸੀ ਪਾਰਟੀਆਂ ਬਣਾਉਣ ਦਾ ਅਧਿਕਾਰ ਹੈ ਪਰ ਇਸ ਦੀ ਕਿਸਮਤ ਦਾ ਫੈਸਲਾ ਕਰਨਾ ਲੋਕਾਂ ਦੇ ਹੱਥ ਵਿੱਚ ਹੈ।
ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਪਸੀ ਸਾਂਝ ਇੰਨੀ ਮਜ਼ਬੂਤ ਹੈ ਕਿ ਪੰਜਾਬ ਦੀ ਉਪਜਾਊ ਧਰਤੀ 'ਤੇ ਇੱਥੇ ਕੁਝ ਵੀ ਉੱਗ ਸਕਦਾ ਹੈ ਪਰ ਨਫ਼ਰਤ ਦਾ ਬੀਜ ਨਹੀਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ ਅਤੇ ਪੀਰ-ਪੈਗੰਬਰਾਂ ਦੀ ਪਵਿੱਤਰ ਧਰਤੀ ਹੈ, ਜਿਨ੍ਹਾਂ ਨੇ ਸਾਨੂੰ ਆਪਸੀ ਪਿਆਰ ਅਤੇ ਸਹਿਣਸ਼ੀਲਤਾ ਦਾ ਰਸਤਾ ਦਿਖਾਇਆ ਹੈ।