ਬੀਕੇਯੂ ਕ੍ਰਾਂਤੀਕਾਰੀ ਦੇ ਆਗੂਆਂ ਖ਼ਿਲਾਫ਼ ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਮੌਕੇ ਪੁਲਸ ਕੇਸ ਦਰਜ ਕਰਨ ਦੀ ਨਿਖੇਧੀ
ਅਸ਼ੋਕ ਵਰਮਾ
ਚੰਡੀਗੜ੍ਹ 19 ਜਨਵਰੀ 2025:26 ਜਨਵਰੀ 2022 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਮੌਕੇ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਨ ਬਦਲੇ ਭਾਕਿਯੂ ਕ੍ਰਾਂਤੀਕਾਰੀ ਦੇ ਆਗੂਆਂ ਖ਼ਿਲਾਫ਼ ਪੁਲਸ ਕੇਸ ਦਰਜ ਕਰਨ ਦੀ ਭਾਰਤੀ ਕਿਸਾਨ ਯੂਨੀਅਨ ਏਕਤਾ-ਡਕੌਂਦਾ ਵੱਲੋਂ ਨਿਖੇਧੀ ਕੀਤੀ ਗਈ ਹੈ। ਜਥੇਬੰਦੀ ਦੇ ਪ੍ਰਧਾਨ ਮਨਜੀਤ ਸਿੰਘ ਧਨੇਰ ਅਤੇ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਅਤੇ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਰਾਮਪੁਰਾ ਵੱਲੋਂ ਜਾਰੀ ਕੀਤੇ ਗਏ ਸਾਂਝੇ ਪ੍ਰੈਸ ਬਿਆਨ ਰਾਹੀਂ ਮੰਗ ਕੀਤੀ ਗਈ ਹੈ ਕਿ ਇਹ ਕੇਸ ਵਾਪਸ ਲਿਆ ਜਾਵੇ ਕਿਉਂਕਿ ਹਰ ਵਿਅਕਤੀ ਅਤੇ ਜਥੇਬੰਦੀ ਨੂੰ ਸੱਤਾਧਾਰੀ ਧਿਰ ਵੱਲੋਂ ਲਾਗੂ ਕੀਤੀਆਂ ਜਾ ਰਹੀਆਂ ਲੋਕ ਵਿਰੋਧੀ ਨੀਤੀਆਂ ਦਾ ਜਥੇਬੰਦਕ ਢੰਗ ਨਾਲ ਸ਼ਾਂਤਮਈ ਵਿਰੋਧ ਕਰਨ ਦਾ ਜਮਹੂਰੀ ਅਧਿਕਾਰ ਸੰਵਿਧਾਨ ਵਿੱਚ ਦਰਜ ਹੈ।
ਉਨ੍ਹਾਂ ਦੋਸ਼ ਲਾਇਆ ਕਿ ਐੱਸ ਕੇ ਐੱਮ ਵੱਲੋਂ ਕਾਲ਼ੇ ਖੇਤੀ ਕਾਨੂੰਨ ਰੱਦ ਕਰਵਾਉਣ ਮਗਰੋਂ 9 ਦਸੰਬਰ 2021 ਨੂੰ ਮੋਦੀ ਸਰਕਾਰ ਵੱਲੋਂ ਐੱਮ ਐੱਸ ਪੀ ਦੀ ਕਾਨੂੰਨੀ ਗਰੰਟੀ ਸਮੇਤ ਹੋਰ ਅਹਿਮ ਮੰਗਾਂ ਬਾਰੇ ਲਿਖਤੀ ਵਾਅਦਾ ਅੱਜ ਤੱਕ ਵੀ ਪੂਰਾ ਨਹੀਂ ਕੀਤਾ ਗਿਆ। ਉਦੋਂ ਵੀ ਇਸੇ ਰੋਸ ਵਜੋਂ ਕਿਸਾਨ ਜਥੇਬੰਦੀਆਂ ਵੱਲੋਂ ਵੱਖ ਵੱਖ ਢੰਗਾਂ ਰਾਹੀਂ ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਵਿਰੁੱਧ ਰੋਸ ਪ੍ਰਦਰਸ਼ਨ ਕੀਤੇ ਗਏ ਸਨ। ਅੱਜ ਵੀ ਇਨ੍ਹਾਂ ਮੰਗਾਂ ਸਮੇਤ ਨਵੇਂ ਖੇਤੀ ਮੰਡੀਕਰਨ ਖਰੜੇ ਨੂੰ ਰੱਦ ਕਰਨ ਦੀ ਮੰਗ ਉੱਤੇ ਐੱਸ ਕੇ ਐੱਮ ਦਾ ਸੰਘਰਸ਼ ਜਾਰੀ ਹੈ।