ਆਮ ਲੋਕਾਂ ਦੀ ਭਲਾਈ ਲਈ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇ : ਐੱਨ.ਐੱਚ.ਐੱਮ. ਡਾਇਰੈਕਟਰ ਡਾ. ਬਲਵਿੰਦਰ ਕੁਮਾਰ
- ਸਿਵਲ ਸਰਜਨ ਨਾਲ ਸਿਹਤ ਸੇਵਾਵਾਂ ਵਿੱਚ ਹੋਰ ਸੁਧਾਰ ਲਿਆਉਣ ਦੇ ਮੁੱਦੇ ’ਤੇ ਵਿਚਾਰ-ਚਰਚਾ
ਪ੍ਰਮੋਦ ਭਾਰਤੀ
ਨਵਾਂਸ਼ਹਿਰ 22 ਜਨਵਰੀ, 2025 - ਨੈਸ਼ਨਲ ਹੈਲਥ ਮਿਸ਼ਨ (ਐੱਨ.ਐੱਚ.ਐੱਮ.), ਪੰਜਾਬ ਦੇ ਡਾਇਰੈਕਟਰ ਡਾ. ਬਲਵਿੰਦਰ ਕੁਮਾਰ ਨੇ ਅੱਜ ਸ਼ਹੀਦ ਭਗਤ ਸਿੰਘ ਨਗਰ ਵਿਖੇ ਪਹੁੰਚ ਕੇ ਜ਼ਿਲ੍ਹੇ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਸਮੇਤ ਸਮੂਹ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਸਿਹਤ ਸੇਵਾਵਾਂ ਵਿਚ ਹੋਰ ਸੁਧਾਰ ਲਿਆਉਣ ਦੇ ਮੁੱਦੇ ’ਤੇ ਵਿਚਾਰ-ਚਰਚਾ ਕਰਦੇ ਹੋਏ ਸਿਹਤ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਹਦਾਇਤ ਕਰਦੇ ਹੋਏ ਕਿਹਾ ਕਿ ਆਮ ਲੋਕਾਂ ਦੀ ਭਲਾਈ ਲਈ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇ।
ਇਸੇ ਦੌਰਾਨ ਉਨ੍ਹਾਂ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ, ਬਲਾਚੌਰ ਤੇ ਸਮੁਦਾਇਕ ਸਿਹਤ ਕੇਂਦਰ, ਸੜੋਆ ਦਾ ਦੌਰਾ ਵੀ ਕੀਤਾ। ਉਨ੍ਹਾਂ ਨੇ ਸੀ.ਐੱਚ.ਸੀ., ਸੜੋਆ ਦੇ ਕੰਮਕਾਜ ਦੀ ਵੀ ਸਮੀਖਿਆ ਕੀਤੀ ਅਤੇ ਮਰੀਜ਼ਾਂ ਨੂੰ ਮਿਲ ਰਹੀਆਂ ਸੁਵਿਧਾਵਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਨੇ ਆਪਣੇ ਸੀ.ਐੱਚ.ਸੀ. ਸੜੋਆ ਦੇ ਦੌਰੇ ਦੌਰਾਨ, ਆਯੂਸ਼ਮਾਨ ਆਰੋਗਿਆ ਕੇਂਦਰਾਂ ਦੀ ਸਹਾਇਕ ਨਿਗਰਾਨੀ ਵੀ ਕੀਤੀ।
ਡਾ. ਬਲਵਿੰਦਰ ਕੁਮਾਰ ਦੀ ਇਹ ਵਿਜਿਟ ਪੰਜਾਬ ਵਿੱਚ ਸਿਹਤ ਕੇਂਦਰਾਂ ਦੇ ਬੁਨਿਆਦੀ ਢਾਂਚੇ ਅਤੇ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਰਾਸ਼ਟਰੀ ਸਿਹਤ ਮਿਸ਼ਨ ਦੇ ਸਮਰਪਣ ਨੂੰ ਦਰਸਾਉਂਦੀ ਹੈ। ਨੈਸ਼ਨਲ ਹੈਲਥ ਮਿਸ਼ਨ (ਐੱਨ.ਐੱਚ.ਐੱਮ.), ਪੰਜਾਬ ਦੇ ਡਾਇਰੈਕਟਰ ਵਜੋਂ, ਡਾ. ਕੁਮਾਰ ਰਾਜ ਭਰ ਵਿੱਚ ਵੱਖ-ਵੱਖ ਸਿਹਤ ਸੰਭਾਲ ਪਹਿਲਕਦਮੀਆਂ ਦੀ ਨਿਗਰਾਨੀ ਅਤੇ ਲਾਗੂਕਰਨ ਵਿੱਚ ਇੱਕ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਡਾ. ਬਲਵਿੰਦਰ ਕੁਮਾਰ ਦੀ ਸਹਾਇਕ ਨਿਗਰਾਨੀ ਅਤੇ ਮਾਰਗਦਰਸ਼ਨ ਬਿਨਾਂ ਸ਼ੱਕ ਆਯੂਸ਼ਮਾਨ ਆਰੋਗਿਆ ਕੇਂਦਰਾਂ ਅਤੇ ਸਰਕਾਰੀ ਸਿਹਤ ਕੇੰਦਰਾਂ ਦੁਆਰਾ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਸਿਹਤ ਸੇਵਾਵਾਂ ਦੀ ਗੁਣਵੱਤਾ ਨੂੰ ਵਧਾਏਗਾ।