ਪੈਨਸ਼ਨਰਜ਼ ਦੀਆਂ ਮੰਗਾਂ ਸਬੰਧੀ ਰੰਧਾਵਾ ਰਾਹੀਂ ਮੁੱਖ ਮੰਤਰੀ ਲਈ ਮੰਗ ਪੱਤਰ ਭੇਜਿਆ
ਮਲਕੀਤ ਸਿੰਘ ਮਲਕਪੁਰ
ਲਾਲੜੂ 15 ਫ਼ਰਵਰੀ 2025: ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਝਾਂ ਫਰੰਟ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਮੰਨਵਾਉਣ ਲਈ ਮੁਲਾਜ਼ਮ ਫਰੰਟ ਦੇ ਸੂਬਾਈ ਕਨਵੀਨਰ ਸੁਖਦੇਵ ਸਿੰਘ ਸੈਣੀ ਦੀ ਅਗਵਾਈ ਹੇਠ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮੰਗ ਪੱਤਰ ਭੇਜਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰ. ਸੈਣੀ ਨੇ ਦੱਸਿਆ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ ਅਤੇ ਪਿਛਲੀ ਵਾਰ ਆਪ ਦੀ ਸਰਕਾਰ ਬਣਨ ਤੋਂ ਪਹਿਲਾਂ ਆਮ ਆਦਮੀ ਪਰਟੀ ਦੇ ਆਗੂਆਂ ਵੱਲੋਂ ਉਨ੍ਹਾਂ ਦੀਆਂ ਮੰਗਾਂ ਪਹਿਲ ਦੇ ਅਧਾਰ ਉੱਤੇ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਸੀ, ਪਰ ਸਰਕਾਰ ਬਣਨ ਤੋਂ ਬਾਅਦ ਮੁਲਾਜ਼ਮਾਂ ਦੀਆਂ ਜਾਇਜ ਮੰਗਾਂ ਨੂੰ ਅੱਖੋ- ਪਰੋਖੇ ਕਰ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਬਣਨ ਤੋਂ ਪਹਿਲਾਂ ਆਪ ਆਗੂ ਮੁਲਾਜ਼ਮਾਂ ਨਾਲ ਗੱਲਬਾਤ ਲਈ ਦਰਵਾਜ਼ੇ ਖੁੱਲ੍ਹੇ ਰੱਖਣ ਦੇ ਦਾਅਵੇ ਕਰਦੇ ਸਨ, ਪਰ ਉਨ੍ਹਾਂ ਨੂੰ ਇਹ ਅਫਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਸਰਕਾਰ ਨੇ ਮੁਲਾਜ਼ਮਾਂ ਨੂੰ ਹੁਣ ਤੱਕ ਇੱਕ ਵਾਰ ਵੀ ਮੀਟਿੰਗ ਦਾ ਸਮਾਂ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 6ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸਾਂ ਨੂੰ ਵੀ ਲਾਗੂ ਨਹੀਂ ਕੀਤਾ ਗਿਆ, ਜਦਕਿ ਕੇਂਦਰ ਨੇ 8ਵੇਂ ਤਨਖਾਹ ਕਮਿਸ਼ਨ ਦੀ ਸਥਾਪਨਾ ਲਈ ਮਨਜ਼ੂਰੀ ਦੇ ਦਿੱਤੀ ਹੈ।
ਸੁਖਦੇਵ ਸਿੰਘ ਸੈਣੀ ਨੇ ਕਿਹਾ ਕਿ ਜੇਕਰ ਸਮਾਂ ਰਹਿੰਦਿਆਂ ਮੰਗ ਪੱਤਰ ਵਿੱਚ ਦਰਜ ਮੰਗਾਂ ਦਾ ਨਿਪਟਾਰਾ ਕਰਨ ਹਿੱਤ ਮੁਲਾਜ਼ਮ ਫਰੰਟ ਨਾਲ ਮੀਟਿੰਗ ਨਾ ਕੀਤੀ ਗਈ ਤਾਂ ਉਹ ਪੰਜਾਬ ਵਿਧਾਨ ਸਭਾ ਦੇ ਆਉਣ ਵਾਲੇ ਸੈਸ਼ਨ ਦੌਰਾਨ ਰੋਜ਼ਾਨਾ ਰੋਸ ਪ੍ਰਦਰਸ਼ਨ ਕਰਨ ਉਪਰੰਤ ਪੰਜਾਬ ਵਿਧਾਨ ਸਭਾ ਵੱਲ ਮਾਰਚ ਕਰਨਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਵਿੰਦਰ ਸਿੰਘ, ਪ੍ਰਵੀਨ ਕੁਮਾਰ, ਸਤਬੀਰ ਸਿੰਘ, ਸਵਰਨ ਸਿੰਘ, ਬਲਜੀਤ ਸਿੰਘ ਸਮੇਤ ਵੱਡੀ ਗਿਣਤੀ ਮੁਲਾਜ਼ਮ ਆਗੂ ਹਾਜ਼ਰ ਸਨ।