ਸਮਾਜ ਅਮਨ-ਸ਼ਾਂਤੀ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਕਮਜੋਰ ਕਰਨ ਵਾਲੇ ਬਖਸ਼ੇ ਨਹੀਂ ਜਾਣਗੇ - ਏ.ਡੀ.ਸੀ.ਪੀ. ਪ੍ਰਭਜੋਤ ਸਿੰਘ ਵਿਰਕ
ਸੁਖਮਿੰਦਰ ਭੰਗੂ
ਲੁਧਿਆਣਾ 17 ਮਾਰਚ 2025 - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਮਾਜ ਅਮਨ-ਸ਼ਾਂਤੀ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣ ਦੀ ਵਚਨਬੱਧਤਾ ਦੇ ਮੱਦੇਨਜ਼ਰ ਅੱਜ ਬਿਹਾਰੀ ਬਸਤੀ ਵਿੱਚ ਪ੍ਰਵਾਸੀ ਅਤੇ ਮੁਸਲਿਮ ਭਾਈਚਾਰੇ ਦੇ ਆਗੂਆਂ ਨਾਲ ਜ਼ਿਲ੍ਹਾ ਸ਼ਾਂਤੀ ਕਮੇਟੀ ਜਿਸ ਵਿੱਚ ਪੁਲਿਸ ਅਤੇ ਸਿਵਲ ਦੇ ਅਧਿਕਾਰੀ ਸ਼ਾਮਲ ਸਨ, ਵੱਲੋਂ ਮੀਟਿੰਗ ਕੀਤੀ ਗਈ।
ਦੋਵਾਂ ਭਾਈਚਾਰਿਆਂ ਦੇ ਆਗੂਆਂ ਨੇ ਆਪੋ-ਆਪਣੇ ਮਤਭੇਦ ਸੁਲਝਾ ਲਏ ਅਤੇ ਇੱਕ ਦੂਜੇ ਨੂੰ ਜੱਫੀ ਪਾਈ।
ਉਨ੍ਹਾਂ ਕਿਹਾ ਕਿ ਕੁਝ ਸਮਾਜ ਵਿਰੋਧੀ ਅਨਸਰਾਂ ਨੇ ਤਣਾਅ ਪੈਦਾ ਕਰਨ, ਫਿਰਕੂ ਸਦਭਾਵਨਾ ਨੂੰ ਭੰਗ ਕਰਨ ਅਤੇ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਅਮਨ-ਸ਼ਾਂਤੀ ਨੂੰ ਕਿਸੇ ਵੀ ਕੀਮਤ 'ਤੇ ਖ਼ਰਾਬ ਨਹੀਂ ਹੋਣ ਦਿੱਤਾ ਜਾਵੇਗਾ।
ਪ੍ਰਵਾਸੀ ਭਾਈਚਾਰੇ ਦੇ ਆਗੂਆਂ ਨੇ ਅਗਲੇ ਸ਼ੁੱਕਰਵਾਰ ਨੂੰ ਬਿਹਾਰੀ ਕਲੋਨੀ ਵਿੱਚ ਇਫਤਾਰ ਡਿਨਰ ਕਰਨ ਦਾ ਐਲਾਨ ਵੀ ਕੀਤਾ।
ਏ.ਡੀ.ਸੀ.ਪੀ. ਪ੍ਰਭਜੋਤ ਸਿੰਘ ਵਿਰਕ ਨੇ ਕਿਹਾ ਕਿ ਪੰਜਾਬ ਪੁਲਿਸ ਸੂਬੇ ਦੇ ਲੋਕਾਂ ਵਿੱਚ ਮਜ਼ਬੂਤ ਸਮਾਜਿਕ ਸਾਂਝ ਨੂੰ ਕਮਜ਼ੋਰ ਕਰਨ ਦੀ ਨਾਪਾਕ ਕੋਸ਼ਿਸ਼ਾਂ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ੇਗੀ ਨਹੀਂ।