ਅਮਨ ਅਰੋੜਾ ਵਲੋਂ ਨਸ਼ਾ ਤਸਕਰਾਂ ਨੂੰ ਸਖਤ ਚੇਤਾਵਨੀ: ‘ਜਾਂ ਤਾਂ ਨਸ਼ੇ ਦਾ ਕਾਰੋਬਾਰ ਛੱਡ ਦਿਓ ਜਾਂ ਪੰਜਾਬ ਛੱਡ ਦਿਓ’
- ਨਸ਼ਾ ਪੀੜਤਾਂ ਦੇ ਮੁੜਵਸੇਬੇ ਲਈ ਹੁਨਰ ਵਿਕਾਸ ਦੇ ਯਤਨਾਂ ਨੂੰ ਤੇਜ਼ ਕਰਨ ਦੇ ਨਿਰਦੇਸ਼
- ਪੰਚਾਇਤਾਂ, ਸਮਾਜ ਸੇਵੀ ਤੇ ਧਾਰਮਿਕ ਸੰਸਥਾਵਾਂ ਨੂੰ ਨਸ਼ਾ ਵਿਰੋਧੀ ਮੁਹਿੰਮ ਵਿਚ ਹਿੱਸੇਦਾਰ ਬਣਨ ਦਾ ਸੱਦਾ
ਚੰਡੀਗੜ੍ਹ / ਕਪੂਰਥਲਾ, 17 ਮਾਰਚ 2025 - ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਨਸ਼ਾ ਤਸਕਰਾਂ ਨੂੰ ਕਰੜੀ ਚੇਤਾਵਨੀ ਦਿੰਦਿਆਂ ਕਿਹਾ ਹੈ ਕਿ ‘ਜਾਂ ਤਾਂ ਉਹ ਨਸ਼ੇ ਦਾ ਕਾਰੋਬਾਰ ਛੱਡ ਦੇਣ ਤੇ ਜਾਂ ਉਹ ਪੰਜਾਬ ਨੂੰ ਛੱਡ ਦੇਣ’ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਯੁੱਧ ਨਸ਼ੇ ਵਿਰੁੱਧ’ ਮੁਹਿੰਮ ਤਹਿਤ ਨਸ਼ੇ ਦੇ ਕਾਰੋਬਾਰ ਨੂੰ ਖਤਮ ਕਰਨ ਲਈ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਗਈ ਹੈ।
ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਜਾਇਜ਼ਾ ਲੈਣ ਪਿੱਛੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਅਪਣਾਈ ਗਈ ਨੀਤੀ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ।
ਉਨ੍ਹਾਂ ਦੱਸਿਆ ਕਿ ਪੰਜਾਬ ਵਿਚ ਜਿੱਥੇ ਨਾਰਕੋ ਟੈਰਾਰਿਜ਼ਮ ਨੂੰ ਰੋਕਣ ਲਈ ਸੰਜੀਦਾ ਯਤਨ ਕੀਤੇ ਜਾ ਰਹੇ ਹਨ, ਉੱਥੇ ਹੀ ਨਸ਼ੇ ਦੀ ਸਪਲਾਈ ਅਤੇ ਮੰਗ ਨੂੰ ਖਤਮ ਕਰਨ ਲਈ ਇਨਫਾਰਸਮੈਂਟ, ਪ੍ਰੀਵੈਂਨਸ਼ਨ ਅਤੇ ਰੀਹੈਬਿਲੀਟੇਸ਼ਨ ਦੀ ਨੀਤੀ ’ਤੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਨਸ਼ਿਆਂ ਵਿਰੋਧੀ ਮੁਹਿੰਮ ਤਹਿਤ ਪਹਿਲੀ ਮਾਰਚ ਤੋਂ ਲੈ ਕੇ ਹੁਣ ਤੱਕ 1651 ਕੇਸ ਦਰਜ ਕਰਕੇ 2575 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ 1322 ਕਿੱਲੋ ਨਸ਼ਾ ਫੜਿਆ ਗਿਆ ਹੈ,ਜਦਕਿ 64.26 ਲੱਖ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
ਉਨ੍ਹਾਂ ਸਪੱਸ਼ਟ ਕਿਹਾ ਕਿ ਪਿਛਲੀਆਂ ਸਰਕਾਰਾਂ ਦਰਮਿਆਨ ਨਸ਼ਾ ਤਸਕਰਾਂ ਵਲੋਂ ਸਿਆਸੀ ਪੁਸ਼ਤਪਨਾਹੀ ਦੇ ਆਸਰੇ ਖੜ੍ਹੇ ਕੀਤੇ ਮਹਿਲ ਢਾਹ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਸਰਹੱਦੀ ਸੂਬਾ ਹੋਣ ਕਰਕੇ ਪੰਜਾਬ ਅੰਦਰ ਅਮਨ ਅਤੇ ਸ਼ਾਂਤੀ ਬਣਾਈ ਰੱਖਣ ਨੂੰ ਪਹਿਲ ਦਿੱਤੀ ਗਈ ਹੈ ਅਤੇ ਜੋ ਵੀ ਭਾਈਚਾਰਕ ਸਾਂਝ ਨੂੰ ਤੋੜਨ ਦਾ ਯਤਨ ਕਰੇਗਾ, ਉਸ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾਵੇਗੀ।
ਨਸ਼ਾ ਪੀੜ੍ਹਤਾਂ ਦੇ ਮੁੜ ਵਸੇਬੇ ਲਈ ਯਤਨਾਂ ਬਾਰੇ ਬੋਲਦਿਆਂ ਸ੍ਰੀ ਅਰੋੜਾ ਨੇ ਦੱਸਿਆ ਕਿ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਸਵੈ ਰੋਜ਼ਗਾਰ ਦੇ ਕਾਬਲ ਬਣਾਉਣ ਲਈ ਵੱਖ-ਵੱਖ ਕਿੱਤਿਆਂ ਦੀ ਸਿਖਲਾਈ ਰੋਜ਼ਗਾਰ ਬਿਊਰੋ ਵਲੋਂ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਜੇਲ੍ਹਾਂ ਅੰਦਰ ਬੰਦੀਆਂ ਨੂੰ ਵੀ ਹੁਨਰਮੰਦ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਸਜ਼ਾ ਪੂਰੀ ਕਰਨ ਪਿੱਛੋਂ ਸਮਾਜ ਦੀ ਤਰੱਕੀ ਵਿਚ ਹਿੱਸੇਦਾਰ ਬਣ ਸਕਣ। ਉਨ੍ਹਾਂ ਇਹ ਵੀ ਦੱਸਿਆ ਕਿ ਹੇਠਲੇ ਪੱਧਰ ’ਤੇ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਖੇਡਾਂ ਵਤਨ ਪੰਜਾਬ ਦੀਆਂ ਦਾ ਘੇਰਾ ਹੋਰ ਵਿਸ਼ਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ 5.50 ਲੱਖ ਤੋਂ ਵੱਧ ਬੱਚੇ ਅਤੇ ਨੌਜਵਾਨ ਇਨ੍ਹਾਂ ਖੇਡਾਂ ਵਿਚ ਭਾਗ ਲੈਣਗੇ।
ਉਨ੍ਹਾਂ ਦੱਸਿਆ ਕਿ ਪੰਚਾਇਤਾਂ, ਸਮਾਜ ਸੇਵੀ ਸੰਗਠਨਾਂ ਨੂੰ ਨਸ਼ਾ ਵਿਰੋਧੀ ਮੁਹਿੰਮ ਵਿਚ ਭਾਗੀਦਾਰ ਬਣਾਉਣ ਲਈ ਯਤਨ ਜਾਰੀ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਵਿਚ ਸਹਿਯੋਗ ਕਰਨ ਤਾਂ ਜੋ ਰਲ ਕੇ ਪੰਜਾਬ ਨੂੰ ਇਸ ਅਲਾਮਤ ਤੋਂ ਛੁਟਕਾਰਾ ਦਵਾਇਆ ਜਾ ਸਕੇ।
ਥਾਣਿਆਂ ਵਿਚ ਨਫਰੀ ਨੂੰ ਵਧਾਉਣ ਸਬੰਧੀ ਇਕ ਸਵਾਲ ਦੇ ਜਵਾਬ ਵਿਚ ਕੈਬਨਿਟ ਮੰਤਰੀ ਸ੍ਰੀ ਅਰੋੜਾ ਨੇ ਦੱਸਿਆ ਕਿ 10 ਹਜ਼ਾਰ ਦੇ ਕਰੀਬ ਪੁਲਿਸ ਕਰਮੀ ਆਪਣੀ ਸਿਖਲਾਈ ਪੂਰੀ ਕਰਨ ਦੇ ਕਰੀਬ ਹਨ, ਜਿਨ੍ਹਾਂ ਨੂੰ ਜਲਦ ਹੀ ਫੀਲਡ ਵਿਚ ਤਾਇਨਾਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਹਰ ਸਾਲ 2100 ਪੁਲਿਸ ਕਰਮੀ ਤੇ ਅਧਿਕਾਰੀਆਂ ਦੀ ਭਰਤੀ ਕੀਤੀ ਜਾ ਰਹੀ ਹੈ।
ਕੈਬਨਿਟ ਮੰਤਰੀ ਵਲੋਂ ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਤਿਆਰ ਕੀਤੀ ਹੈੱਲਪਲਾਈਨ ਨੰਬਰ 98882-19247 ਵੀ ਜਾਰੀ ਕੀਤਾ ਗਿਆ, ਜਿਸ ਉੱਪਰ ਲੋਕ ਹੁਨਰ ਵਿਕਾਸ ਦੀ ਸਿਖਲਾਈ ਲੈਣ ਲਈ ਸਿੱਧਾ ਸੰਪਰਕ ਕਰ ਸਕਦੇ ਹਨ।
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਵਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ ਯੁੱਧ ਨਸ਼ੇ ਵਿਰੁੱਧ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀ ਵਿੱਦਿਅਕ ਅਦਾਰਿਆਂ ਵਿਚ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਜਾਗਰੂਕ ਕਰਨ ਲਈ ਮੁਹਿੰਮ ਨੂੰ ਹੋਰ ਤੇਜ਼ ਕਰਨ।
ਇਸ ਤੋਂ ਪਹਿਲਾਂ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਸ੍ਰੀ ਅਰੋੜਾ ਨੂੰ ਗਾਰਡ ਆਫ ਆਨਰ ਪੇਸ਼ ਕੀਤਾ ਗਿਆ। ਇਸ ਮੌਕੇ ਵਿਧਾਇਕ ਰਾਜਾ ਗਿੱਲ, ਸੁਲਤਾਨਪੁਰ ਲੋਧੀ ਤੋਂ ਹਲਕਾ ਇੰਚਾਰਜ ਤੇ ਕਪੂਰਥਲਾ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸੱਜਣ ਸਿੰਘ ਚੀਮਾ, ਫਗਵਾੜਾ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸ੍ਰੀ ਜੋਗਿੰਦਰ ਸਿੰਘ ਮਾਨ, ਭੁਲੱਥ ਤੋਂ ਹਲਕਾ ਇੰਚਾਰਜ ਹਰਸਿਮਰਨ ਸਿੰਘ ਘੁੰਮਣ, ਜ਼ਿਲ੍ਹਾ ਯੋਜਨਾ ਬੋਰਡ ਦੀ ਚੇਅਰਪਰਸਨ ਲਲਿਤ ਸਕਲਾਨੀ, ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ, ਐਸ.ਐਸ.ਪੀ. ਸ੍ਰੀ ਗੌਰਵ ਤੂਰਾ ਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।