DC ਵੱਲੋਂ ਜ਼ਰੂਰੀ ਵਸਤਾਂ ਦੀ ਜਮ੍ਹਾਖ਼ੋਰੀ, ਕਾਲਾਬਾਜ਼ਾਰੀ ਨੂੰ ਰੋਕਣ ਲਈ ਵਪਾਰ ਮੰਡਲ ਦੇ ਨੁਮਾਇੰਦਿਆਂ ਤੇ ਦੁਕਾਨਦਾਰਾਂ ਨਾਲ ਮੀਟਿੰਗ
- ਕਿਹਾ, ਜ਼ਰੂਰੀ ਵਸਤਾਂ ਦੀ ਜਮ੍ਹਾਖ਼ੋਰੀ ਤੇ ਕਾਲਾਬਾਜ਼ਾਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ
ਰੋਹਿਤ ਗੁਪਤਾ
ਗੁਰਦਾਸਪੁਰ, 9 ਮਈ 2025 - ਭਾਰਤ-ਪਾਕਿਸਤਾਨ ਵਿੱਚ ਚੱਲ ਰਹੇ ਤਣਾਅਪੂਰਨ ਮਾਹੌਲ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ, ਆਈ.ਏ.ਐੱਸ. ਵੱਲੋਂ ਐਸੈਂਸ਼ੀਅਲ ਕਮੋਡਿਟੀਜ਼ ਐਕਟ, 1955 ਅਤੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਐਕਟ, 2023 ਦੀ ਧਾਰਾ 163 ਤਹਿਤ ਜ਼ਿਲ੍ਹੇ ਵਿੱਚ ਜ਼ਰੂਰੀ ਵਸਤਾਂ ਦੀ ਜਮ੍ਹਾਖ਼ੋਰੀ ਅਤੇ ਕਾਲਾਬਾਜ਼ਾਰੀ ਨੂੰ ਰੋਕਣ ਲਈ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ।
ਇਨ੍ਹਾਂ ਹੁਕਮਾਂ ਦੀ ਪਾਲਣਾ ਲਈ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਵੱਲੋਂ ਅੱਜ ਵਪਾਰ ਮੰਡਲ ਗੁਰਦਾਸਪੁਰ ਦੇ ਨੁਮਾਇੰਦਿਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਹਰਜਿੰਦਰ ਸਿੰਘ ਬੇਦੀ, ਜ਼ਿਲ੍ਹਾ ਖ਼ੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸ੍ਰੀ ਸੁਖਜਿੰਦਰ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਸਟਾਕਿਸਟ ਜ਼ਰੂਰੀ ਵਸਤਾਂ ਜਿਵੇਂ ਕਿ ਅਨਾਜ, ਤੇਲ, ਡੀਜ਼ਲ, ਪਸ਼ੂ ਚਾਰਾ, ਦੁੱਧ ਅਤੇ ਰੋਜ਼ਮਰ੍ਹਾ ਦੀਆਂ ਵਸਤਾਂ ਦੀ ਜਮ੍ਹਾਖ਼ੋਰੀ ਕਰ ਰਹੇ ਹਨ, ਜਿਸ ਨਾਲ ਕੀਮਤਾਂ ਵਧਣ, ਕਾਲਾਬਾਜ਼ਾਰੀ ਅਤੇ ਸਪਲਾਈ ਦੀ ਕਮੀ ਦੀ ਸਮੱਸਿਆ ਪੈਦਾ ਹੋ ਸਕਦੀ ਹੈ। ਇਸ ਨਾਲ ਆਮ ਲੋਕਾਂ, ਖ਼ਾਸ ਤੌਰ `ਤੇ ਕਮਜ਼ੋਰ ਵਰਗ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ।
ਉਨ੍ਹਾਂ ਕਿਹਾ ਕਿ ਲੋਕ ਹਿਤ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ ਕਿ ਕੋਈ ਵੀ ਵਿਅਕਤੀ, ਵਪਾਰੀ ਜਾਂ ਸੰਸਥਾ ਅਨਾਜ, ਪਸ਼ੂ ਚਾਰਾ, ਦੁੱਧ ਅਤੇ ਡੇਅਰੀ ਉਤਪਾਦ, ਪੈਟਰੋਲ, ਡੀਜ਼ਲ ਅਤੇ ਹੋਰ ਰੋਜ਼ਮਰ੍ਹਾ ਦੀਆਂ ਜ਼ਰੂਰੀ ਵਸਤਾਂ ਦੀ ਜਮ੍ਹਾਖ਼ੋਰੀ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ, ਵਪਾਰੀ ਜਾਂ ਸੰਸਥਾ ਜ਼ਰੂਰੀ ਵਸਤਾਂ ਦੀ ਜਮ੍ਹਾਖ਼ੋਰੀ, ਕਾਲਾਬਾਜ਼ਾਰੀ ਜਾਂ ਕੀਮਤਾਂ ਵਿੱਚ ਹੇਰਾਫੇਰੀ ਕਰਦਾ ਹੈ ਤਾਂ ਪ੍ਰਸ਼ਾਸਨ ਵੱਲੋਂ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕੋਈ ਵਿਅਕਤੀ, ਵਪਾਰੀ ਜਾਂ ਸੰਸਥਾ ਜ਼ਰੂਰੀ ਵਸਤਾਂ ਦੀ ਜਮ੍ਹਾਖ਼ੋਰੀ, ਕਾਲਾਬਾਜ਼ਾਰੀ ਜਾਂ ਕੀਮਤਾਂ ਵਿੱਚ ਹੇਰਾਫੇਰੀ ਕਰਦਾ ਹੈ ਤਾਂ ਉਸਦੀ ਸੂਚਨਾ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤੀ ਜਾਵੇ।