‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜਲੰਧਰ ’ਚ ਅਣਅਧਿਕਾਰਤ ਜਾਇਦਾਦ ਢਾਹੀ
- ਕਮਿਸ਼ਨਰੇਟ ਪੁਲਿਸ ਨਸ਼ਿਆਂ ਦਾ ਸਫਾਇਆ ਕਰਕੇ ਜਲੰਧਰ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ : ਪੁਲਿਸ ਕਮਿਸ਼ਨਰ
ਜਲੰਧਰ, 9 ਮਈ 2025: ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਪਹਿਲਕਦਮੀ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜਲੰਧਰ ਨਗਰ ਨਿਗਮ ਵੱਲੋਂ ਜਲੰਧਰ ਕਮਿਸ਼ਨਰੇਟ ਪੁਲਿਸ ਨਾਲ ਮਿਲ ਕੇ ਸ਼ੁੱਕਰਵਾਰ ਨੂੰ ਬਦਨਾਮ ਨਸ਼ਾ ਤਸਕਰ ਦੀ ਇੱਕ ਗੈਰ-ਕਾਨੂੰਨੀ ਉਸਾਰੀ ਨੂੰ ਢਾਹ ਦਿੱਤਾ ਗਿਆ।
ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਆਬਾਦਪੁਰਾ ਵਿਖੇ ਹਨੀ ਕਲਿਆਣ ਦੀ ਗੈਰ-ਕਾਨੂੰਨੀ ਉਸਾਰੀ ਢਾਹੀ ਗਈ ਹੈ। ਹਨੀ ਇੱਕ ਬਦਨਾਮ ਨਸ਼ਾ ਤਸਕਰ ਹੈ, ਜਿਸ ਦੇ ਖਿਲਾਫ਼ 5 ਐਫ.ਆਈ.ਆਰ. ਦਰਜ ਹਨ।
ਪੁਲਿਸ ਕਮਿਸ਼ਨਰ ਨੇ ਕਿਹਾ ਕਿ ਡਰੱਗ ਮਾਫੀਆ ਨੂੰ ਸਖ਼ਤ ਸੰਦੇਸ਼ ਦੇਣ ਲਈ ਅਜਿਹੀਆਂ ਕਾਰਵਾਈਆਂ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹਿਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਅਜਿਹੇ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਲੋਕਾਂ ਵਿੱਚ ਡਰ ਪੈਦਾ ਕਰਨ ਵਿੱਚ ਮਦਦ ਮਿਲੇਗੀ।
ਉਨ੍ਹਾਂ ਨਸ਼ਿਆਂ ਦੇ ਨੈੱਟਵਰਕ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦੀ ਕਮਿਸ਼ਨਰੇਟ ਪੁਲਿਸ ਦੀ ਵਚਨਬੱਧਤਾ ਦਹੁਰਾਉਂਦਿਆਂ ਨਾਗਰਿਕਾਂ ਨੂੰ ਸਰਕਾਰ ਵੱਲੋਂ ਜਾਰੀ ਵਟਸਐਪ ਨੰਬਰ 9779-100-200 ਰਾਹੀਂ ਨਸ਼ਿਆਂ ਨਾਲ ਸਬੰਧਤ ਜਾਣਕਾਰੀ ਸਾਂਝੀ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲਿਆਂ ਦੀ ਪਛਾਣ ਗੁਪਤ ਰੱਖੀ ਜਾਵੇਗੀ।
ਇਸ ਦੌਰਾਨ ਵਸਨੀਕਾਂ ਨੇ ਇਸ ਪਹਿਲਕਦਮੀ ਦਾ ਸਵਾਗਤ ਕਰਦਿਆਂ ਇਸਨੂੰ ਨਸ਼ਿਆਂ ਖਿਲਾਫ਼ ਫੈਸਲਾਕੁੰਨ ਜੰਗ ਦੱਸਿਆ।