ਜਲੰਧਰ ਜ਼ਿਲ੍ਹੇ ’ਚ ਕਣਕ ਦੀ ਬੰਪਰ ਪੈਦਾਵਾਰ, 5 ਲੱਖ ਮੀਟ੍ਰਿਕ ਟਨ ਤੋਂ ਵੱਧ ਕਣਕ ਦੀ ਨਿਰਵਿਘਨ ਖਰੀਦ
- ਕਿਸਾਨਾਂ ਨੂੰ 1209 ਕਰੋੜ ਰੁਪਏ ਦਾ ਭੁਗਤਾਨ
- ਡਿਪਟੀ ਕਮਿਸ਼ਨਰ ਨੇ ਲਿਫਟਿੰਗ 'ਚ ਹੋਰ ਤੇਜ਼ੀ ਲਿਆਉਣ ਦੀ ਕੀਤੀ ਹਦਾਇਤ
ਜਲੰਧਰ, 11 ਮਈ 2025: ਜ਼ਿਲ੍ਹੇ ਵਿੱਚ ਕਣਕ ਦਾ ਖਰੀਦ ਸੀਜ਼ਨ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਸਦਕਾ ਪੰਜਾਬ ਸਰਕਾਰ ਵਲੋਂ ਕੀਤੇ ਸੁੱਚਜੇ ਪ੍ਰਬੰਧਾਂ ਸਦਕਾ ਹੁਣ ਤੱਕ 5 ਲੱਖ ਮੀਟ੍ਰਿਕ ਟਨ ਤੋਂ ਵੱਧ ਕਣਕ ਦੀ ਨਿਰਵਿਘਨ ਖਰੀਦ ਹੋ ਚੁੱਕੀ ਹੈ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵਾਰ ਕਣਕ ਦੀ ਬੰਪਰ ਪੈਦਾਵਾਰ ਹੋਈ ਹੈ ਅਤੇ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕੁੱਲ 5,07,656 ਮੀਟ੍ਰਿਕ ਟਨ ਫ਼ਸਲ ਦੀ ਆਮਦ ਹੋਈ ਹੈ, ਜਿਸ ਵਿੱਚੋਂ 5,07,612 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।
ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ ਕੀਤੀ ਗਈ ਖ਼ਰੀਦ ਬਾਰੇ ਜਾਣਕਾਰੀ ਦਿੰਦਿਆਂ ਡਾ. ਅਗਰਵਾਲ ਨੇ ਦੱਸਿਆ ਕਿ ਪਨਗ੍ਰੇਨ ਵੱਲੋਂ 165845 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 137181, ਪਨਸਪ ਵੱਲੋਂ 115135, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 56941, ਐਫ.ਸੀ.ਆਈ. ਵੱਲੋਂ 27618 ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 4892 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਖ਼ਰੀਦ ਕੀਤੀ ਫ਼ਸਲ ਦੀ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ 1209 ਕਰੋੜ ਰੁਪਏ ਦੀ ਅਦਾਇਗੀ ਯਕੀਨੀ ਬਣਾਉਣ ਦੇ ਨਾਲ-ਨਾਲ ਤੇਜ਼ੀ ਨਾਲ ਫ਼ਸਲ ਦੀ ਚੁਕਾਈ ਵੀ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਖ਼ਰੀਦ ਪ੍ਰਕਿਰਿਆ ਨੂੰ ਨਿਰਵਿਘਨ ਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ ਅਤੇ ਕਣਕ ਦੀ ਬੰਪਰ ਪੈਦਾਵਾਰ ਦੇ ਮੱਦੇਜ਼ਨਰ ਜ਼ਿਲ੍ਹੇ ਵਿੱਚ 79 ਸਥਾਈ ਮੰਡੀਆਂ ਤੋਂ ਇਲਾਵਾ 23 ਆਰਜ਼ੀ ਮੰਡੀਆਂ ਵੀ ਸਥਾਪਤ ਕੀਤੀਆਂ ਗਈਆਂ ਸਨ, ਜਿਨ੍ਹਾਂ ਵਿੱਚ ਕਿਸਾਨਾਂ ਤੇ ਮਜ਼ਦੂਰਾਂ ਦੀ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਹੈ ਕਿ ਲਿਫਟਿੰਗ ਵਿਚ ਹੋਰ ਤੇਜ਼ੀ ਲਿਆਂਦੀ ਜਾਵੇ।
ਉਧਰ ਕਿਸਾਨਾਂ ਅਤੇ ਮਜ਼ਦੂਰਾਂ ਵੱਲੋਂ ਪੰਜਾਬ ਸਰਕਾਰ ਦਾ ਧੰਨਵਾਦ ਵੀ ਪ੍ਰਗਟਾਇਆ ਜਾ ਰਿਹਾ ਹੈ।
ਕਿਸਾਨਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵਲੋਂ ਮੰਡੀਆਂ ਵਿੱਚ ਸੁਚਾਰੂ ਢੰਗ ਨਾਲ ਸਾਰੇ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨ੍ਹਾਂ ਨਾਲੋ ਨਾਲ ਕਣਕ ਦੀ ਖਰੀਦ ਅਤੇ ਅਦਾਇਗੀ ਲਈ ਸੂਬਾ ਸਰਕਾਰ ਦਾ ਧੰਨਵਾਦ ਪ੍ਰਗਟਾਇਆ ।