ਮੱਕੀ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਗੁਰਦਾਸਪੁਰ ਜ਼ਿਲ੍ਹੇ ਦੇ ਵੱਖ-ਵੱਖ ਸਰਕਲਾਂ ਵਿੱਚ 15 ਜਾਗਰੂਕਤਾ ਕੈਂਪ ਲਾਏ ਗਏ
ਰੋਹਿਤ ਗੁਪਤਾ
ਗੁਰਦਾਸਪੁਰ, 13 ਮਈ 2025 - ਗੁਰਦਾਸਪੁਰ ਜ਼ਿਲ੍ਹੇ ਅੰਦਰ 2500 ਹੈਕਟੇਅਰ ਰਕਬੇ ਵਿਚ ਸਾਉਣੀ ਦੀ ਮੱਕੀ ਦੀ ਕਾਸ਼ਤ ਕਰਾਉਣ ਦੇ ਉਲੀਕੇ ਗਏ ਟੀਚੇ ਦੀ ਪੂਰਤੀ ਲਈ ਖੇਤੀ ਬੜੀ ਵਿਭਾਗ ਵੱਲੋਂ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਗੁਰਦਾਸਪੁਰ ਜਿਲੇ ਦੇ ਹਰੇਕ ਸਰਕਲ ਵਿੱਚ ਰੋਜਾਨਾ ਹੀ ਘੱਟੋ ਘੱਟ ਇੱਕ ਪਿੰਡ ਵਿੱਚ ਜਾਗਰੂਕਤਾ ਕੈਂਪ ਲਗਾਇਆ ਜਾਵੇਗਾ। ਇਸ ਤਹਿਤ ਅੱਜ ਕਿਉਂ ਨਹੀਂ ਵੱਖ-ਵੱਖ ਥਾਵਾਂ ਤੇ 15 ਕੈਂਪ ਲਗਾ ਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ ਜਿਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਿਲਾ ਗੁਰਦਾਸਪੁਰ ਦੇ ਮੁੱਖ ਖੇਤੀਬਾੜੀ ਅਫਸਰ ਡਾ ਅਮਰੀਕ ਸਿੰਘ ਨੇ ਦੱਸਿਆ ਕਿ ਮੱਕੀ ਦੀ ਵਰਤੋਂ 25 ਫ਼ੀਸਦੀ ਖ਼ੁਰਾਕ, 49 ਫ਼ੀਸਦੀ ਮੁਰਗ਼ੀਆਂ ਦੀ ਫੀਡ,12 ਫ਼ੀਸਦੀ ਪਸ਼ੂਆਂ ਲਈ ਚਾਰਾ, 12 ਫ਼ੀਸਦੀ ਸਟਾਰਚ ਬਣਾਉਣ ਲਈ, 1 ਫ਼ੀਸਦੀ ਸ਼ਰਾਬ ਬਣਾਉਣ ਲਈ ਅਤੇ 1 ਫ਼ੀਸਦੀ ਬੀਜ ਦੇ ਤੌਰ 'ਤੇ ਕੀਤੀ ਜਾਂਦੀ ਹੈ।
ਇਸੇ ਤਰ੍ਹਾਂ ਮੱਕੀ ਦੀ ਵਰਤੋਂ ਪੋਲਟਰੀ, ਪਸ਼ੂ ਖ਼ੁਰਾਕ ਅਤੇ ਸਟਾਰਚ ਉਦਯੋਗ ਲਈ ਵੀ ਕੀਤੀ ਜਾਂਦੀ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਵਿਚ ਬਲਾਕ ਦੀਨਾਨਗਰ, ਗੁਰਦਾਸਪੁਰ, ਕਾਹਨੂੰਵਾਨ, ਕਾਦੀਆਂ ਅਤੇ ਸ੍ਰੀ ਹਰਗੋਬਿੰਦਪੁਰ ਵਿਚ 2500 ਹੈੱਕ ਰਕਬੇ ਵਿੱਚ ਸਾਉਣੀ ਦੀ ਮੱਕੀ ਕਾਸ਼ਤ ਕਰਨ ਦਾ ਟੀਚਾ ਮਿਥਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਟੀਚੇ ਦੀ ਪੂਰਤੀ ਲਈ ਜ਼ਿਲ੍ਹੇ ਅੰਦਰ ਨਿਯੁਕਤ ਕੀਤੇ ਗਏ 25 ਕਿਸਾਨ ਮਿੱਤਰ ਵੀ ਕਿਸਾਨਾਂ ਨੂੰ ਉਤਸਾਹਿਤ ਕਰਨ ਲਈ ਅਹਿਮ ਭੂਮਿਕਾ ਨਿਭਾਉਣਗੇ। ਜਿਨਾਂ ਵੱਲੋ ਖੇਤੀਬਾੜੀ ਅਧਿਕਾਰੀ ਅਤੇ ਕਿਸਾਨਾਂ ਵਿਚ ਕੜੀ ਦਾ ਕੰਮ ਕੀਤਾ ਜਾਵੇਗਾ।
ਉਹਨਾਂ ਕਿਹਾ ਕਿ ਮੱਕੀ ਦੀ ਪ੍ਰਤੀ ਹੈਕਟੇਅਰ ਉਤਪਾਦਕਤਾ 39.0 ਕੁਇੰਟਲ ਹੈ ਜਦ ਕਿ ਦੋਗਲੀਆਂ ਕਿਸਮਾਂ ਪ੍ਰਤੀ ਹੈਕਟੇਅਰ ਤਕਰੀਬਨ 55-60 ਕੁਇੰਟਲ ਤੱਕ ਪੈਦਾਵਾਰ ਦੇਣ ਦੀ ਸਮਰੱਥਾ ਰੱਖਦੀਆਂ ਹਨ। ਉਹਨਾਂ ਕਿਹਾ ਕਿ ਮੱਕੀ ਦੀ ਮੰਗ ਜ਼ਿਆਦਾ ਹੋਣ ਕਾਰਨ ਕਿਸਾਨਾਂ ਨੂੰ ਇਸ ਦਾ ਚੰਗਾ ਰੇਟ ਮਿਲੇਗਾ ਜਿਸ ਕਾਰਨ ਕਿਸਾਨਾਂ ਦੀ ਆਮਦਨ ਵਿੱਚ ਵੀ ਵਾਧਾ ਹੋਵੇਗਾ।
ਸਿੰਚਿਤ ਇਲਾਕਿਆਂ ਵਿੱਚ ਮੱਕੀ ਦੀ ਬਿਜਾਈ 25 ਮਈ ਤੋਂ 29 ਜੂਨ ਤੱਕ ਬਿਜਾਈ ਕੀਤੀ ਜਾ ਸਕਦੀ ਹੈ। ਜੇਕਰ ਯੂਨੀਵਰਸਿਟੀ ਦੀਆਂ ਸਿਫ਼ਾਰਸ਼ਾਂ ਅਨੁਸਾਰ ਮੱਕੀ ਦੀ ਕਾਸ਼ਤ ਕੀਤੀ ਜਾਵੇ ਤਾਂ ਕਿਸਾਨ ਚੰਗੀ ਆਮਦਨ ਕਮਾ ਸਕਦੇ ਹਨ। ਉਹਨਾਂ ਕਿਹਾ ਕਿ ਜਿਹੜੇ ਕਿਸਾਨ ਝੋਨੇ ਦੀ ਫਸਲ ਛੱਡ ਕੇ ਮੱਕੀ ਦੀ ਕਾਸ਼ਤ ਕਰਨਗੇ ਉਹਨਾਂ ਨੂੰ ਸਰਕਾਰ ਵੱਲੋਂ ਪ੍ਰਤੀ ਏਕੜ 7000 ਦੀ ਰਾਸ਼ੀ ਦਿੱਤੀ ਜਾਵੇਗੀ। ਇਸ ਲਈ ਖੇਤੀਬਾੜੀ ਵਿਭਾਗ ਵੱਲੋਂ ਰੋਜ਼ਾਨਾ ਹੀ ਵੱਖ ਵੱਖ ਪਿੰਡਾਂ ਵਿੱਚ ਕੈਂਪ ਲਗਾ ਕੇ ਕਿਸਾਨਾਂ ਨੂੰ ਮੱਕੀ ਦੀ ਕਾਸ਼ਤ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਤਾਂ ਜੋ ਕਿਸਾਨ ਮੱਕੀ ਦੀ ਕਾਸ਼ਤ ਕਰਕੇ ਜਿੱਥੇ ਚੰਗੀ ਆਮਦਨ ਲੈਣ ਉਸ ਦੇ ਨਾਲ ਹੀ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਵੀ ਬਣਦਾ ਯੋਗਦਾਨ ਪਾਉਣ।