Indo-Pak War : ਸ਼ਰੀਫ ਦੀ 'ਠਾਣੇਦਾਰ' ਅੱਗੇ ਅਰਜੋਈ! ਗੁਆਂਢੀਆਂ ਨਾਲ ਕਰਵਾ ਦਿਓ ਸੁਲ੍ਹਾ
ਇਸਲਾਮਾਬਾਦ 5 ਜੂਨ 2025- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਅਮਰੀਕੀ ਰਾਸ਼ਟਰਪਤੀ ਟਰੰਪ (ਠਾਣੇਦਾਰ) ਅੱਗੇ ਅਰਜੋਈ ਕਰਦਿਆਂ ਹੋਇਆ ਗੁਆਂਢੀਆਂ (ਭਾਰਤ) ਦੇ ਨਾਲ ਸੁਲ੍ਹਾ ਕਰਾਉਣ ਲਈ ਮਦਦ ਮੰਗੀ ਹੈ।
ਦੱਸ ਦਈਏ ਕਿ ਭਾਰਤ ਦੇ 'ਆਪ੍ਰੇਸ਼ਨ ਸਿੰਦੂਰ' ਤੋਂ ਬਾਅਦ ਪਾਕਿਸਤਾਨ ਚਾਹੁੰਦਾ ਹੈ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਭਾਰਤ ਨਾਲ ਸ਼ਾਂਤੀ ਸਥਾਪਤ ਕਰਨ ਵਿੱਚ ਪਾਕਿਸਤਾਨ ਦੀ ਮਦਦ ਕਰਨ।
ਪਾਕਿਸਤਾਨ ਵੱਲੋਂ ਇਸ ਲਈ ਬਹੁਤ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਹਾਲ ਹੀ ਵਿੱਚ, ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਖੁਦ ਵਾਸ਼ਿੰਗਟਨ ਤੋਂ ਅਪੀਲ ਕੀਤੀ ਸੀ ਕਿ ਦੋ ਪ੍ਰਮਾਣੂ ਹਥਿਆਰਬੰਦ ਗੁਆਂਢੀਆਂ ਵਿਚਕਾਰ ਗੱਲਬਾਤ ਹੋਣੀ ਚਾਹੀਦੀ ਹੈ।
ਪਾਕਿ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਇਸਲਾਮਾਬਾਦ ਵਿੱਚ ਅਮਰੀਕੀ ਦੂਤਾਵਾਸ ਦੇ ਇੱਕ ਪ੍ਰੋਗਰਾਮ ਵਿੱਚ ਪਹੁੰਚੇ। ਇੱਥੇ ਆਪਣੇ ਸੰਬੋਧਨ ਦੌਰਾਨ, ਸ਼ਾਹਬਾਜ਼ ਸ਼ਰੀਫ ਨੇ ਡੋਨਾਲਡ ਟਰੰਪ ਵੱਲੋਂ ਭਾਰਤ ਨਾਲ ਪਾਕਿਸਤਾਨ ਦੇ ਤਣਾਅ ਨੂੰ ਘਟਾਉਣ ਲਈ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ।
ਇਸ ਦੇ ਨਾਲ ਹੀ, ਉਨ੍ਹਾਂ ਕਿਹਾ ਕਿ ਵਾਸ਼ਿੰਗਟਨ ਨੂੰ ਦੋਵਾਂ ਪ੍ਰਮਾਣੂ ਹਥਿਆਰਬੰਦ ਗੁਆਂਢੀਆਂ ਵਿਚਕਾਰ ਵਿਆਪਕ ਗੱਲਬਾਤ ਦੀ ਸਹੂਲਤ ਦੇਣੀ ਚਾਹੀਦੀ ਹੈ। ਇਸ ਦੌਰਾਨ, ਸ਼ਾਹਬਾਜ਼ ਸ਼ਰੀਫ ਨੂੰ ਪਾਕਿਸਤਾਨ ਦੇ ਸਾਬਕਾ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਦੇ ਵਿਚਾਰਾਂ ਨੂੰ ਦੁਹਰਾਉਂਦੇ ਦੇਖਿਆ ਗਿਆ।
ਉਨ੍ਹਾਂ ਦਾਅਵਾ ਕੀਤਾ ਸੀ ਕਿ ਦੋਵਾਂ ਦੇਸ਼ਾਂ ਵਿਚਕਾਰ ਦੁਸ਼ਮਣੀ ਨੂੰ ਖਤਮ ਕਰਨ ਵਿੱਚ ਟਰੰਪ ਦੀ ਮਦਦ 'ਸਿਰੇ ਦੇ ਹੱਕਦਾਰ' ਹੈ।