ਪੰਜਾਬ ਸਰਕਾਰ ਨੇ ਕਰਜ਼ਾ ਮੁਆਫ਼ੀ ਨਾਲ 2 ਦਹਾਕਿਆਂ ਤੋਂ ਵਿੱਤੀ ਬੋਝ ਨਾਲ ਜੂਝ ਰਹੇ ਹਜ਼ਾਰਾਂ ਪਰਿਵਾਰਾਂ ਨੂੰ ਦਿੱਤੀ ਰਾਹਤ: ਰਮਨ ਬਹਿਲ
ਰੋਹਿਤ ਗੁਪਤਾ
ਗੁਰਦਸਪੁਰ, 8 ਜੂਨ 2025 - ਬੀਤੇ ਦਿਨੀਂ ਪੰਜਾਬ ਕੈਬਨਿਟ ਵੱਲੋਂ 4,727 ਗਰੀਬ ਅਨੁਸੂਚਿਤ ਜਾਤੀ ਪਰਿਵਾਰਾਂ ਦਾ 31 ਮਾਰਚ 2020 ਤੱਕ ਦਾ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ ਵੱਲ ਬਕਾਇਆ 68 ਕਰੋੜ ਰੁਪਏ ਦੇ ਕਰਜ਼ੇ ਨੂੰ ਮੁਆਫ ਕਰਨ ਦੇ ਇਤਿਹਾਸਕ ਫੈਸਲੇ ਲਈ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾਕੁੰਨ ਕਾਰਵਾਈ ਨਾਲ ਉਨ੍ਹਾਂ ਹਜ਼ਾਰਾਂ ਪਰਿਵਾਰਾਂ ਨੂੰ ਰਾਹਤ ਮਿਲੇਗੀ ਜੋ 2 ਦਹਾਕਿਆਂ ਤੋਂ ਇਸ ਵਿੱਤੀ ਬੋਝ ਨਾਲ ਜੂਝ ਰਹੇ ਹਨ।
ਚੇਅਰਮੈਨ ਰਮਨ ਬਹਿਲ ਨੇ ਦੱਸਿਆ ਕਿ ਮੁਆਫ਼ ਕੀਤੀ ਗਈ ਕੁੱਲ 68 ਕਰੋੜ ਰੁਪਏ ਦੀ ਰਕਮ ਵਿੱਚ ਲਗਭਗ 30 ਕਰੋੜ ਰੁਪਏ ਮੂਲ, 22 ਕਰੋੜ ਰੁਪਏ ਵਿਆਜ ਅਤੇ 15 ਕਰੋੜ ਰੁਪਏ ਜੁਰਮਾਨਾ ਵਿਆਜ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਹ ਕਰਜ਼ੇ ਪਿਛਲੇ ਦੋ ਦਹਾਕਿਆਂ ਤੋਂ ਬਕਾਇਆ ਹਨ, ਜਿਸ ਦੌਰਾਨ ਪ੍ਰਭਾਵਿਤ ਵਿਅਕਤੀਆਂ ਨੇ ਵਾਰ-ਵਾਰ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਤੱਕ ਪਹੁੰਚ ਕੀਤੀ, ਪਰ ਉਨ੍ਹਾਂ ਦੇ ਕੰਨੀ ਜੂੰ ਤੱਕ ਨਹੀਂ ਸਰਕੀ।
ਇਸ ਦੌਰਾਨ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ ਵੱਲੋਂ ਜਾਰੀ ਕੀਤੇ ਗਏ ਕਰਜ਼ਿਆਂ ਦੀ 84 ਫੀਸਦੀ ਉਚੇਰੀ ਮੁੜ ਅਦਾਇਗੀ ਸਫਲਤਾ ਦਰ ਦਾ ਜਿਕਰ ਕਰਦਿਆਂ ਰਮਨ ਬਹਿਲ ਨੇ ਕਿਹਾ ਕਿ ਇਹ ਉਚੇਰੀ ਮੁੜ ਅਦਾਇਗੀ ਦਰ ਇਨ੍ਹਾਂ ਵਿਅਕਤੀਆਂ ਵੱਲੋਂ ਕਰਜੇ ਦੀ ਵਰਤੋਂ ਉਪਲਬਧ ਸਰੋਤਾਂ ਨੂੰ ਜੁਟਾ ਕੇ ਰੋਜੀ-ਰੋਟੀ ਕਮਾਉਣ ਅਤੇ ਪ੍ਰਾਪਤ ਕੀਤੇ ਗਏ ਕਰਜ਼ਿਆਂ ਦੀ ਅਦਾਇਗੀ ਕਰਨ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ ਕੁਝ ਕਰਜ਼ੇ ਮੂਲ ਕਰਜ਼ਦਾਰਾਂ ਦੇ ਦੇਹਾਂਤ ਜਾਂ ਨਾ ਟਾਲਣਯੋਗ ਹਾਲਾਤਾਂ ਕਾਰਨ ਅਦਾਇਗੀ ਨਾ ਕੀਤੇ ਜਾ ਸਕਣ ਕਾਰਨ ਬਕਾਇਆ ਸਨ, ਇਸ ਲਈ ਪੰਜਾਬ ਸਰਕਾਰ ਨੇ ਇਨ੍ਹਾਂ ਕਰਜ਼ਿਆਂ ਨੂੰ ਮੁਆਫ਼ ਕਰਨ ਦਾ ਫੈਸਲਾ ਕੀਤਾ ਹੈ।
ਚੇਅਰਮੈਨ ਰਮਨ ਬਹਿਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਰਗਰਮ ਪਹੁੰਚ ਦੀ ਵਿਸ਼ੇਸ਼ ਤੌਰ 'ਤੇ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਪਰਿਵਾਰਾਂ ਦੁਆਰਾ ਬੇਨਤੀ ਕੀਤੇ ਜਾਣ ‘ਤੇ ਮੁੱਖ ਮੰਤਰੀ ਨੇ ਨਿੱਜੀ ਤੌਰ 'ਤੇ ਵਿੱਤ ਮੰਤਰੀ ਨੂੰ ਵਿੱਤੀ ਸਾਲ 2025-26 ਲਈ ਰਾਜ ਬਜਟ ਤਿਆਰ ਕਰਦੇ ਸਮੇਂ ਕਰਜ਼ਾ ਮੁਆਫੀ ਲਈ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਸਨ।
ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਇਹ ਕਰਜ਼ਾ ਮੁਆਫੀ ਹਜ਼ਾਰਾਂ ਪਰਿਵਾਰਾਂ ਨੂੰ ਮਹੱਤਵਪੂਰਨ ਰਾਹਤ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ ਕਿ ਇਹ ਫੈਸਲਾ 'ਆਪ' ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਮਾਜਿਕ ਨਿਆਂ ਅਤੇ ਸਮਾਜ ਦੇ ਸਭ ਤੋਂ ਕਮਜ਼ੋਰ ਵਰਗਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਦਾ ਪ੍ਰਮਾਣ ਹੈ।