ਕਮਲ ਕੌਰ ਕਤਲ ਦੇ ਮੁੱਖ ਸਾਜਿਸ਼ਘਾੜੇ ਅੰਮ੍ਰਿਤਪਾਲ ਖਿਲਾਫ ਲੁੱਕ-ਆਊਟ ਨੋਟਿਸ ਜਾਰੀ
ਅਸ਼ੋਕ ਵਰਮਾ
ਬਠਿੰਡਾ, 14 ਜੂਨ 2025 : ਬਠਿੰਡਾ ਪੁਲਿਸ ਨੇ ਕਮਲ ਕੌਰ ਭਾਬੀ ਦੇ ਕਤਲਕਾਂਡ ਦੇ ਮਾਸਟਰਮਾਈਂਡ ਅੰਮ੍ਰਿਤਪਾਲ ਸਿੰਘ ਮਹਿਰੋਂ ਖਿਲਾਫ ਲੁੱਕ ਆਊਟ ਕਾਰਨਰ ਨੋਟਿਸ ਜਾਰੀ ਕਰ ਦਿੱਤਾ ਹੈ। ਪੁਲਿਸ ਨੂੰ ਸ਼ੱਕ ਹੈ ਕਿ ਆਪਣੇ ਖਿਲਾਫ ਕਤਲ ਦਾ ਮੁਕੱਦਮਾ ਦਰਜ ਹੋਣ ਤੋਂ ਬਾਅਦ ਮਹਿਰੋਂ ਵਿਦੇਸ਼ ਭੱਜ ਸਕਦਾ ਹੈ।
ਇਹੋ ਕਾਰਨ ਹੈ ਕਿ ਅੱਜ ਸਵੇਰ ਵਕਤ ਬਠਿੰਡਾ ਪੁਲਿਸ ਨੇ ਤਰਜੀਹੀ ਅਧਾਰ ਤੇ ਕਾਰਵਾਈ ਕਰਦਿਆਂ ਵੱਡਾ ਐਕਸ਼ਨ ਕੀਤਾ ਹੈ। ਦੱਸ ਦੇਈਏ ਕਿ ਸੋਸ਼ਲ ਮੀਡੀਆ ਤੇ ਸਰਗਰਮ ਕੰਚਨ ਕੁਮਾਰੀ ਉਰਫ ਕਮਲ ਕੌਰ ਭਾਬੀ ਦੀ ਕੁੱਝ ਦਿਨ ਪਹਿਲਾਂ ਭੇਤਭਰੀ ਹਲਾਤ ਵਿੱਚ ਲਾਸ਼ ਮਿਲੀ ਸੀ।
ਇਸ ਕਤਲ ਮਾਮਲੇ ਵਿੱਚ ਕਾਰਵਾਈ ਕਰਦਿਆਂ ਪੁਲਿਸ ਨੇ ਜਸਪ੍ਰੀਤ ਸਿੰਘ ਅਤੇ ਨਿਮਰਤਜੀਤ ਸਿੰਘ ਨਾਮੀ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਨੌਜਵਾਨ ਨਿਹੰਗ ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਸਾਥੀ ਦੱਸੇ ਜਾ ਰਹੇ ਹਨ।
ਸ਼ੁੱਕਰਵਾਰ ਨੂੰ ਵੀਡੀਓ ਜਾਰੀ ਕਰਕੇ ਅੰਮ੍ਰਿਤਪਾਲ ਸਿੰਘ ਮਹਿਰੋਂ ਨੇ ਕਮਲ ਕੌਰ ਦੇ ਕਤਲ ਦੀ ਜਿੰਮੇਵਾਰੀ ਲਈ ਸੀ। ਇਸ ਤੋਂ ਕੁੱਝ ਦਿਨ ਪਹਿਲਾਂ ਮਹਿਰੋਂ ਮ੍ਰਿਤਕ ਕੰਚਨ ਕੁਮਾਰੀ (ਕਮਲ ਕੌਰ) ਦੇ ਘਰ ਗਿਆ ਸੀ ਅਤੇ ਉਸ ਨੂੰ ਸੋਸ਼ਲ ਮੀਡੀਆ ਤੇ ਇਤਾਰਜਯੋਗ ਅਤੇ ਅਸ਼ਲੀਲਤਾ ਭਰਪੂਰ ਵੀਡੀਓ ਆਦਿ ਪਾਉਣਾ ਬੰਦ ਕਰਨ ਸਬੰਧੀ ਚਿਤਾਵਨੀ ਵੀ ਦਿੱਤੀ ਸੀ।
ਐਸਐਸਪੀ ਬਠਿੰਡਾ ਅਮਨੀਤ ਕੌਂਡਲ ਦਾ ਕਹਿਣਾ ਸੀ ਕਿ ਅੰਮ੍ਰਿਤਪਾਲ ਸਿੰਘ ਮਹਿਰੋਂ ਖਿਲਾਫ ਲੁੱਕ ਆਊਟ ਕਾਰਨਰ ਨੋਟਿਸ ਜਾਰੀ ਕੀਤਾ ਹੈ ਤਾਂ ਜੋ ਉਹ ਵਿਦੇਸ਼ ਨਾਂ ਭੱਜ ਸਕੇ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਦੇ ਨਾਲ ਨਾਲ ਪੁਲਿਸ ਟੀਮਾਂ ਮਹਿਰੋਂ ਨੂੰ ਕਾਬੂ ਕਰਨ ਲਈ ਲਗਾਤਾਰ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ।