ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਬਠਿੰਡਾ ਜ਼ਿਲ੍ਹੇ ‘ਚ ਵੱਖ-ਵੱਖ ਪਾਬੰਦੀਆਂ ਲਾਗੂ
ਅਸ਼ੋਕ ਵਰਮਾ
ਬਠਿੰਡਾ, 18 ਜੂਨ 2025: ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਧਾਰਾ 163 ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਪਾਬੰਦੀਆਂ ਸਬੰਧੀ ਹੁਕਮ ਜਾਰੀ ਕੀਤੇ ਹਨ।
ਜਾਰੀ ਹੁਕਮ ਅਨੁਸਾਰ ਜ਼ਿਲ੍ਹੇ ਦੀ ਹਦੂਦ ਅੰਦਰ ਅਣ-ਅਧਿਕਾਰਤ ਸੀਮਨ ਦਾ ਭੰਡਾਰ ਕਰਨ,,ਟਰਾਂਸਪਰਟੇਸ਼ਨ ਕਰਨ, ਵਰਤਣ ਜਾਂ ਵੇਚਣ ‘ਤੇ ਪਾਬੰਦੀ ਲਗਾਈ ਜਾਂਦੀ ਹੈ।
ਹੁਕਮ ਰਾਹੀਂ ਜ਼ਿਲੇ ਦੇ ਪੇਂਡੂ/ਸ਼ਹਿਰੀ ਖੇਤਰਾਂ ਵਿਚ ਲਿਖਤੀ ਪ੍ਰਵਾਨਗੀ ਤੋਂ ਬਗੈਰ ਕੱਚੀਆਂ ਖੂਹੀਆਂ ਪੁੱਟਣ ’ਤੇ ਪਾਬੰਦੀ ਲਗਾਈ ਜਾਂਦੀ ਹੈ। ਕੋਈ ਵੀ ਵਿਅਕਤੀ ਕਾਰਜਕਾਰੀ ਇੰਜੀਨੀਅਰ, ਜਨ ਸਿਹਤ ਮੰਡਲ, ਬਠਿੰਡਾ ਜਾਂ ਕਾਰਜਕਾਰੀ ਇੰਜੀਨੀਅਰ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਬਠਿੰਡਾ ਦੀ ਲਿਖਤੀ ਪ੍ਰਵਾਨਗੀ ਅਤੇ ਦੇਖ-ਰੇਖ ਤੋਂ ਬਗੈਰ ਕੱਚੀਆਂ ਖੂਹੀਆਂ ਨਹੀਂ ਪੁੱਟੇਗਾ/ਪੁਟਾਏਗਾ।
ਹੁਕਮ ਅਨੁਸਾਰ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਵਿਵਸਥਾ ਅਤੇ ਸਮਾਜਿਕ ਸ਼ਾਂਤੀ ਨੂੰ ਮੁੱਖ ਰੱਖਦੇ ਹੋਏ ਹਰ ਪੀ.ਜੀ. ਮਾਲਕ ਆਪਣੀ ਪੀ.ਜੀ. ਨੂੰ ਰਜਿਸਟਰ ਕਰਵਾਉਂਦੇ ਹੋਏ ਪੀ.ਜੀ. ‘ਚ ਰਹਿਣ ਵਾਲੇ ਬੱਚਿਆਂ/ਕਿਰਾਏਦਾਰਾਂ ਦੀ ਸਬੰਧਤ ਪੁਲਿਸ ਥਾਣੇ/ਸਾਂਝ ਕੇਂਦਰ ਰਾਹੀਂ ਰਜਿਸਟ੍ਰੇਸ਼ਨ/ਵੈਰੀਫ਼ਿਕੇਸ਼ਨ ਕਰਵਾਉਣ ਦਾ ਜ਼ਿੰਮੇਵਾਰ ਹੋਵੇਗਾ। ਹੁਕਮ ਮੁਤਾਬਕ ਪੀ.ਜੀ. ਮਾਲਕਾਂ ਨੂੰ ਇਹ ਵੀ ਹੁਕਮ ਦਿੱਤਾ ਹੈ ਕਿ ਉਹ ਆਪਣੇ ਪੀ.ਜੀ. ਵਿਚ ਰਹਿਣ ਵਾਲੇ ਵਿਦਿਆਰਥੀਆਂ, ਕਿਰਾਏਦਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅੱਗ ਬੁਝਾਊ ਯੰਤਰ ਅਤੇ ਸੀ.ਸੀ.ਟੀ.ਵੀ. ਕੈਮਰੇ ਜ਼ਰੂਰ ਲਗਾਉਣ ਤਾਂ ਜੋ ਕੋਈ ਵੀ ਸ਼ਰਾਰਤੀ ਅਨਸਰ ਵਿਦਿਆਰਥੀ/ਕਿਰਾਏਦਾਰ ਦੀ ਆੜ ਵਿਚ ਸਮਾਜਿਕ ਸ਼ਾਂਤੀ ਭੰਗ ਨਾ ਕਰ ਸਕੇ।
ਜਾਰੀ ਹੁਕਮ ਅਨੁਸਾਰ ਸੈਂਟਰਲ ਜੇਲ੍ਹ ਬਠਿੰਡਾ ਦੀ ਹਦੂਦ ਅੰਦਰ ਅਤੇ ਹਦੂਦ ਤੋਂ 500 ਮੀਟਰ ਤੱਕ ਏਰੀਏ ਚ ਡਰੋਨ ਕੈਮਰਾ ਚਲਾਉਣ/ਉਡਾਉਣ ਤੇ ਮੁਕੰਮਲ ਪਾਬੰਦੀ ਲਗਾਈ ਹੈ। ਇਸ ਤੋਂ ਇਲਾਵਾ ਜੇਲ੍ਹ ਦੇ 500 ਮੀਟਰ ਘੇਰੇ ਦੇ ਅੰਦਰ ਕਿਸੇ ਵੀ ਵਿਅਕਤੀ ਦੇ ਘੁੰਮਣ ਫ਼ਿਰਨ ਤੇ ਪਾੰਬਦੀ ਲਗਾਉਣ ਲਈ (ਸਿਵਾਏ ਮੇਨ ਰੋਡ) ਸ਼ਾਮ 8 ਤੋਂ ਸਵੇਰੇ 6 ਵਜੇ ਤੱਕ ਅਧੀਨ ਧਾਰਾ 163 ਲਗਾਈ ਗਈ ਹੈ।
ਜਾਰੀ ਹੁਕਮ ਅਨੁਸਾਰ ਜ਼ਿਲ੍ਹੇ ‘ਚ ਰੈਲੀਆਂ, ਮੀਟਿੰਗਾਂ ਅਤੇ ਧਰਨੇ ਆਦਿ ਵਿਚ ਹੋਣ ਵਾਲੀ ਹਰ ਪ੍ਰਕਾਰ ਦੀ ਭੜਕਾਊ ਬਿਆਨਬਾਜੀ/ਵਿਅਕਤੀ ਵਿਸ਼ੇਸ਼, ਧਰਮ, ਜਾਤ ਜਾਂ ਸਮਾਜ ਦੇ ਕਿਸੇ ਸਮੁਦਾਇ ਨੂੰ ਠੇਸ ਪਹੁੰਚਾਉਣ ਵਾਲੇ ਨਫ਼ਰਤੀ ਭਾਸ਼ਣ ਆਦਿ ਦੇਣ ‘ਤੇ ਮੁਕਮੰਲ ਰੋਕ ਲਗਾਈ ਗਈ ਹੈ।
ਹੁਕਮ 9 ਅਗਸਤ 2025 ਤੱਕ ਲਾਗੂ ਰਹਿਣਗੇ।