ਸ਼ਹੀਦ ਭਗਤ ਸਿੰਘ ਸਟੇਡੀਅਮ ਬਠਿੰਡਾ ਵਿਖੇ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਕੌਮਾਂਤਰੀ ਯੋਗਾ ਦਿਵਸ
ਅਸ਼ੋਕ ਵਰਮਾ
ਬਠਿੰਡਾ, 19 ਜੂਨ 2025: ਸੀ.ਐਮ. ਦੀ ਯੋਗਸ਼ਾਲਾ ਦੇ ਬੈਨਰ ਹੇਠ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੀ ਅਗਵਾਈ ਹੇਠ ਸਥਾਨਕ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿਖੇ 21 ਜੂਨ 2025 ਨੂੰ ਜ਼ਿਲ੍ਹਾ ਪੱਧਰੀ ਯੋਗਾ ਦਿਵਸ ਸ਼ੁਭਾ 6 ਤੋਂ ਸਵੇਰੇ 7 ਵਜੇ (ਇੱਕ ਘੰਟਾ) ਤੱਕ ਮਨਾਇਆ ਜਾਵੇਗਾ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਨੇ ਇਥੇ ਕਰਵਾਏ ਜਾਣ ਵਾਲੇ ਇਸ ਸਮਾਗਮ ਦੀਆਂ ਆਗਾਂਊ ਤਿਆਰੀਆਂ ਸਬੰਧੀ ਕੀਤੀ ਗਈ ਰੀਵਿਊ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ।
ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਮਾਗਮ ਵਾਲੀ ਥਾਂ ‘ਤੇ ਐਬੂਲੈਂਸ ਤੇ ਮੈਡੀਕਲ ਟੀਮਾਂ ਦਾ ਪ੍ਰਬੰਧ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਟ੍ਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਪਾਰਕਿੰਗ ਆਦਿ ਦੇ ਲੋੜੀਂਦੇ ਪ੍ਰਬੰਧ ਕਰਨ ਲਈ ਕਿਹਾ। ਉਨ੍ਹਾਂ ਮੰਡੀ ਬੋਰਡ ਨੂੰ ਪੀਣ ਵਾਲੇ ਪਾਣੀ, ਨਗਰ ਨਿਗਮ ਦੇ ਅਧਿਰਾਕੀਆਂ ਨੂੰ ਸਮਾਗਮ ਵਾਲੀ ਥਾਂ ‘ਤੇ ਸਾਫ-ਸਫਾਈ ਨੂੰ ਯਕੀਨੀ ਬਣਾਉਣ ਲਈ ਹਦਾਇਤ ਕੀਤੀ।
ਇਸ ਮੌਕੇ ਸਹਾਇਕ ਕਮਿਸ਼ਨਰ ਜਨਰਲ ਸ੍ਰੀ ਗਗਨਦੀਪ ਸਿੰਘ, ਜ਼ਿਲ੍ਹਾ ਖੇਡ ਅਫਸਰ ਸ਼੍ਰੀ ਪਰਮਿੰਦਰ ਸਿੰਘ, ਆਯੂਰਵੈਦਿਕ ਵਿਭਾਗ ਦੇ ਅਧਿਕਾਰੀ ਡਾ. ਅਨੁਰਾਗ ਗਿਰਧਰ, ਡਾ. ਸੰਦੀਪ, ਜ਼ਿਲ੍ਹਾ ਕੋਆਰਡੀਨੇਟਰ ਸੀਐਮ ਯੋਗਸ਼ਾਲਾ ਸ ਲਵਪ੍ਰੀਤ ਸਿੰਘ, ਟ੍ਰੇਨਰ ਹਰਸ਼ ਕੁਮਾਰ ਤੋਂ ਇਲਾਵਾ ਸਿਹਤ, ਸਿੱਖਿਆ, ਪੁਲਿਸ, ਮਾਰਕਫੈਡ, ਖੁਰਾਕ ਤੇ ਸਿਵਲ ਸਪਲਾਈ ਆਦਿ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।