ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਮੁੜ ਵਸੇਬਾ ਕੇਂਦਰ ਗੁਰਦਾਸਪੁਰ ਦਾ ਦੌਰਾ
ਰੰਗਲਾ ਪੰਜਾਬ ਸਕੀਮ, ਡੇਂਗੂ, ਚਿਕਨਗੁਨੀਆ ਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਅਧਿਕਾਰੀਆਂ ਨਾਲ ਸਮੀਖਿਆ ਕੀਤੀ
ਰੋਹਿਤ ਗੁਪਤਾ
ਗੁਰਦਾਸਪੁਰ, 20 ਜੂਨ - ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਨਸ਼ਾ ਛੁਡਾਊ ਅਤੇ ਪੁਨਰਵਾਸ ਕੇਂਦਰ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਇੱਥੇ ਇਲਾਜ ਕਰਵਾ ਰਹੇ ਮਰੀਜ਼ਾਂ ਦੀ ਸਿਹਤ ਦਾ ਹਾਲ ਜਾਣਿਆ ਅਤੇ ਨਾਲ ਹੀ ਉਨ੍ਹਾਂ ਨੂੰ ਨਸ਼ੇ ਛੱਡ ਕੇ ਤੰਦਰੁਸਤ ਤੇ ਖ਼ੁਸ਼ਹਾਲ ਜੀਵਨ ਬਸਰ ਕਰਨ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਚਲਾਈ ਜਾ ਰਹੀ ਹੈ ਅਤੇ ਅਵਾਮ ਦੇ ਸਹਿਯੋਗ ਨਾਲ ਰਾਜ ਸਰਕਾਰ ਇਸ ਯੁੱਧ ਵਿੱਚ ਫ਼ਤਿਹ ਹਾਸਲ ਕਰੇਗੀ।
ਆਪਣੇ ਗੁਰਦਾਸਪੁਰ ਦੌਰੇ ਦੌਰਾਨ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ 'ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮੁਹਿੰਮ' ਤਹਿਤ ਗੁਰਦਾਸਪੁਰ ਸ਼ਹਿਰ ਦੇ ਕੋਟਲੀ ਨੰਗਲ ਅਤੇ ਗੀਤਾ ਭਵਨ ਇਲਾਕੇ ਵਿੱਚ ਡੇਂਗੂ ਜਾਗਰੂਕਤਾ ਮੁਹਿੰਮ ਦੀ ਅਗਵਾਈ ਕੀਤੀ ਗਈ। ਕੈਬਨਿਟ ਮੰਤਰੀ ਦੀ ਅਗਵਾਈ ਹੇਠ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲੋਕਾਂ ਦੇ ਘਰਾਂ ਵਿੱਚ ਲਾਰਵੇ ਦੀ ਜਾਂਚ ਕੀਤੀ ਗਈ ਅਤੇ ਲਾਰਵੇ ਨੂੰ ਮੌਕੇ 'ਤੇ ਨਸ਼ਟ ਕੀਤਾ ਗਿਆ। ਇਸ ਮੌਕੇ ਸਿਹਤ ਮੰਤਰੀ ਵੱਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਅ ਬਾਰੇ ਜਾਗਰੂਕ ਵੀ ਕੀਤਾ ਗਿਆ।
ਇਸ ਤੋਂ ਬਾਅਦ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਵਿਧਾਇਕਾਂ, ਚੇਅਰਮੈਨਾਂ, ਜਨਤਕ ਨੁਮਾਇੰਦਿਆਂ ਤੇ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰੰਗਲਾ ਪੰਜਾਬ ਵਿਕਾਸ ਯੋਜਨਾ, ਡੇਂਗੂ-ਚਿਕਨਗੁਨੀਆ ਰੋਕਥਾਮ ਅਤੇ ਨਸ਼ਾ ਵਿਰੋਧੀ ਮੁਹਿੰਮ ਦੀ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਮੁਕਤੀ ਮੁਹਿੰਮ ਤਹਿਤ ਬਹੁਤ ਸਾਰੇ ਵਿਅਕਤੀ ਨਸ਼ਾ ਛੱਡਣ ਦਾ ਮਨ ਬਣਾ ਚੁੱਕੇ ਹਨ ਅਤੇ ਸਿਹਤ ਵਿਭਾਗ ਵੱਲੋਂ ਸਾਰੇ ਮਰੀਜ਼ਾਂ ਦਾ ਮੁਫ਼ਤ ਇਲਾਜ ਕਰਕੇ ਨਸ਼ਾ ਛੁਡਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਚੱਲ ਰਹੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਬੈੱਡਾਂ ਦੀ ਗਿਣਤੀ ਵਧਾਈ ਜਾਵੇ ਤਾਂ ਜੋ ਵੱਧ ਤੋਂ ਵੱਧ ਮਰੀਜ਼ਾਂ ਨੂੰ ਓਥੇ ਦਾਖਲ ਕਰਕੇ ਉਨ੍ਹਾਂ ਦਾ ਇਲਾਜ ਕੀਤਾ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਬੰਧੀ ਕਿਸੇ ਨਿੱਜੀ ਹਸਪਤਾਲ ਜਾਂ ਕਿਸੇ ਖ਼ਾਲੀ ਪਈ ਸਰਕਾਰੀ ਇਮਾਰਤ ਵਿੱਚ ਵੀ ਇਹ ਸਹੂਲਤ ਦਿੱਤੀ ਜਾ ਸਕਦੀ ਹੈ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਮਰੀਜ਼ਾਂ ਦੇ ਇਲਾਜ ਦੇ ਨਾਲ-ਨਾਲ ਉਨ੍ਹਾਂ ਨੂੰ ਯੋਗਾ, ਖੇਡ ਗਤੀਵਿਧੀਆਂ ਅਤੇ ਰੁਜ਼ਗਾਰ ਮੁਖੀ ਸਿਖਲਾਈ ਪ੍ਰੋਗਰਾਮਾਂ ਨਾਲ ਵੀ ਜੋੜਿਆ ਜਾ ਰਿਹਾ ਹੈ। ਉਨ੍ਹਾਂ ਨੂੰ ਸਿਖਲਾਈ ਪ੍ਰਾਪਤ ਸਲਾਹਕਾਰਾਂ ਦੁਆਰਾ ਸਲਾਹ ਦਿੱਤੀ ਜਾਂਦੀ ਹੈ।
ਰੰਗਲਾ ਪੰਜਾਬ ਵਿਕਾਸ ਯੋਜਨਾ ਬਾਰੇ ਗੱਲ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਤਹਿਤ ਜ਼ਿਲ੍ਹੇ ਵਿੱਚ 35 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਹਰ ਵਿਧਾਨ ਸਭਾ ਹਲਕੇ ਵਿੱਚ 5 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ ਜਿਸ ਤਹਿਤ ਇਸ ਯੋਜਨਾ ਰਾਹੀਂ ਪਿੰਡਾਂ ਅਤੇ ਇਲਾਕਿਆਂ ਵਿੱਚ ਬੁਨਿਆਦੀ ਢਾਂਚਾ ਵਿਕਸਤ ਕੀਤਾ ਜਾਵੇਗਾ ਅਤੇ ਸਥਾਨਕ ਪੱਧਰ 'ਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ ਜਾਣਗੇ।
ਡੇਂਗੂ ਅਤੇ ਚਿਕਨਗੁਨੀਆ ਦੀ ਰੋਕਥਾਮ ਬਾਰੇ ਸਿਹਤ ਮੰਤਰੀ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਦੇ ਮੁਕਾਬਲੇ ਜ਼ਿਲ੍ਹੇ ਵਿੱਚ ਇਨ੍ਹਾਂ ਬਿਮਾਰੀਆਂ ਦੇ ਮਾਮਲਿਆਂ ਵਿੱਚ ਕਾਫ਼ੀ ਕਮੀ ਆਈ ਹੈ। ਉਨ੍ਹਾਂ ਕਿਹਾ ਕਿ ਆਸ਼ਾ ਵਰਕਰਾਂ, ਨਰਸਿੰਗ ਵਿਦਿਆਰਥੀਆਂ ਨੂੰ ਸਿਖਲਾਈ ਦਿੱਤੀ ਗਈ ਹੈ, ਜੋ ਘਰ-ਘਰ ਜਾ ਕੇ ਲੋਕਾਂ ਨੂੰ ਮੱਛਰਾਂ ਦੇ ਲਾਰਵੇ ਅਤੇ ਉਨ੍ਹਾਂ ਦੁਆਰਾ ਫੈਲਣ ਵਾਲੀਆਂ ਬਿਮਾਰੀਆਂ ਬਾਰੇ ਜਾਗਰੂਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਡੇਂਗੂ ਵਿਰੋਧੀ ਗਤੀਵਿਧੀਆਂ ਨੂੰ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇਗਾ, ਵਿਸ਼ੇਸ਼ ਤੌਰ 'ਤੇ ਹੌਟਸਪੌਟ ਖੇਤਰਾਂ 'ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀ ਨੂੰ ਹਦਾਇਤ ਕੀਤੀ ਕਿ ਆਸ਼ਾ ਵਰਕਰਾਂ ਅਤੇ ਨਰਸਿੰਗ ਵਿਦਿਆਰਥੀਆਂ ਦੀ ਭਾਗੀਦਾਰੀ ਨੂੰ ਹੋਰ ਵਧਾਇਆ ਜਾਵੇ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਸ਼ਾਨਦਾਰ ਕੰਮ ਲਈ ਸਨਮਾਨਿਤ ਵੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗਾਂ ਦੇ ਕਰਮਚਾਰੀਆਂ ਨੂੰ ਲਾਰਵੇ ਦੀ ਪਛਾਣ ਕਰਨ ਅਤੇ ਇਸਦੇ ਸਰੋਤ ਨੂੰ ਖ਼ਤਮ ਕਰਨ ਦੇ ਉਪਾਵਾਂ ਬਾਰੇ ਜਾਣਕਾਰੀ ਦਿੱਤੀ ਜਾਣੀ ਚਾਹੀਦੀ ਹੈ।
ਇਸੇ ਦੌਰਾਨ ਸਿਹਤ ਮੰਤਰੀ ਨੇ ਜਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਉਹ ਜ਼ਿਲ੍ਹੇ ਦੇ ਹਰ ਸ਼ਹਿਰ ਤੇ ਪਿੰਡ ਵਿੱਚ ਪੀਣ ਵਾਲੇ ਪਾਣੀ ਦੀ ਲਗਾਤਾਰ ਸੈਂਪਲਿੰਗ ਕਰਨ। ਉਨ੍ਹਾਂ ਕਿਹਾ ਕਿ ਜਿਹੜੇ ਪਿੰਡਾਂ ਵਿੱਚ ਪਾਣੀ ਸਾਫ਼ ਕਰਨ ਵਾਲੇ ਆਰ.ਓ. ਲੱਗੇ ਹੋਏ ਹਨ ਉਨ੍ਹਾਂ ਦੀ ਸਹੀ ਦੇਖ-ਰੇਖ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਸਾਰੇ ਆਰ.ਓ. ਸਹੀ ਢੰਗ ਨਾਲ ਕੰਮ ਕਰਦੇ ਹੋਣ। ਉਨ੍ਹਾਂ ਕਿਹਾ ਕਿ ਅਵਾਮ ਨੂੰ ਪੀਣ ਲਈ ਸਾਫ਼ ਤੇ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਲਈ ਰਾਜ ਸਰਕਾਰ ਵਚਨਬੱਧ ਹੈ ਅਤੇ ਇਸ ਵਿੱਚ ਕਿਸੇ ਤਰਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਸਿਹਤ ਮੰਤਰੀ ਨੂੰ ਮੁੜ ਵਸੇਬਾ ਕੇਂਦਰ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ 2 ਸਰਕਾਰੀ ਨਸ਼ਾ ਛੁਡਾਊ ਕੇਂਦਰ, ਇੱਕ ਪੁਨਰਵਾਸ ਕੇਂਦਰ ਅਤੇ ਇੱਕ ਸੈਮੀ ਨਸ਼ਾ ਛੁਡਾਊ ਕੇਂਦਰ ਚਲਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਤਿੰਨ ਨਿੱਜੀ ਨਸ਼ਾ ਛੁਡਾਊ ਕੇਂਦਰ ਵੀ ਚੱਲ ਰਹੇ ਹਨ ਅਤੇ ਇਨ੍ਹਾਂ ਸਾਰੇ ਕੇਂਦਰਾਂ ਵਿੱਚ 120 ਬੈੱਡਾਂ ਦੀ ਸਹੂਲਤ ਉਪਲਬਧ ਹੈ। ਉਨ੍ਹਾਂ ਕਿਹਾ ਕਿ ਮਾਣਯੋਗ ਮੰਤਰੀ ਸਾਹਿਬ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ ਬੈੱਡਾਂ ਦੀ ਸੰਖਿਆ ਵਿੱਚ ਹੋਰ ਵਾਧਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 34 ਸਰਕਾਰੀ ਓਟ ਕੇਂਦਰ ਅਤੇ 3 ਨਿੱਜੀ ਓਟ ਕੇਂਦਰ ਵੀ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਾ ਛੱਡ ਰਹੇ ਮਰੀਜ਼ਾਂ ਦਾ ਇਲਾਜ ਕਰਨ ਤੋਂ ਇਲਾਵਾ ਉਨ੍ਹਾਂ ਦੀ ਕੌਂਸਲਿੰਗ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਕਿੱਤਾਮੁਖੀ ਸਿਖਲਾਈ ਵੀ ਦਿੱਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨੌਜਵਾਨਾਂ ਨੂੰ ਰੁਜ਼ਗਾਰ ਨਾਲ ਜੋੜਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਿਸ਼ਨ ਉਮੀਦ ਵੀ ਚਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਪੂਰੀ ਸੁਹਿਰਦਤਾ ਨਾਲ ਕੰਮ ਕਰ ਰਿਹਾ ਹੈ ਅਤੇ ਸੂਬੇ ਨੂੰ ਨਸ਼ਾ ਮੁਕਤ ਕਰਨ ਵਿੱਚ ਜ਼ਿਲ੍ਹਾ ਗੁਰਦਾਸਪੁਰ ਆਪਣਾ ਮੋਹਰੀ ਰੋਲ ਅਦਾ ਕਰੇਗਾ।
ਇਸ ਮੌਕੇ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ, ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ, ਹਲਕਾ ਇੰਚਾਰਜ ਫ਼ਤਿਹਗੜ੍ਹ ਚੂੜੀਆਂ ਸ. ਬਲਬੀਰ ਸਿੰਘ ਪੰਨੂ, ਸ੍ਰੀ ਸ਼ਮਸ਼ੇਰ ਸਿੰਘ ਦੀਨਾਨਗਰ, ਨਗਰ ਸੁਧਾਰ ਟਰੱਸਟ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਰਾਜੀਵ ਸ਼ਰਮਾ ਤੋਂ ਇਲਾਵਾ ਐੱਸ.ਐੱਸ.ਪੀ. ਬਟਾਲਾ ਜਨਾਬ ਸੋਹੇਲ ਕਾਸਿਮ ਮੀਰ, ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਆਦਿੱਤਯ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ, ਐੱਸ.ਡੀ.ਐੱਮ. ਦੀਨਾਨਗਰ ਸ. ਜਸਪਿੰਦਰ ਸਿੰਘ, ਐੱਸ.ਪੀ. ਜੁਗਰਾਜ ਸਿੰਘ, ਐੱਸ.ਡੀ.ਐੱਮ. ਗੁਰਦਾਸਪੁਰ ਸ. ਮਨਜੀਤ ਸਿੰਘ ਰਾਜਲਾ, ਐੱਸ.ਡੀ.ਐੱਮ. ਬਟਾਲਾ ਸ੍ਰੀ ਵਿਕਰਮਜੀਤ ਸਿੰਘ, ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਸ. ਗੁਰਮੰਦਰ ਸਿੰਘ, ਸਹਾਇਕ ਕਮਿਸ਼ਨਰ ਸ੍ਰੀ ਰੁਪਿੰਦਰਪਾਲ ਸਿੰਘ, ਸ੍ਰੀ ਕੁਲਦੀਪ ਰਾਜ, ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਸਮੇਤ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਡਾ. ਜਸਵਿੰਦਰ ਸਿੰਘ, ਸਹਾਇਕ ਸਿਵਲ ਸਰਜਨ ਡਾ ਲਲਿਤ ਮੋਹਨ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ ਤੇਜਿੰਦਰ ਕੌਰ, ਜ਼ਿਲ੍ਹਾ ਐਪੀਡਮੋਲੋਜਿਸਟ ਡਾ. ਗੁਰਪ੍ਰੀਤ ਕੌਰ, ਡਾ ਮਮਤਾ, ਡਾ ਅੰਕੁਰ, ਸ਼੍ਰੀਮਤੀ ਰੁਪਿੰਦਰ ਕੌਰ, ਜ਼ਿਲ੍ਹਾ ਮਾਸ ਮੀਡੀਆ ਵਿੰਗ ਦੀ ਟੀਮ, ਆਈਡੀਐਸਪੀ ਦੀ ਸਾਰੀ ਟੀਮ ਨਰਸਿੰਗ ਵਿਦਿਆਰਥਣਾਂ, ਆਸ਼ਾ ਵਰਕਰਾਂ ਤੇ ਐਂਟੀ ਲਾਰਵਾ ਵਿੰਗ ਦਾ ਸਾਰਾ ਸਟਾਫ਼ ਮੌਜੂਦ ਸੀ।