ਜ਼ਿਲ੍ਹਾ ਪੱਧਰੀ ਅੰਤਰ-ਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮਨਾਇਆ
ਹਰਜਿੰਦਰ ਸਿੰਘ ਭੱਟੀ
- ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕੀਤੀ ਵਿਸ਼ੇਸ਼ ਤੌਰ ਤੇ ਸ਼ਿਰਕਤ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਜੂਨ 2025 - ਕੌਮਾਂਤਰੀ ਨਸ਼ਾ ਰੋਕਥਾਮ ਦਿਵਸ ਸਮਾਗਮ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬਹੁਮੰਤਵੀ ਖੇਡ ਸਟੇਡੀਅਮ, ਸੈਕਟਰ- 78 ਵਿਖੇ ਮਨਾਇਆ ਗਿਆ। ਇਸ ਸਮਾਗਮ ਵਿੱਚ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਡਿਪਟੀ ਕਮਿਸ਼ਨਰ ਨੇ ਅਪੀਲ ਕਰਦਿਆਂ ਕਿਹਾ ਕਿ ਨਸ਼ਿਆਂ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਣੂ ਕਰਵਾਉਣ ਲਈ ਨਿਰੰਤਰ ਉਪਰਾਲੇ ਕੀਤੇ ਜਾਣ। ਉਨ੍ਹਾਂ ਕਿਹਾ ਨਸ਼ਾ ਪੀੜਤਾਂ ਦਾ ਇਲਾਜ ਸੰਭਵ ਹੈ ਅਤੇ ਅਜਿਹੇ ਲੋਕਾਂ ਨੂੰ ਸਰਕਾਰੀ ਨਸ਼ਾ ਮੁਕਤੀ ਕੇਂਦਰਾਂ ਵਿੱਚ ਦਾਖਲ ਕਰਵਾਉਣ ਤੇ ਉਚਿਤ ਇਲਾਜ ਕਰਵਾਉਣ ਲਈ ਸਰਕਾਰ ਵੱਲੋਂ ਵਿਆਪਕ ਪੱਧਰ 'ਤੇ ਮੁਹਿੰਮ ਚਲਾਈ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਫਲਤਾ ਦਾ ਜਾਮਾ ਪਹਿਨਾਉਣ ਵਿੱਚ ਹਰੇਕ ਨਾਗਰਿਕ ਦਾ ਸਰਗਰਮ ਸਹਿਯੋਗ ਜਰੂਰੀ ਹੈ।
ਡਿਪਟੀ ਕਮਿਸ਼ਨਰ ਨੇ ਬੱਚਿਆਂ ਨੂੰ ਖੇਡਾਂ ਨਾਲ ਜੁੜਨ ਦਾ ਸੱਦਾ ਦਿੱਤਾ। ਉਹਨਾਂ ਕਿਹਾ ਕਿ ਨਸ਼ਿਆਂ ਤੋਂ ਦੂਰ ਰਹਿ ਕੇ ਇੱਕ ਚੰਗੇ ਨਾਗਰਿਕ ਵੱਜੋ ਆਪਣਾ ਜੀਵਨ ਬਤੀਤ ਕਰਨਾ ਚਾਹੀਦਾ ਹੈ ਅਤੇ ਸਮਾਜ ਸੇਵਾ ਵਿੱਚ ਵਡਮੁੱਲਾ ਯੋਗਦਾਨ ਪਾਉਣਾ ਚਾਹੀਦਾ ਹੈ।