ਸ੍ਰੀ ਹਰਿਮੰਦਰ ਸਾਹਿਬ ’ਤੇ ਹੋਏ ਹਮਲੇ ਦੀ ਯਾਦ ’ਚ SGPC ਵੱਲੋਂ ਸਮਾਗਮ
ਅੰਮ੍ਰਿਤਸਰ, 4 ਜੁਲਾਈ-
ਪੰਜਾਬੀ ਸੂਬਾ ਮੋਰਚੇ ਦੌਰਾਨ ਸਮੇਂ ਦੀ ਸਰਕਾਰ ਵੱਲੋਂ 4 ਜੁਲਾਈ 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਹਮਲੇ ਦੀ ਯਾਦ ਵਿਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ ਸਜਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਰੂਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਬਲਵਿੰਦਰ ਸਿੰਘ ਨੇ ਕੀਤੀ। ਸੰਗਤ ਨੂੰ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਸਰਵਣ ਕਰਵਾਇਆ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਮੇਂ ਸਮੇਂ ਹਾਕਮਾਂ ਨੇ ਸਿੱਖਾਂ ਦੇ ਕੇਂਦਰੀ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਹਮਲੇ ਕਰਕੇ ਸਿੱਖ ਕੌਮ ਨੂੰ ਕਮਜ਼ੋਰ ਕਰਨ ਦੇ ਯਤਨ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਸੂਬਾ ਮੋਰਚੇ ਦੌਰਾਨ ਸਿੱਖਾਂ ਦੀ ਅਵਾਜ਼ ਨੂੰ ਦਬਾਉਣ ਲਈ ਵੀ ਉਸ ਸਮੇਂ ਦੀ ਕਾਂਗਰਸ ਸਰਕਾਰ ਨੇ 4 ਜੁਲਾਈ 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਹਮਲਾ ਕੀਤਾ ਸੀ, ਜਿਸ ਨੂੰ ਕੌਮ ਭੁਲਾ ਨਹੀਂ ਸਕਦੀ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਸਿੱਖਾਂ ਨਾਲ ਸਰਕਾਰਾਂ ਵੱਲੋਂ ਹਮੇਸ਼ਾਂ ਨਾ-ਇਨਸਾਫ਼ੀ ਕੀਤੀ ਜਾਂਦੀ ਰਹੀ ਹੈ। ਭਾਸ਼ਾ ਦੇ ਅਧਾਰ ’ਤੇ ਬਣੇ ਸੂਬਿਆਂ ਸਮੇਂ ਵੀ ਪੰਜਾਬੀਆਂ ਨਾਲ ਵਿਤਕਰਾ ਕੀਤਾ ਗਿਆ। ਇਸ ਦੇ ਵਿਰੋਧ ਵਿਚ ਜਦੋਂ ਸਿੱਖ ਕੌਮ ਨੇ ਪੰਜਾਬੀ ਸੂਬਾ ਮੋਰਚਾ ਲਗਾਇਆ ਤਾਂ ਸਰਕਾਰ ਵੱਲੋਂ ਆਪਣੀ ਤਾਕਤ ਦੀ ਦੁਰਵਰਤੋਂ ਕਰਕੇ ਅਕਾਲੀ ਯੋਧਿਆਂ ਨੂੰ ਜੇਲ੍ਹਾਂ ਵਿਚ ਡੱਕ ਦਿੱਤਾ ਗਿਆ। ਇਸੇ ਤਹਿਤ ਹੀ ਸਰਕਾਰ ਨੇ ਪੁਲਿਸ ਫੋਰਸ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਕੀਤੀ, ਜੋ ਅਜ਼ਾਦ ਭਾਰਤ ਵਿਚ ਸਿੱਖਾਂ ਨੂੰ ਵਿਤਕਰੇ ਵਖਰੇਵੇਂ ਦਾ ਅਹਿਸਾਸ ਕਰਵਾਉਣ ਵਾਲੀ ਸੀ। ਉਨ੍ਹਾਂ ਆਖਿਆ ਕਿ ਸਿੱਖਾਂ ਨੇ ਹਮੇਸ਼ਾ ਇਸ ਦੇਸ਼ ਲਈ ਲੜਾਈਆਂ ਲੜੀਆਂ ਪਰ ਸਰਕਾਰਾਂ ਨੇ ਸਿੱਖਾਂ ਦੀਆਂ ਹੱਕੀ ਮੰਗਾਂ ਨੂੰ ਸਦਾ ਨਜ਼ਰਅੰਦਾਜ਼ ਕੀਤਾ ਹੈ। ਇਸ ਦੌਰਾਨ ਸਜਾਏ ਗਏ ਧਾਰਮਿਕ ਦੀਵਾਨ ਸਮੇਂ ਢਾਡੀ ਜਥਿਆਂ ਨੇ ਵੀ ਸੰਗਤਾਂ ਨਾਲ ਇਤਿਹਾਸ ਦੀ ਸਾਂਝ ਪਾਈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਦਰ ਸਿੰਘ ਮੰਨਣ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਸ. ਬਿਕਰਮਜੀਤ ਸਿੰਘ ਝੰਗੀ, ਸ. ਯੁਵਰਾਜ ਸਿੰਘ, ਸ. ਜਸਪਾਲ ਸਿੰਘ ਢੱਡੇ, ਸ. ਗੁਰਤਿੰਦਰਪਾਲ ਸਿੰਘ ਕਾਦੀਆਂ, ਇੰਚਾਰਜ ਸ. ਜਗਜੀਤ ਸਿੰਘ, ਐਕਸੀਅਨ ਸ. ਜਤਿੰਦਰਪਾਲ ਸਿੰਘ, ਸ. ਅਮਨਦੀਪ ਸਿੰਘ ਅਤੇ ਸੰਗਤਾਂ ਮੌਜੂਦ ਸਨ।