ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਵੱਖ-ਵੱਖ ਵਿਭਾਗਾਂ ਦੀ ਪ੍ਰਗਤੀ ਦਾ ਮੁਲਾਂਕਣ ਕੀਤਾ
- ਅਧਿਕਾਰੀਆਂ ਨੂੰ 25 ਕਰੋੜ ਦੇ ਵਿਕਾਸ ਪ੍ਰੋਜੈਕਟ ਤਹਿ ਸਮੇਂ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ
ਰੋਹਿਤ ਗੁਪਤਾ
ਗੁਰਦਾਸਪੁਰ, 04 ਜੁਲਾਈ 2025 - ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵੱਲੋਂ ਅੱਜ ਆਪਣੇ ਦਫ਼ਤਰ ਵਿਖੇ ਲੋਕ ਨਿਰਮਾਣ ਵਿਭਾਗ, ਸੀਵਰੇਜ ਬੋਰਡ, ਪਾਵਰਕਾਮ, ਨਗਰ ਕੌਂਸਲ ਧਾਰੀਵਾਲ ਤੇ ਕਾਦੀਆਂ ਦੇ ਈ.ਓ., ਸਿੰਚਾਈ ਤੇ ਡਰੇਨਜ਼ ਵਿਭਾਗ, ਪੰਚਾਇਤ ਵਿਭਾਗ ਅਤੇ ਸੈਰ ਸਪਾਟਾ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਵਿਭਾਗਾਂ ਦੀ ਪ੍ਰਗਤੀ ਦਾ ਰੀਵਿਊ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵਿਭਾਗੀ ਅਧਿਕਾਰੀਆਂ ਨੂੰ ਜ਼ਿਲ੍ਹੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਨੂੰ ਤਹਿ ਸਮੇਂ ਅੰਦਰ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ।
ਮੀਟਿੰਗ ਦੌਰਾਨ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਧਾਰੀਵਾਲ ਸ਼ਹਿਰ ਲਈ ਸੀਵਰੇਜ ਪਾਉਣ ਅਤੇ ਸੀਵਰੇਜ ਟਰੀਟਮੈਂਟ ਪਲਾਂਟ ਲਗਾਉਣ ਦਾ ਨਵਾਂ ਪ੍ਰੋਜੈਕਟ ਮਨਜ਼ੂਰ ਕੀਤਾ ਗਿਆ ਹੈ ਅਤੇ ਇਸ ਲਈ ਰਾਜ ਸਰਕਾਰ ਨੇ 25 ਕਰੋੜ ਰੁਪਏ ਵੀ ਜਾਰੀ ਕਰ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਦਾ ਟੈਂਡਰ ਅਗਲੇ ਦਿਨਾਂ ਵਿੱਚ ਲਗਾਇਆ ਜਾ ਰਿਹਾ ਹੈ ਅਤੇ ਜਲਦੀ ਇਸ ਪ੍ਰੋਜੈਕਟ ਉੱਪਰ ਕੰਮ ਸ਼ੁਰੂ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਕਾਦੀਆਂ ਵਿੱਚ 1.96 ਕਰੋੜ ਰੁਪਏ ਦੀ ਲਾਗਤ ਨਾਲ ਵਾਟਰ ਟਰੀਟਮੈਂਟ ਪਲਾਂਟ ਵੀ ਲਗਾਇਆ ਜਾਵੇਗਾ।
ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਬਰਸਾਤੀ ਸੀਜ਼ਨ ਦੌਰਾਨ ਸੀਵਰੇਜ ਦੀ ਸਫ਼ਾਈ ਨੂੰ ਯਕੀਨੀ ਬਣਾਉਣ ਤਾਂ ਜੋ ਬਰਸਾਤਾਂ ਦੌਰਾਨ ਪਾਣੀ ਦੀ ਨਿਕਾਸੀ ਸਹੀ ਢੰਗ ਨਾ ਹੋ ਸਕੇ। ਇਸਦੇ ਨਾਲ ਹੀ ਉਨ੍ਹਾਂ ਨਗਰ ਕੌਂਸਲ ਕਾਦੀਆਂ ਤੇ ਧਾਰੀਵਾਲ ਦੇ ਈ.ਓ. ਨੂੰ ਹਦਾਇਤ ਕੀਤੀ ਕਿ ਬਰਸਾਤਾਂ ਦੌਰਾਨ ਸਫ਼ਾਈ ਦਾ ਵਿਸ਼ੇਸ਼ ਖ਼ਿਆਲ ਰੱਖਿਆ ਜਾਵੇ ਅਤੇ ਰੋਜ਼ਾਨਾਂ ਸ਼ਹਿਰਾਂ ਦੀ ਸਫ਼ਾਈ ਕੀਤੀ ਜਾਵੇ।
ਲੋਕ ਨਿਰਮਾਣ ਵਿਭਾਗ ਦੀ ਪ੍ਰਗਤੀ ਦਾ ਮੁਲਾਂਕਣ ਕਰਦਿਆਂ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੀਆਂ ਪ੍ਰਮੁੱਖ ਸੜਕਾਂ ਦੇ ਨਾਲ ਪਿੰਡਾਂ ਦੀਆਂ ਸੰਪਰਕ ਸੜਕਾਂ ਦੀ ਮੁਰੰਮਤ ਦਾ ਵਿਸ਼ੇਸ਼ ਪ੍ਰੋਗਰਾਮ ਉਲੀਕਿਆ ਗਿਆ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਬੰਧੀ ਮੁਰੰਮਤ ਹੋਣ ਵਾਲੀਆਂ ਸੜਕਾਂ ਉੱਪਰ ਪੱਥਰ ਆਦਿ ਪਾਉਣ ਦਾ ਕੰਮ ਜਲਦੀ ਪੂਰਾ ਕਰ ਲਿਆ ਜਾਵੇ ਤਾਂ ਜੋ ਬਰਸਾਤਾਂ ਖਤਮ ਹੋਣ ਤੋਂ ਬਾਅਦ ਸੜਕਾਂ ਉੱਪਰ ਪ੍ਰੀਮਿਕਸ ਪਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸੜਕਾਂ ਦੀ ਮੁਰੰਮਤ ਹੋਣ ਨਾਲ ਰਾਹਗੀਰਾਂ ਨੂੰ ਵੱਡੀ ਸਹੂਲਤ ਮਿਲੇਗੀ।
ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਨੂੰ ਸ. ਸੇਖਵਾਂ ਨੇ ਕਿਹਾ ਕਿ ਕਾਦੀਆਂ ਹਲਕੇ ਸਮੇਤ ਜ਼ਿਲ੍ਹੇ ਵਿਚਲੇ ਸਾਰੇ ਨਾਲਿਆਂ ਦੀ ਸਫ਼ਾਈ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਬਰਸਾਤਾਂ ਦੌਰਾਨ ਹੜ੍ਹਾਂ ਵਰਗੀ ਸਥਿਤੀ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਦਰਿਆ ਬਿਆਸ ਕੰਢੇ ਬਣੇ ਧੁੱਸੀ ਬੰਨ੍ਹ ਦਾ ਮੁਆਇਨਾਂ ਕੀਤਾ ਜਾਵੇ ਅਤੇ ਜੇਕਰ ਕਿਸੇ ਥਾਂ ਤੋਂ ਧੁੱਸੀ ਬੰਨ੍ਹ ਕਮਜ਼ੋਰ ਹੈ ਤਾਂ ਸਮਾਂ ਰਹਿੰਦੇ ਉਸਨੂੰ ਮਜ਼ਬੂਤ ਕੀਤਾ ਜਾਵੇ।
ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਕੋਲੋਂ ਜ਼ਿਲ੍ਹੇ ਦੇ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਬਿਉਰਾ ਲੈਂਦਿਆਂ ਹਦਾਇਤ ਕੀਤੀ ਕਿ ਭਗਵੰਤ ਮਾਨ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਪਿੰਡਾਂ ਵਿੱਚ ਗਲੀਆਂ-ਨਾਲੀਆਂ ਦੇ ਕੰਮਾਂ ਤੋਂ ਇਲਾਵਾ ਪਿੰਡਾਂ ਵਿੱਚ ਪਾਰਕਾਂ, ਲਾਇਬ੍ਰੇਰੀਆਂ ਅਤੇ ਸੁੰਦਰੀਕਰਨ ਦੇ ਹੋਰ ਪ੍ਰੋਜੈਕਟਾਂ ਉੱਪਰ ਵੀ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬਰਸਾਤਾਂ ਦੌਰਾਨ ਛੱਪੜਾਂ ਦੀ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਤਾਂ ਜੋ ਕੋਈ ਵੀ ਛੱਪੜ ਓਵਰਫ਼ਲੋ ਨਾ ਹੋਵੇ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਸਾਲਡ ਵੇਸਟ ਮੈਨੇਜਮੈਂਟ ਦੇ ਪ੍ਰੋਜੈਕਟਾਂ ਵੱਲ ਵੀ ਵਿਸ਼ੇਸ਼ ਤਵੱਜੋ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਹੁਤ ਜਲਦ ਪਿੰਡਾਂ ਦੇ ਵਿਕਾਸ ਲਈ ਕਰੋੜਾਂ ਰੁਪਏ ਦੀ ਗਰਾਂਟ ਜਾਰੀ ਕੀਤੀ ਜਾ ਰਹੀ ਹੈ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀ ਹੁਣ ਤੋਂ ਹੀ ਪੰਚਾਇਤਾਂ ਨਾਲ ਮਿਲ ਕੇ ਆਪਣੇ ਪਿੰਡਾਂ ਦੇ ਵਿਕਾਸ ਦਾ ਖ਼ਾਕਾ ਤੇ ਯੋਜਨਾਵਾਂ ਤਿਆਰ ਕਰ ਲੈਣ। ਇਸ ਮੌਕੇ ਉਨ੍ਹਾਂ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਸ ਬਰਸਾਤੀ ਸੀਜ਼ਨ ਦੌਰਾਨ ਪਿੰਡਾਂ ਵਿੱਚ ਲੋਕਾਂ ਦੇ ਸਹਿਯੋਗ ਨਾਲ ਵੱਧ ਤੋਂ ਵੱਧ ਪੌਦੇ ਲਗਾਉਣ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਮੀਟਿੰਗ ਦੌਰਾਨ ਚੇਅਰਮੈਨ ਸੇਖਵਾਂ ਨੇ ਸੈਰ-ਸਪਾਟਾ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ ਕਾਹਨੂੰਵਾਨ ਛੰਭ ਦੇ ਰੱਖ-ਰਖਾਅ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਇਸ ਮੌਕੇ ਉਨ੍ਹਾਂ ਸ਼ਹੀਦੀ ਯਾਦਗਾਰ ਕਾਹਨੂੰਵਾਨ ਛੰਭ ਅਤੇ ਜ਼ਿਲ੍ਹੇ ਵਿੱਚ ਹੋਰ ਵਿਰਾਸਤੀ ਇਮਾਰਤਾਂ ਦੀ ਸੰਭਾਲ ਬਾਰੇ ਵੀ ਵਿਚਾਰਾਂ ਕੀਤੀਆਂ।