ਪੰਜਾਬ 'ਚ ਮੁੜ ਬੈਲ-ਗੱਡੀਆਂ ਦੀਆਂ ਹੋਣਗੀਆਂ ਦੌੜਾਂ- ਚੀਮਾ
ਪੰਜਾਬ ਵਿੱਚ ਜਾਨਵਰਾਂ ਪ੍ਰਤੀ ਬੇਰਹਿਮੀ ਦੀ ਰੋਕਥਾਮ (ਪੰਜਾਬ ਸੋਧ) ਐਕਟ-2025 ਅਤੇ ਪੰਜਾਬ ਵਿੱਚ ਜਾਨਵਰਾਂ ਪ੍ਰਤੀ ਬੇਰਹਿਮੀ ਦੀ ਰੋਕਥਾਮ (ਬੈਲ ਗੱਡੀ ਦੌੜ ਦਾ ਸੰਚਾਲਨ) ਨਿਯਮ-2025 ਨੂੰ ਹਰੀ ਝੰਡੀ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 7 ਜੁਲਾਈ 2025- ਪੰਜਾਬ ਕੈਬਨਿਟ ਨੇ ਪੰਜਾਬ ਜਾਨਵਰਾਂ ਪ੍ਰਤੀ ਬੇਰਹਿਮੀ ਦੀ ਰੋਕਥਾਮ (ਪੰਜਾਬ ਸੋਧ) ਐਕਟ-2025 ਅਤੇ ਪੰਜਾਬ ਜਾਨਵਰਾਂ ਪ੍ਰਤੀ ਬੇਰਹਿਮੀ ਦੀ ਰੋਕਥਾਮ (ਬੈਲ ਗੱਡੀ ਦੌੜ ਦਾ ਸੰਚਾਲਨ) ਨਿਯਮ,-2025 ਨੂੰ ਵੀ ਹਰੀ ਝੰਡੀ ਦੇ ਦਿੱਤੀ। ਵਿੱਤ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਬੈਲਗੱਡੀਆਂ ਦੀ ਦੌੜ ਕਿਲਾ ਰਾਏਪੁਰ ਵਿਖੇ ਪੇਂਡੂ ਖੇਡਾਂ ਦਾ ਅਨਿੱਖੜਵਾਂ ਅੰਗ ਸੀ ਪਰ ਇਸ ਨੂੰ ਕੁਝ ਕਾਰਨਾਂ ਕਰਕੇ ਕਈ ਰੁਕਾਵਟਾਂ ਦਾ ਸਾਹਮਣਾ ਕਰਨਾ ਪਿਆ। ਪੰਜਾਬ ਵਿੱਚ ਜਾਨਵਰਾਂ ਦੀਆਂ ਖੇਡ ਗਤੀਵਿਧੀਆਂ ਨੂੰ ਨਿਯਮਤ ਕਰਨ ਲਈ, "ਪੰਜਾਬ ਜਾਨਵਰਾਂ ਪ੍ਰਤੀ ਬੇਰਹਿਮੀ ਦੀ ਰੋਕਥਾਮ (ਕਿਲਾ ਰਾਏਪੁਰ ਪੇਂਡੂ ਖੇਡ ਸਮਾਗਮ ਅਤੇ ਮੇਲਾ) ਨਿਯਮ-2025" ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਨ੍ਹਾਂ ਨਿਯਮਾਂ ਦਾ ਮੁੱਖ ਉਦੇਸ਼ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਜਾਨਵਰਾਂ ਲਈ ਸੁਰੱਖਿਆ ਵਿਵਸਥਾ ਹੈ, ਜਿਸ ਵਿੱਚ ਪਸ਼ੂਆਂ ਦੀ ਵੈਟਰਨਰੀ ਨਿਗਰਾਨੀ, ਸੁਰੱਖਿਆ ਮਾਪਦੰਡ, ਰਜਿਸਟ੍ਰੇਸ਼ਨ/ਦਸਤਾਵੇਜ਼ ਅਤੇ ਉਲੰਘਣਾ ਲਈ ਜੁਰਮਾਨਾ ਸ਼ਾਮਲ ਹੈ। ਇਹ ਫੈਸਲਾ ਪਿੰਡਾਂ ਵਿੱਚ ਰਵਾਇਤੀ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਪੰਜਾਬ ਦੀਆਂ ਦੇਸੀ ਪਸ਼ੂ ਨਸਲਾਂ ਨੂੰ ਬਚਾਉਣ ਵਿੱਚ ਵੀ ਮਦਦ ਕਰੇਗਾ।