ਸ੍ਰੀ ਮੁਕਤਸਰ ਸਾਹਿਬ : ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਇਮਾਰਤ 'ਤੇ ਚੱਲਿਆ ਬੁਲਡੋਜ਼ਰ
ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਲਿਸ ਦੀ ਮਦਦ ਨਾਲ ਇੱਕ ਅਣਅਧਿਕਾਰਤ ਇਮਾਰਤ ਢੇਰ
ਸ੍ਰੀ ਮੁਕਤਸਰ ਸਾਹਿਬ, 8 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਅੱਜ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਵਿੱਚ ਇੱਕ ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਗਈ ਇਮਾਰਤ ਨੂੰ ਢਾਹਿਆ ਗਿਆ।
ਇਸ ਮੌਕੇ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਵਰੁਣ ਕੁਮਾਰ ਸਹੋਤਾ ਨੇ ਦੱਸਿਆ ਕਿ ਪੁਲਿਸ ਥਾਣਾ ਸਿਟੀ ਤਹਿਤ ਆਉਂਦੇ ਇਲਾਕੇ ਵਿੱਚ ਮੰਨਜੂਰਾ ਦੇਵੀ ਪਤਨੀ ਰਸੀਦ ਖਾਨ ਵਾਸੀ ਆਦਰਸ਼ ਨਗਰ ਗਲੀ ਨੰਬਰ 04 ਸ੍ਰੀ ਮੁਕਤਸਰ ਸਾਹਿਬ ਵੱਲੋਂ ਕਬਰਾਂ ਦੇ ਨਜ਼ਦੀਕ ਗੈਰ ਕਾਨੂੰਨੀ ਤਰੀਕੇ ਨਾਲ ਇੱਕ ਇਮਾਰਤ ਬਣਾਈ ਗਈ ਸੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਮਰੱਥ ਅਥਾਰਟੀ ਤੋਂ ਇਸ ਨੂੰ ਢਾਉਣ ਦੀਆਂ ਹਦਾਇਤਾਂ ਪ੍ਰਾਪਤ ਕਰਕੇ ਪੁਲਿਸ ਵਿਭਾਗ ਤੋਂ ਮੌਕੇ ‘ਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਮਦਦ ਲਈ ਗਈ ਸੀ। ਉਨ੍ਹਾਂ ਕਿਹਾ ਕਿ ਪੂਰੇ ਕਾਨੂੰਨੀ ਤਰੀਕੇ ਦੀ ਪਾਲਣਾ ਕਰਦਿਆਂ ਇਸ ਗੈਰ ਕਾਨੂੰਨੀ ਇਮਾਰਤ ਨੂੰ ਅੱਜ ਢਾਹਿਆ ਗਿਆ।
ਇਸ ਮਾਮਲੇ ਵਿੱਚ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਡਾ. ਅਖਿਲ ਚੌਧਰੀ ਨੇ ਦੱਸਿਆ ਕਿ ਮੰਨਜੂਰਾ ਦੇਵੀ ਉੱਪਰ ਪਹਿਲਾਂ ਤੋਂ ਹੀ ਨਸ਼ਾ ਤਸਕਰੀ ਦੇ 03 ਮੁੱਕਦਮੇ ਤੇ ਹੋਰ ਧਰਾਵਾਂ ਤਹਿਤ 03 ਮੁਕਦਮੇ ਕੁੱਲ 06 ਮੁਕਦਮੇ ਦਰਜ ਹਨ ।
ਡਾ. ਅਖਿਲ ਚੌਧਰੀ ਆਈ.ਪੀ.ਐਸ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਮਿਸ਼ਨ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਜ਼ਿਲ੍ਹੇ ਵਿੱਚ ਵਿਆਪਕ ਪੱਧਰ ਤੇ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਉਹਨਾਂ ਨੇ ਕਿਹਾ ਕਿ ਜੋ ਕੋਈ ਵੀ ਨਸ਼ੇ ਵੇਚ ਕੇ ਜਾਇਦਾਦ ਬਣਾਏਗਾ ਉਸ ਨੂੰ ਅਟੈਚ ਕਰਵਾਇਆ ਜਾਵੇਗਾ। ਉਹਨਾਂ ਨੇ ਇਸ ਮੌਕੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕੋਈ ਨਸ਼ੇ ਵੇਚਦਾ ਹੈ ਤਾਂ ਇਸ ਦੀ ਸੂਚਨਾ ਪੁਲਿਸ ਨੂੰ ਨਿਡਰ ਹੋ ਕੇ ਦਿੱਤੀ ਜਾਵੇ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖਦੇ ਹੋਏ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਸ੍ਰੀ ਮਨਮੀਤ ਸਿੰਘ ਐਸ.ਪੀ (ਡੀ), ਸ. ਨਵੀਨ ਕੁਮਾਰ ਡੀ.ਐਸ.ਪੀ (CAW&C) ਸ਼੍ਰੀ ਮੁਕਤਸਰ ਸਾਹਿਬ, ਸੈਨਟਰੀ ਇੰਸਪੈਕਟਰ ਪਰਮਜੀਤ ਸਿੰਘ, ਵਿਜੇ ਕੁਮਾਰ ਜੂਨੀਅਰ ਇੰਨਜੀਨੀਅਰ ਅਤੇ ਇੰਸਪੈੱਕਟਰ ਜਸਕਰਨਦੀਪ ਸਿੰਘ ਐਸ.ਐਚ.ਓ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਵੀ ਹਾਜ਼ਰ ਸਨ।