ਸਰਕਾਰ ਨੇ ਜ਼ਿਲ੍ਹੇ ਦੇ 155 ਪਰਿਵਾਰਾਂ ਦਾ 1 ਕਰੋੜ 84 ਲੱਖ ਤੋਂ ਵੱਧ ਦਾ ਕਰਜ਼ਾ ਮੁਆਫ਼ ਕੀਤਾ-ਡਾ. ਚੱਬੇਵਾਲ
- ਡਾ. ਚੱਬੇਵਾਲ ਅਤੇ ਵਿਧਾਇਕ ਇਸ਼ਾਂਕ ਕੁਮਾਰ ਨੇ ਹਲਕੇ ਦੇ ਪਰਿਵਾਰਾਂ ਨੂੰ ਕਰਜ਼ਾ ਮੁਆਫ਼ੀ ਸਰਟੀਫਿਕੇਟ ਵੰਡੇ
ਹੁਸ਼ਿਆਰਪੁਰ, 9 ਜੁਲਾਈ 2025 - ਹੁਸ਼ਿਆਰਪੁਰ ਤੋਂ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਅਤੇ ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਅੱਜ ਚੱਬੇਵਾਲ ਹਲਕੇ ਦੇ ਲੋੜਵੰਦ ਅਤੇ ਪੱਛੜੇ ਵਰਗ ਦੇ ਪਰਿਵਾਰਾਂ ਨੂੰ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਵੰਡੇ। ਪੰਜਾਬ ਸਰਕਾਰ ਵੱਲੋਂ ਇਨ੍ਹਾਂ ਪਰਿਵਾਰਾਂ ਦੇ 56 ਲੱਖ 52 ਹਜ਼ਾਰ 909 ਰੁਪਏ ਦੇ ਕਰਜ਼ੇ ਮੁਆਫ਼ ਕੀਤੇ ਗਏ ਹਨ। ਡਾ. ਰਾਜ ਕੁਮਾਰ ਚੱਬੇਵਾਲ ਅਤੇ ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ 67.84 ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕੀਤੇ ਹਨ, ਜਿਸ ਨਾਲ ਸੂਬੇ ਦੇ ਗਰੀਬ ਅਤੇ ਪੱਛੜੇ ਵਰਗ ਨੂੰ ਵੱਡੀ ਰਾਹਤ ਮਿਲੀ ਹੈ।
ਹੁਸ਼ਿਆਰਪੁਰ ਜ਼ਿਲ੍ਹੇ ਦੇ 155 ਪਰਿਵਾਰਾਂ ਦੇ 1 ਕਰੋੜ 84 ਲੱਖ 37,150 ਰੁਪਏ ਦੇ ਕਰਜ਼ੇ ਮੁਆਫ਼ ਕੀਤੇ ਗਏ ਹਨ, ਜਿਸ ਨਾਲ ਪੰਜਾਬ ਸਰਕਾਰ ਨੇ ਗਰੀਬ ਪਰਿਵਾਰਾਂ ਨੂੰ ਵੱਡੀ ਰਾਹਤ ਦਿੱਤੀ ਹੈ। ਡਾ. ਚੱਬੇਵਾਲ ਨੇ ਅੱਗੇ ਕਿਹਾ ਕਿ ਇਹ ਉਪਰਾਲਾ ਪੰਜਾਬ ਸਰਕਾਰ ਵੱਲੋਂ ਗਰੀਬਾਂ ਦੇ ਜੀਵਨ ਵਿੱਚ ਖੁਸ਼ਹਾਲੀ ਲਿਆਉਣ ਲਈ ਇਕ ਵੱਡਾ ਕਦਮ ਹੈ, ਤਾਂ ਜੋ ਕੋਈ ਵੀ ਵਿੱਤੀ ਤੰਗੀ ਕਾਰਨ ਪਿੱਛੇ ਨਾ ਰਹੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਬਰਾਬਰ ਵਿਕਾਸ ਨੂੰ ਯਕੀਨੀ ਬਣਾ ਰਹੀ ਹੈ ਅਤੇ ਸਾਰੀਆਂ ਨੀਤੀਆਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕੀਤਾ ਜਾ ਰਿਹਾ ਹੈ। ਡਾ. ਚੱਬੇਵਾਲ ਨੇ ਕਿਹਾ ਕਿ ਜਦੋਂ ਸਾਰੇ ਵਰਗ ਬਰਾਬਰ ਵਿਕਾਸ ਕਰਨਗੇ ਤਾਂ ਹੀ ਸੂਬਾ ਵਿਕਾਸ ਦੇ ਮਾਮਲੇ ਵਿੱਚ ਤੇਜ਼ੀ ਨਾਲ ਅੱਗੇ ਵਧੇਗਾ।
ਇਸ ਮੌਕੇ ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਚੱਬੇਵਾਲ ਵਿਚ ਜਿਨ੍ਹਾਂ ਪਰਿਵਾਰਾਂ ਨੂੰ ਰਾਹਤ ਦਿੱਤੀ ਗਈ ਹੈ, ਉਹ ਪਿਛਲੇ ਕਈ ਸਾਲਾਂ ਤੋਂ ਇਸ ਕਰਜ਼ੇ ਕਾਰਨ ਮਾਨਸਿਕ ਤਣਾਅ ਤੋਂ ਪੀੜਤ ਸਨ, ਪਰ ਹੁਣ ਪੰਜਾਬ ਸਰਕਾਰ ਨੇ ਇਨ੍ਹਾਂ ਪਰਿਵਾਰਾਂ ਦੇ ਤਣਾਅ ਨੂੰ ਦੂਰ ਕਰਕੇ ਉਨ੍ਹਾਂ ਨੂੰ ਜ਼ਿੰਦਗੀ ਵਿੱਚ ਅੱਗੇ ਵਧਣ ਦਾ ਮੌਕਾ ਪ੍ਰਦਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਚੱਬੇਵਾਲ ਹਲਕੇ ਵਿੱਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ ਅਤੇ ਆਉਣ ਵਾਲੇ ਸਮੇਂ ਵਿਚ ਪੰਜਾਬ ਸਰਕਾਰ ਵੱਲੋਂ ਹਲਕੇ ਲਈ ਹੋਰ ਵੀ ਕਈ ਪ੍ਰੋਜੈਕਟ ਦਿੱਤੇ ਜਾ ਰਹੇ ਹਨ ਅਤੇ ਸਾਡਾ ਇੱਕੋ ਇੱਕ ਉਦੇਸ਼ ਚੱਬੇਵਾਲ ਹਲਕੇ ਨੂੰ ਵਿਕਾਸ ਪੱਖੋਂ ਪੰਜਾਬ ਦਾ ਨੰਬਰ ਇੱਕ ਹਲਕਾ ਬਣਾਉਣਾ ਹੈ। ਇਸ ਮੌਕੇ ਪਹੁੰਚੇ ਪਰਿਵਾਰਾਂ ਨੇ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ, ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ ਦਾ ਧੰਨਵਾਦ ਕੀਤਾ।