ਸਿਹਤ ਮੰਤਰੀ ਨੇ ਮਰੀਜ਼ਾਂ ਨੂੰ ਹਸਪਤਾਲ਼ ਦੇ ਬਾਹਰੋਂ ਦਵਾਈਆਂ ਲਿਖਣ ਦਾ ਲਿਆ ਸਖ਼ਤ ਨੋਟਿਸ
ਡਾ. ਬਲਬੀਰ ਸਿੰਘ ਨੇ ਸਿਵਲ ਹਸਪਤਾਲ ਰੂਪਨਗਰ ਦੀ ਕੀਤੀ ਅਚਨਚੇਤ ਚੈਕਿੰਗ
ਰੂਪਨਗਰ, 22 ਜੁਲਾਈ: ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਨੇ ਸਿਵਲ ਹਸਪਤਾਲ ਰੂਪਨਗਰ ਦਾ ਅਚਨਚੇਤ ਦੌਰਾ ਕੀਤਾ, ਇਸ ਦੌਰਾਨ ਸਿਹਤ ਮੰਤਰੀ ਨੇ ਮਰੀਜ਼ਾਂ ਨੂੰ ਹਸਪਤਾਲ਼ ਦੇ ਬਾਹਰੋਂ ਦਵਾਈਆਂ ਲਿਖਣ ਦਾ ਸਖ਼ਤ ਨੋਟਿਸ ਲਿਆ ਤੇ 'ਕਾਰਨ ਦੱਸੋਂ' ਨੋਟਿਸ ਜਾਰੀ ਕੀਤਾ।
ਇਸ ਮੌਕੇ ਗੱਲਬਾਤ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਜਿਸ ਦੇ ਤਹਿਤ ਸਰਕਾਰ ਵੱਲੋਂ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ, ਮੁਫ਼ਤ ਟੈਸਟ ਦੇਣ ਦੀ ਪਾਲਿਸੀ ਬਣਾਈ ਗਈ ਹੈ, ਉਨ੍ਹਾਂ ਕਿਹਾ ਕਿ ਸਾਡੇ ਵੇਅਰ ਹਾਊਸ ਵਿੱਚ ਸਾਡੇ ਕੋਲ ਲਗਭਗ 400 ਕਿਸਮ ਦੀਆਂ ਦਵਾਈਆਂ ਖਰੀਦੀਆਂ ਹੋਈਆਂ ਹਨ, ਇਸ ਤੋਂ ਇਲਾਵਾ ਜੇਕਰ ਕੋਈ ਹੋਰ ਵੀ ਦਵਾਈ ਲਿਖਣੀ ਪੈਂਦੀ ਹੈ ਤਾਂ ਉਹ ਵੀ ਹਸਪਤਾਲ ਵੱਲੋਂ ਹੀ ਮੁਹੱਈਆ ਕਰਵਾਉਣੀ ਲਾਜ਼ਮੀ ਕੀਤੀ ਗਈ ਹੈ।
ਇਸ ਤੋਂ ਇਲਾਵਾ ਡਾ. ਬਲਬੀਰ ਸਿੰਘ ਨੇ ਕਿਹਾ ਕਿ ਆਮ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਦੇ ਹਸਪਤਾਲਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਕੀਤਾ ਜਾ ਰਿਹਾ ਹੈ, ਹਸਪਤਾਲਾਂ ਦੀਆਂ ਨਵੀਆਂ ਇਮਾਰਤਾਂ ਉਸਾਰੀਆਂ ਜਾ ਰਹੀਆਂ ਹਨ, ਪੁਰਾਣੀਆਂ ਇਮਾਰਤਾਂ ਦਾ ਨਵੀਨੀਕਰਣ ਕੀਤਾ ਜਾ ਰਿਹਾ ਹੈ।
ਸਿਹਤ ਵਿਭਾਗ ਵਿੱਚ ਭਰਤੀ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਸਰਕਾਰੀ ਹਸਪਤਾਲਾਂ ਦੀ ਕਾਰਗੁਜ਼ਾਰੀ ਤੇ ਸਮਰਥਾ ਵਧਾਉਣ ਲਈ ਸਟਾਫ਼ ਭਰਤੀ ਕੀਤਾ ਜਾ ਰਿਹਾ ਹੈ ਜਿਸ ਤਹਿਤ 1000 ਡਾਕਟਰ ਜਲਦੀ ਭਰਤੀ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਮਰੀਜ਼ਾਂ ਦੀ ਖੱਜਲ ਖ਼ੁਆਰੀ ਨੂੰ ਬੰਦ ਕੀਤਾ ਜਾ ਰਿਹਾ ਹੈ, ਪਰਚੀ ਰਜਿਸਟਰੇਸ਼ਨ ਤੇ ਲੰਬੀ ਵੇਟਿੰਗ ਨੂੰ ਘਟਾਉਣ ਲਈ ਕਾਉਂਟਰ ਵੀ ਵਧਾਏ ਜਾ ਰਹੇ ਹਨ।
ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਸਿਹਤਮੰਦ ਤੇ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਯਤਨਸ਼ੀਲ ਹੈ। ਜਿਸ ਲਈ ਇਨ੍ਹਾਂ ਸਾਰੇ ਪ੍ਰਬੰਧਾਂ ਵਿੱਚ ਜਿੱਥੇ ਕਿਤੇ ਕੋਈ ਘਾਟ ਹੈ, ਉਸਨੂੰ ਦੂਰ ਕਰਨ ਲਈ ਉਹ ਸਰਕਾਰੀ ਹਸਪਤਾਲਾਂ ਦਾ ਦੌਰਾ ਕਰਕੇ ਜਾਇਜ਼ਾ ਲੈ ਰਹੇ ਹਨ ਤੇ ਕੋਈ ਵੀ ਕਮੀ ਆਦਿ ਜਲਦ ਦੂਰ ਕਰ ਦਿੱਤੀ ਜਾਵੇਗੀ।
ਇਸ ਮੌਕੇ ਸਿਵਲ ਸਰਜਨ ਰੂਪਨਗਰ ਡਾ. ਬਲਵਿੰਦਰ ਕੌਰ ਅਤੇ ਹਸਪਤਾਲ ਦਾ ਸਮੂਹ ਸਟਾਫ਼ ਹਾਜ਼ਰ ਸੀ।