ਝੋਨੇ ਦੇ ਬੌਣੇ ਬੂਟਿਆਂ ਦੀ ਸਮੱਸਿਆ ਪ੍ਰਤੀ ਕਿਸਾਨਾਂ ਨੂੰ ਸੁਚੇਤ ਰਹਿਣ ਦੀ ਜ਼ਰੂਰਤ : ਮੁੱਖ ਖੇਤੀਬਾੜੀ ਅਫ਼ਸਰ
- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਨੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਝੋਨੇ ਦੀ ਫ਼ਸਲ ਦਾ ਲਿਆ ਜਾਇਜ਼ਾ
ਰੋਹਿਤ ਗੁਪਤਾ
ਗੁਰਦਾਸਪੁਰ, 25 ਜੁਲਾਈ 2025 - ਜ਼ਿਲ੍ਹਾ ਗੁਰਦਾਸਪੁਰ ਵਿਚ ਝੋਨੇ ਅਤੇ ਬਾਸਮਤੀ ਦੀ ਲਵਾਈ ਦਾ ਕੰਮ ਤਕਰੀਬਨ ਮੁਕੰਮਲ ਹੋ ਚੁੱਕਾ ਹੈ ਅਤੇ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਵਿਚ ਕੀੜੇ ਅਤੇ ਬਿਮਾਰੀਆਂ ਦੇ ਹਮਲੇ ਪ੍ਰਤੀ ਸੁਚੇਤ ਰਹਿੰਦਿਆਂ ਨਿਰੰਤਰ ਨਿਰੀਖਣ ਕਰਦੇ ਰਹਿਣਾ ਚਾਹੀਦਾ । ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵੱਲੋਂ ਡਾਕਟਰ ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਦੀ ਅਗਵਾਈ ਹੇਠ ਵੱਖ ਵੱਖ ਪਿੰਡਾਂ ਬਾਜੇਚੱਕ, ਝੌਰ, ਤਲਵੰਡੀ ਵਿਰਕ ਅਤੇ ਰੱਤੋਵਾਲ ਦਾ ਦੌਰਾ ਕਰਕੇ ਝੋਨੇ ਦੀ ਫ਼ਸਲ ਉੱਪਰ ਹੋਏ ਬੌਣੇ ਰੋਗ ਦੇ ਹਮਲੇ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨਾਲ ਇਸ ਬਿਮਾਰੀ ਦੀ ਰੋਕਥਾਮ ਲਈ ਜ਼ਰੂਰੀ ਨੁਕਤੇ ਸਾਂਝੇ ਕੀਤੇ । ਪਿੰਡ ਝਾਵਰ ਦੇ ਕਿਸਾਨ ਦਲਵਿੰਦਰ ਸਿੰਘ ,ਕਵਲਜੀਤ ਸਿੰਘ,ਦਮਨਜੀਤ ਸਿੰਘ ਦੀ ਝੋਨੇ ਦੀ ਫ਼ਸਲ ਦਾ ਜਾਇਜ਼ਾ ਲੈਂਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾਕਟਰ ਅਮਰੀਕ ਸਿੰਘ ਨੇ ਦੱਸਿਆ ਕਿ ਝੋਨੇ ਦੀ ਫ਼ਸਲ ਨੂੰ ਕਈ ਤਰ੍ਹਾਂ ਦੀਆਂ ਬਿਮਾਰੀਆਂ ਨੁਕਸਾਨ ਪਹੁੰਚਾਉਂਦੀਆਂ ਹਨ ਜਿਨ੍ਹਾਂ ਵਿਚੋਂ ਝੋਨੇ ਦੇ ਬੌਣੇ ਬੂਟਿਆਂ ਦਾ ਰੋਗ ਅਜਿਹਾ ਰੋਗ ਹੈ ਜਿਸ ਪ੍ਰਤੀ ਕਿਸਾਨਾਂ ਨੂੰ ਵਧੇਰੇ ਸੁਚੇਤ ਹੋਣ ਦੀ ਜ਼ਰੂਰਤ ਹੈ। ਉਨ੍ਹਾਂ ਦੱਸਿਆ ਕਿ ਇਹ ਰੋਗ 2022 ਦੌਰਾਨ ਪੰਜਾਬ ਵਿੱਚ ਪਹਿਲੀ ਵਾਰ ਦੇਖਿਆ ਗਿਆ ਸੀ ਅਤੇ ਪੰਜਾਬ ਵਿੱਚ ਇਸ ਰੋਗ ਨਾਲ ਤਕਰੀਬਨ 34000 ਹੈਕਟੇਅਰ ਰਕਬਾ ਪ੍ਰਭਾਵਿਤ ਹੋਇਆ ਸੀ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਕਈ ਪਿੰਡਾਂ ਤੋਂ ਕਿਸਾਨਾਂ ਦੇ ਫ਼ੋਨ ਆ ਰਹੇ ਹਨ ਕਿ ਝੋਨੇ ਦੀ ਫ਼ਸਲ ਵਿਚ ਕੁਝ ਬੂਟੇ ਗਿੱਠੇ ਰਹਿ ਰਹੇ ਹਨ। ਉਨ੍ਹਾਂ ਦੱਸਿਆ ਕਿ ਬੂਟੇ ਦੇ ਵਿਕਾਸ ਰੁਕਣਾ ਜ਼ਿੰਕ ਦੀ ਘਾਟ ਕਾਰਨ ਵੀ ਹੋ ਸਕਦਾ। ਉਨ੍ਹਾਂ ਦੱਸਿਆ ਕਿ ਝੋਨੇ ਦੀ ਫ਼ਸਲ ਦਾ ਨਿਰੀਖਣ ਕਰਦੇ ਸਮੇਂ ਜੇਕਰ ਕੋਈ ਬੂਟਾ ਮਧਰਾ ਦਿਖਾਈ ਦਿੰਦਾ ਹੈ ਤਾਂ ਖੇਤੀ ਮਾਹਿਰਾਂ ਨਾਲ ਸੰਪਰਕ ਕਰਨਾ ਚਾਹੀਦਾ। ਉਨ੍ਹਾਂ ਦੱਸਿਆ ਕਿ ਬੂਟਿਆਂ ਦਾ ਮਧਰਾ ਰਹਿ ਜਾਣਾ ਝੋਨੇ ਦਾ ਇੱਕ ਨਵਾਂ ਵਿਸ਼ਾਣੂ ਰੋਗ ਵੀ ਹੋ ਸਕਦਾ ਹੈ, ਜੋ ਕਿ ਝੋਨੇ ਦੇ ਚਿੱਟੀ ਪਿੱਠ ਵਾਲੇ ਟਿੱਡੇ ਰਾਹੀਂ ਪ੍ਰਭਾਵਿਤ ਬੂਟੇ ਤੋਂ ਸਿਹਤਮੰਦ ਬੂਟੇ ਤੱਕ ਫੈਲਦਾ ਹੈ।ਓਨਾਂ ਦੱਸਿਆ ਕਿ ਇਹ ਵਿਸ਼ਾਣੂ ਝੋਨੇ ਦੀਆਂ ਮੌਜੂਦਾ ਸਾਰੀਆਂ ਕਿਸਮਾਂ ਉੱਤੇ ਹਮਲਾ ਕਰ ਸਕਦਾ ਹੈ। ਇਸ ਰੋਗ ਨਾਲ ਪ੍ਰਭਾਵਿਤ ਬੂਟੇ ਮਧਰੇ, ਉਨ੍ਹਾਂ ਦੇ ਪੱਤੇ ਨੋਕਦਾਰ ਅਤੇ ਜੜ੍ਹਾਂ ਘੱਟ ਡੂੰਘੀਆਂ ਰਹਿ ਜਾਂਦੀਆਂ ਹਨ। ਪ੍ਰਭਾਵਿਤ ਬੂਟਿਆਂ ਦੀ ਉਚਾਈ ਆਮ ਬੂਟਿਆਂ ਨਾਲੋਂ ਅੱਧੀ ਜਾਂ ਇੱਕ–ਤਿਹਾਈ ਰਹਿ ਜਾਂਦੀ ਹੈ। ਰੋਗ ਦੇ ਜ਼ਿਆਦਾ ਹਮਲੇ ਕਾਰਨ ਕਈ ਵਾਰ ਬੂਟੇ ਮੁਰਝਾ ਕੇ ਸੁੱਕ ਵੀ ਜਾਂਦੇ ਹਨ ਅਤੇ ਜਲਦੀ ਪੁੱਟੇ ਜਾਂਦੇ ਹਨ। ਉਨ੍ਹਾਂ ਨੇ ਦੱਸਿਆ ਕਿ ਇਹ ਬਿਮਾਰੀ ਕਿਸੇ ਵੀ ਬਿਮਾਰੀ ਤੇ ਹੋ ਸਕਦੀ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਫ਼ਸਲ ਵਿਚ ਇਸ ਸੰਭਾਵਿਤ ਬਿਮਾਰੀ ਦੇ ਚਿੰਨ੍ਹ ਨਜ਼ਰ ਆਉਣ ਤੇ ਨਜ਼ਦੀਕੀ ਖੇਤੀਬਾੜੀ ਅਧਿਕਾਰੀਆਂ ,ਕ੍ਰਿਸ਼ੀ ਵਿਗਿਆਨ ਕੇਂਦਰ ਜਾਂ ਪੀਏਯੂ ਦੇ ਖੇਤੀ ਮਾਹਿਰਾਂ ਨਾਲ ਸੰਪਰਕ ਕਰਨਾ ਚਾਹੀਦਾ ਅਤੇ ਕਿਸੇ ਦੇ ਕਹਿਣ ਤੇ ਕੋਈ ਛਿੜਕਾਅ ਨਹੀਂ ਕਰਨਾ ਚਾਹੀਦਾ। ਨੂੰ ਸੂਚਿਤ ਕਰ ਸਕਦੇ ਹਨ।
ਸਹਾਇਕ ਪੌਦ ਸੁਰੱਖਿਆ ਅਫ਼ਸਰ ਡਾਕਟਰ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਬਿਮਾਰੀ ਨੂੰ ਫੈਲਾਉਣ ਵਾਲੇ ਕੀੜੇ (ਚਿੱਟੀ ਪਿੱਠ ਵਾਲੇ ਟਿੱਡੇ) ਦੀ ਸੁਚੱਜੀ ਰੋਕਥਾਮ ਲਈ ਝੋਨੇ ਦੀ ਫ਼ਸਲ ਦਾ ਨਿਰੰਤਰ ਨਿਰੀਖਣ ਕਰਦੇ ਰਹਿਣਾ ਚਾਹੀਦਾ। ਉਨ੍ਹਾਂ ਦੱਸਿਆ ਕਿ ਚਿੱਟੀ ਪਿੱਠ ਵਾਲੇ ਟਿੱਡੇ ਦੀ ਆਮਦ ਵੇਖਣ ਲਈ ਰਾਤ ਨੂੰ ਖੇਤ ਨੇੜੇ ਟਿਊਬਵੈੱਲ ਉੱਪਰ ਬਲਬ ਜਗਾ ਕੇ ਰੱਖੋ ਅਤੇ ਜੇਕਰ ਟਿੱਡੇ ਦੀ ਆਮਦ ਨਜ਼ਰ ਆਉਂਦੀ ਹੈ ਤਾਂ ਕਿਸੇ ਵੀ ਕੀਟਨਾਸ਼ਕ ਜਿਵੇਂ ਕਿ 94 ਮਿ.ਲਿ. ਪੈਕਸਾਲੋਨ 10 ਐੱਸ ਸੀ ਜਾਂ 60 ਗਰਾਮ ਉਲਾਲਾ 50 ਡਬਲਯੂ ਜੀ ਜਾਂ 80 ਗਰਾਮ ਓਸ਼ੀਨ/ਟੋਕਨ/ਡੋਮਿਨੇਂਟ 20 ਐੱਸ ਜੀ ਜਾਂ 120 ਗਰਾਮ ਚੈੱਸ 50 ਡਬਲਯੂ ਜੀ ਜਾਂ 400 ਮਿ.ਲਿ. ਆਰਕੈਸਟਰਾ 10 ਐੱਸ ਸੀ ਜਾਂ 300 ਮਿ.ਲਿ. ਇਮੇਜਿਨ 10 ਐੱਸ ਸੀ ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ਼ 100 ਲੀਟਰ ਪਾਣੀ ਵਿੱਚ ਘੋਲ ਕੇ ਬੂਟਿਆਂ ਦੇ ਮੁੱਢਾਂ ਤੇ ਗੋਲ ਨੋਜ਼ਲ ਨਾਲ ਛਿੜਕਾਅ ਕਰੋ।
ਉਨ੍ਹਾਂ ਨੇ ਦੱਸਿਆ ਕਿ ਝੋਨੇ ਦੀ ਫ਼ਸਲ ਵਿਚ ਇਸ ਬਿਮਾਰੀ ਪ੍ਰਤੀ ਪ੍ਰਤੀਰੋਧਕ ਸ਼ਕਤੀ ਵਧਾਉਣ ਲਈ ਸੰਤੁਲਿਤ ਖਾਦਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਝੋਨੇ ਦੀ ਫ਼ਸਲ ਨੂੰ ਪਾਣੀ ਉਦੋਂ ਲਗਾਓ ,ਜਦੋਂ ਪਹਿਲੇ ਲੱਗੇ ਪਾਣੀ ਨੂੰ ਜ਼ੀਰੇ ਨੂੰ 2-3 ਦਿਨ ਗਏ ਹੋਣ ਪ੍ਰੰਤੂ ਇਸ ਗੱਲ ਦਾ ਖ਼ਿਆਲ ਰੱਖੋ ਕਿ ਤਰੇੜਾਂ ਨਾ ਪਾਟਣ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਬੂਟਿਆਂ ਨੂੰ ਪੁੱਟ ਕੇ ਡੂੰਘਾ ਦਬਾ ਦੇਣਾ ਚਾਹੀਦਾ। ਇਸ ਮੌਕੇ ਉਨ੍ਹਾਂ ਦੇ ਨਾਲ ਡਾ. ਮਨਜੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਹਾਜ਼ਰ ਸਨ।