ਡਾਕਟਰ ਤਪਿੰਦਰਜੋਤ ਨੇ ਸਿਵਲ ਸਰਜਨ ਬਠਿੰਡਾ ਵਜੋਂ ਆਪਣਾ ਅਹੁਦਾ ਸੰਭਾਲਿਆ
ਅਸ਼ੋਕ ਵਰਮਾ
ਬਠਿੰਡਾ,30 ਜੁਲਾਈ 2025: ਅੱਜ ਡਾ ਤਪਿੰਦਰਜੋਤ ਵੱਲੋਂ ਬਤੌਰ ਸਿਵਲ ਸਰਜਨ ਜ਼ਿਲ੍ਹਾ ਬਠਿੰਡਾ ਦਾ ਕਾਰਜ਼ ਭਾਰ ਸੰਭਾਲਿਆ ਗਿਆ । ਡਾ ਤਪਿੰਦਰਜੋਤ ਇਸ ਤੋਂ ਪਹਿਲਾਂ ਬਤੌਰ ਸੀਨੀਅਰ ਮੈਡੀਕਲ ਅਫ਼ਸਰ ਸਿਵਲ ਹਸਪਤਾਲ ਬਰਨਾਲਾ ਆਪਣੀਆਂ ਸੇਵਾਵਾਂ ਦੇ ਰਹੇ ਸਨ । ਅੱਜ ਆਪਣੀ ਜੁਆਇਨਿੰਗ ਉਪਰੰਤ ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸਾਰੀਆਂ ਸਿਹਤ ਸਹੂਲਤਾਂ ਅਤੇ ਸੇਵਾਵਾਂ ਮੈਡੀਕਲ ਸਟਾਫ ਅਤੇ ਪੈਰਾ ਮੈਡੀਕਲ ਸਟਾਫ ਦੇ ਸਹਿਯੋਗ ਨਾਲ ਗਰਾਸ ਰੂਟ ਲੈਵਲ ਤੱਕ ਪਹੁੰਚਾਈਆਂ ਜਾਣਗੀਆਂ । ਗਰਭਵਤੀ ਔਰਤਾਂ ਨੂੰ ਦਿੱਤੀਆਂ ਜਾਣ ਵਾਲੀਆਂ ਜੱਚਾ-ਬੱਚਾ ਸਿਹਤ ਸੇਵਾਵਾਂ ਨੂੰ ਹੋਰ ਉੱਚਾ ਚੁੱਕਣ ਦੇ ਯੋਗ ਉਪਰਾਲੇ ਕੀਤੇ ਜਾਣਗੇ । ਉਨ੍ਹਾਂ ਕਿਹਾ ਕਿ ਰੂਰਲ ਏਰੀਏ ਵਿੱਚ ਬਲਾਕ ਐਕਸਟੈਂਨਸ਼ਨ ਐਜ਼ੁਕੇਟਰ ਰਾਹੀਂ ਜਾਗਰੂਕਤਾ ਮੁਹਿੰਮ ਚਲਾ ਕੇ ਹਰ ਵਰਗ ਨੂੰ ਬਿਮਾਰੀਆਂ ਪ੍ਰਤੀ ਅਤੇ ਉਨ੍ਹਾਂ ਦੇ ਇਲਾਜ਼ ਬਾਰੇ ਜਾਗਰੂਕ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਆਯੂਸ਼ਮਾਨ ਅਰੋਗਿਆ ਕੇਂਦਰਾਂ ਵਿਖੇ ਦਿੱਤੀਆ ਜਾ ਰਹੀਆਂ ਸਿਹਤ ਸੇਵਾਵਾਂ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਦੀ ਹਦਾਇਤ ਦਿੱਤੀ । ਉਨ੍ਹਾਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਡਿਊਟੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਅਤੇ ਸਮੇਂ ਦੀ ਪਾਬੰਦਗੀ ਨੂੰ ਯਕੀਨੀ ਬਣਾਇਆ ਜਾਵੇ । ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ ਰਮਨਦੀਪ ਸਿੰਗਲਾ,ਸਹਾਇਕ ਸਿਵਲ ਸਰਜਨ ਡਾ ਅਨੁਪਮਾ ਸ਼ਰਮਾਂ, ਜਿਲ੍ਹਾ ਸਿਹਤ ਅਫ਼ਸਰ ਡਾ ਊਸ਼ਾ ਗੋਇਲ, ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ ਸੁਖਜਿੰਦਰ ਸਿੰਘ ਗਿੱਲ, ਸੀਨੀਅਰ ਮੈਡੀਕਲ ਅਫ਼ਸਰ ਸਿਵਲ ਹਸਪਤਾਲ ਡਾ ਸੋਨੀਆ,ਜਿਲ੍ਹਾ ਐਪੀਡੀਮੋਲੋਜਿਸਟ ਡਾ ਸੁਕਰਿਤੀ,ਡਿਪਟੀ ਮਾਸ ਮੀਡੀਆ ਅਫ਼ਸਰ ਮਲਕੀਤ ਕੌਰ ਅਤੇ ਰੋਹਿਤ ਜਿੰਦਲ, ਬੀ.ਈ.ਈ ਗਗਨਦੀਪ ਸਿੰਘ ਭੁੱਲਰ, ਡੀ.ਪੀ.ਐਮ ਗਾਇਤਰੀ ਮਹਾਜਨ,ਜਿਲ੍ਹਾ ਬੀ.ਸੀ.ਸੀ ਨਰਿੰਦਰ ਕੁਮਾਰ, ਜਿਲ੍ਹਾ ਫਾਰਮੇਸੀ ਅਫ਼ਸਰ ਪਰਮਿੰਦਰ ਸਿੰਘ, ਸੁਖਮੰਦਰ ਸਿੰਘ ਸਿੱਧੂ ਅਤੇ ਕਮਲ ਹਾਜਰ ਸਨ ।