ਬਠਿੰਡਾ ਪੁਲਿਸ ਨੇ 150 ਦਿਨਾਂ ‘ਚ ਨਸ਼ਾ ਤਸਕਰਾਂ ਖਿਲਾਫ 860 ਪਰਚੇ ਦਰਜ਼ ਕਰਕੇ 1330 ਗ੍ਰਿਫਤਾਰ
ਅਸ਼ੋਕ ਵਰਮਾ
ਬਠਿੰਡਾ, 30 ਜੁਲਾਈ 2025 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ੇ ਨੂੰ ਠੱਲ੍ਹ ਪਾਉਣ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਵਿਆਪਕ ਪੱਧਰ ‘ਤੇ ਲਗਾਤਾਰ ਕਾਰਵਾਈਆਂ ਅਮਲ ਵਿੱਚ ਲਿਆਂਦੀਆਂ ਜਾ ਰਹੀਆਂ ਹਨ। ਇਹ ਜਾਣਕਾਰੀ ਐਸ.ਐਸ.ਪੀ. ਮੈਡਮ ਅਮਨੀਤ ਕੌਂਡਲ ਨੇ ਸਾਂਝੀ ਕੀਤੀ।
ਇਸ ਸਬੰਧ ਹੋਰ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਮੈਡਮ ਅਮਨੀਤ ਕੌਂਡਲ ਨੇ ਦੱਸਿਆ ਕਿ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ 150ਵੇਂ ਦਿਨਾਂ ‘ਚ ਪੁਲਿਸ ਵਲੋਂ ਨਸ਼ਾ ਤਸਕਰਾਂ ਖਿਲਾਫ 860 ਐਫਆਈਆਰ ਦਰਜ਼ ਕਰਕੇ 1330 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਕੋਲੋਂ ਭਾਰੀ ਮਾਤਰਾ ਵਿੱਚ ਵੱਖ-ਵੱਖ ਤਰ੍ਹਾਂ ਦੇ ਨਸ਼ਿਆਂ ਦੀ ਖੇਪ ਬਰਾਮਦ ਕੀਤੀ ਗਈ।
ਉਨ੍ਹਾਂ ਦੱਸਿਆਂ ਕਿ ਦੋਸ਼ੀਆਂ ਕੋਲੋਂ ਹੈਰੋਇਨ 49.404 ਕਿਲੋਗ੍ਰਾਮ, ਅਫੀਮ 13.992 ਕਿਲੋਗ੍ਰਾਮ, ਨਸ਼ੀਲੇ ਕੈਪਸੂਲ 104733, ਨਸ਼ੀਲੀਆਂ ਸ਼ੀਸ਼ੀਆਂ 121, ਗਾਜਾ 12.021 ਕਿਲੋਗ੍ਰਾਮ ਬਰਾਮਦ ਕੀਤਾ। ਇਸ ਤੋਂ ਇਲਾਵਾ 15,25,500 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ।
ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਪਿੰਡਾਂ ਜਾਂ ਸ਼ਹਿਰਾਂ ਚ ਤੁਹਾਡੇ ਆਲੇ-ਦੁਆਲੇ ਕੋਈ ਵੀ ਤਸਕਰ ਨਸ਼ਾ ਵੇਚਦਾ ਹੈ ਤਾਂ ਉਹ ਪੁਲਿਸ ਦੇ ਐਟੀ ਡਰੱਗ ਵਟਸਐਪ ਚੈਟਬੋਟ ਨੰਬਰ 97791-00200 ‘ਤੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ੇ ਦੇ ਸੌਦਾਗਰ ਦਾ ਪਤਾ ਦੱਸਣ ਵਾਲੇ ਵਿਅਕਤੀ ਦੀ ਪਹਿਚਾਣ ਤੇ ਨਾਮ ਗੁਪਤ ਰੱਖਿਆ ਜਾਵੇਗਾ।