Breaking : ਮਾਨ ਸਰਕਾਰ ਦਾ ਨਸ਼ਾ ਮੁਕਤ ਪੰਜਾਬ ਵੱਲ ਇੱਕ ਹੋਰ ਵੱਡਾ ਕਦਮ
ਰਵੀ ਜੱਖੂ
ਚੰਡੀਗੜ੍ਹ, 1 ਅਗਸਤ 2025 : ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਦਿਆਂ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਨੇ ਸਕੂਲਾਂ ਵਿੱਚ 'ਨਸ਼ਾ ਮੁਕਤੀ' ਦਾ ਵਿਸ਼ਾ ਪੜ੍ਹਾਉਣ ਦਾ ਫੈਸਲਾ ਕੀਤਾ ਹੈ। ਇਸ ਪਹਿਲਕਦਮੀ ਨਾਲ ਪੰਜਾਬ ਦੇਸ਼ ਦਾ ਅਜਿਹਾ ਪਹਿਲਾ ਸੂਬਾ ਬਣ ਜਾਵੇਗਾ, ਜਿੱਥੇ ਵਿਦਿਆਰਥੀਆਂ ਨੂੰ ਸਕੂਲੀ ਪਾਠਕ੍ਰਮ ਦਾ ਹਿੱਸਾ ਬਣਾ ਕੇ ਨਸ਼ਿਆਂ ਬਾਰੇ ਜਾਗਰੂਕ ਕੀਤਾ ਜਾਵੇਗਾ।
ਇਸ ਇਤਿਹਾਸਕ ਪਹਿਲ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਮਾਨ ਅਤੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਫਾਜ਼ਿਲਕਾ ਤੋਂ ਕੀਤੀ ਜਾਵੇਗੀ। ਇਸ ਪ੍ਰੋਗਰਾਮ ਤਹਿਤ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣ ਲਈ ਵਿਸ਼ੇਸ਼ ਤੌਰ 'ਤੇ ਜਾਗਰੂਕ ਕੀਤਾ ਜਾਵੇਗਾ।
ਇਸ ਵਿਸ਼ੇਸ਼ ਪਾਠਕ੍ਰਮ ਤਹਿਤ ਹਰ 15 ਦਿਨਾਂ ਵਿੱਚ 35 ਮਿੰਟ ਦੀ ਇੱਕ ਕਲਾਸ ਲਈ ਜਾਵੇਗੀ। ਇਨ੍ਹਾਂ ਕਲਾਸਾਂ ਵਿੱਚ ਫਿਲਮਾਂ, ਕੁਇਜ਼ ਅਤੇ ਖੇਡਾਂ ਵਰਗੇ ਆਕਰਸ਼ਕ ਤਰੀਕਿਆਂ ਨਾਲ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾਵੇਗਾ। ਇਸ ਉਪਰਾਲੇ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਚੁੰਗਲ ਵਿੱਚ ਫਸਣ ਤੋਂ ਪਹਿਲਾਂ ਹੀ ਜਾਗਰੂਕ ਕਰਨਾ ਹੈ, ਤਾਂ ਜੋ ਇੱਕ ਸਿਹਤਮੰਦ ਅਤੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਕੀਤੀ ਜਾ ਸਕੇ।