ਐਡਵੋਕੇਟ ਧਾਮੀ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਪਹੁੰਚ ਕੇ ਪੀੜਤਾਂ ਦਾ ਦੁੱਖ ਜਾਣਿਆ
ਕਿਸ਼ਤੀ ਰਾਹੀਂ ਜਾ ਕੇ ਪਾਣੀ ਵਿੱਚ ਘਿਰੇ ਲੋਕਾਂ ਤੱਕ ਕੀਤੀ ਪਹੁੰਚ
ਪ੍ਰਭਾਵਿਤ ਪਿੰਡਾਂ ਵਿੱਚ ਪਹੁੰਚ ਕੇ ਸ਼੍ਰੋਮਣੀ ਕਮੇਟੀ ਵੱਲੋਂ ਰਾਹਤ ਸਮੱਗਰੀ ਵੰਡੀ
ਅੰਮ੍ਰਿਤਸਰ, 31 ਅਗਸਤ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਗਏ ਜਿਥੇ ਉਨ੍ਹਾਂ ਨੇ ਪੀੜਤ ਲੋਕਾਂ ਦਾ ਦੁੱਖ ਜਾਣਿਆ ਅਤੇ ਪਿੰਡਾਂ ਵਿਚ ਪਹੁੰਚ ਕੇ ਸ਼੍ਰੋਮਣੀ ਕਮੇਟੀ ਵੱਲੋਂ ਰਾਹਤ ਸਮੱਗਰੀ ਵੰਡੀ। ਉਹ ਖੁਦ ਕਿਸ਼ਤੀ ਰਾਹੀਂ ਹੜ੍ਹ ਦੇ ਪਾਣੀ ਵਿੱਚ ਡੁੱਬੇ ਘਰਾਂ ਵਿੱਚ ਗਏ ਅਤੇ ਲੋਕਾਂ ਦੀ ਪੀੜਾਂ ਦਾ ਅਹਿਸਾਸ ਕੀਤਾ। ਇਸ ਮੌਕੇ ਚੁਫੇਰਿਓਂ ਕਈ ਕਈ ਫੁੱਟ ਪਾਣੀ ਵਿੱਚ ਘਿਰੇ ਪਰ ਬੁਲੰਦ ਹੌਸਲਾ ਰੱਖੀ ਬੈਠੇ ਲੋਕਾਂ ਨੇ ਸਰਕਾਰਾਂ ਦੀਆਂ ਨੀਤੀਆਂ ਤੇ ਸਵਾਲ ਚੁੱਕਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਦੱਸਿਆ ਕਿ ਅਸੀਂ ਤਾਂ ਸਾਲਾਂ ਤੋਂ ਇਨ੍ਹਾਂ ਮੁਸੀਬਤਾਂ ਵਿਚੋਂ ਲੰਘ ਰਹੇ ਹਾਂ, ਪਰ ਕੋਈ ਹੱਲ ਨਹੀਂ ਨਿਕਲਿਆ। ਪੀੜਤ ਲੋਕਾਂ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ ਸਮੇਂ ਸਿਰ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਨਹੀਂ ਕੀਤੇ ਅਤੇ ਦਰਿਆਵਾਂ ਵਿਚ ਇਕਦਮ ਡੈਮਾਂ ਦਾ ਪਾਣੀ ਛੱਡ ਕੇ ਵੱਡੀ ਮੁਸੀਬਤ ਖੜ੍ਹੀ ਕੀਤੀ ਹੈ। ਪੀੜਤਾਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਸਾਰ ਲੈਣ ਪੁੱਜਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਉਨ੍ਹਾਂ ਨੂੰ ਵੱਡਾ ਧਰਵਾਸ ਮਿਲਿਆ ਹੈ।
ਹੜ੍ਹਾਂ ਵਿਚ ਘਿਰੇ ਪੀੜਤ ਲੋਕਾਂ ਨੂੰ ਮਿਲ ਕੇ ਆਉਣ ਮਗਰੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਨ੍ਹਾਂ ਲੋਕਾਂ ਦਾ ਦੁੱਖ ਵੱਡਾ ਹੈ, ਪਰ ਇਹ ਹਿੰਮਤੀ ਲੋਕ ਹਨ ਜੋ ਸੰਕਟ ਸਮੇਂ ਵੀ ਚੜ੍ਹਦੀ ਕਲਾ ਵਿੱਚ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਪੀੜਤਾਂ ਦੀ ਮਦਦ ਲਈ ਆਪਣੀ ਜਿੰਮੇਵਾਰੀ ਨਿਭਾ ਰਹੀ ਹੈ ਅਤੇ ਹਲਾਤ ਠੀਕ ਹੋਣ ਤੱਕ ਰਾਹਤ ਕਾਰਜ਼ ਜਾਰੀ ਰਹਿਣਗੇ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਹੜ੍ਹਾਂ ਤੋਂ ਬਾਅਦ ਪਾਣੀ ਉਤਰਨ ਤੇ ਵੀ ਇਨ੍ਹਾਂ ਲੋਕਾਂ ਅਗੇ ਵੱਡੀਆਂ ਮੁਸ਼ਕਲਾਂ ਹਨ। ਇਸ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵੱਲੋਂ ਇਕ ਕਮੇਟੀ ਬਣਾਈ ਜਾਵੇਗੀ, ਜੋ ਸਾਰੇ ਪੱਖਾਂ ਨੂੰ ਵਿਚਾਰ ਕੇ ਆਪਣੀ ਰਿਪੋਰਟ ਦੇਵੇਗੀ, ਜਿਸ ਅਨੁਸਾਰ ਸ਼੍ਰੋਮਣੀ ਕਮੇਟੀ ਆਪਣੇ ਸੀਮਤ ਸਾਧਨਾਂ ਨਾਲ ਲੋੜ ਅਨੁਸਾਰ ਪੀੜਤਾਂ ਦੀ ਮਦਦ ਕਰੇਗੀ।
ਉਨ੍ਹਾਂ ਕਿਹਾ ਕਿ ਬਹੁਤ ਸਾਰੇ ਲੋਕ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਰਾਹਤ ਕਾਰਜਾਂ ਵਿਚ ਸਹਿਯੋਗ ਕਰਨਾ ਚਾਹੁੰਦੇ ਹਨ, ਜਿਸ ਲਈ ਇਕ ਅਕਾਊਂਟ ਨੰਬਰ ਜਾਰੀ ਕੀਤਾ ਗਿਆ ਹੈ ਜਿਸ ਵਿਚ ਲੋਕ ਇਨ੍ਹਾਂ ਪੀੜਤਾਂ ਲਈ ਸਹਿਯੋਗ ਕਰ ਸਕਦੇ ਹਨ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਨ੍ਹਾਂ ਇਲਾਕਿਆਂ ਵਿਚ ਵੱਖ ਵੱਖ ਗੁਰਦੁਆਰਾ ਸਾਹਿਬਾਨ ਤੋਂ ਪਹਿਲਾਂ ਕੀਤੀਆਂ ਜਾ ਰਹੀਆਂ ਸੇਵਾਵਾਂ ਦਾ ਜਾਇਜ਼ਾ ਵੀ ਲਿਆ ਅਤੇ ਅੱਗੋਂ ਸੇਵਾਵਾਂ ਨਿਰੰਤਰ ਜਾਰੀ ਰੱਖਣ ਲਈ ਹਦਾਇਤਾਂ ਕੀਤੀਆਂ।
ਇਸ ਮੌਕੇ ਐਡਵੋਕੇਟ ਧਾਮੀ ਨੇ ਸਰਕਾਰ ਦੀ ਕਾਰਜਸ਼ੈਲੀ ਤੇ ਸਵਾਲ ਚੁੱਕਦਿਆਂ ਕਿਹਾ ਕਿ ਇਨ੍ਹਾਂ ਨੇ ਆਪ ਤਾਂ ਲੋਕਾਂ ਦੀ ਸਹਾਇਤਾ ਕੀ ਕਰਨੀ ਸੀ, ਸਗੋਂ ਇਹ ਰਾਹਤ ਕਾਰਜ ਕਰ ਰਹੇ ਲੋਕਾਂ ਨੂੰ ਵੀ ਰੋਕ ਰਹੇ ਹਨ। ਉਨ੍ਹਾਂ ਕਿਹਾ ਕਿ ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵੱਡ ਤੇ ਸਾਥੀ ਪਾਣੀ ਵਿੱਚ ਘਿਰੇ ਲੋਕਾਂ ਲਈ ਲੰਗਰ ਲੈ ਕੇ ਜਾ ਰਹੇ ਸਨ, ਜਿਨ੍ਹਾਂ ਨੂੰ ਆਪ ਦੀ ਮਹਿਲਾ ਹਲਕਾ ਇੰਚਾਰਜ ਵੱਲੋਂ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਸਰਕਾਰ ਤੇ ਆਪ ਆਗੂਆਂ ਦਾ ਅਜਿਹੇ ਸਮੇਂ ਐਸਾ ਵਤੀਰਾ ਬਹੁਤ ਮੰਦਭਾਗਾ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਮੈਂਬਰ ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਗੁਰਮੀਤ ਸਿੰਘ ਬੂਹ, ਬੀਬੀ ਗੁਰਪ੍ਰੀਤ ਕੌਰ, ਇੰਜੀ ਸਵਰਨ ਸਿੰਘ, ਬਾਬਾ ਬਲਬੀਰ ਸਿੰਘ ਸੀਚੇਵਾਲ, ਸਕੱਤਰ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸਾਬਕਾ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਅਕਾਲੀ ਆਗੂ ਸ. ਹਰਪ੍ਰੀਤ ਸਿੰਘ ਹੀਰੋ, ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਦੇ ਮੈਨੇਜਰ ਸ. ਅਵਤਾਰ ਸਿੰਘ, ਹੈੱਡ ਗ੍ਰੰਥੀ ਗਿਆਨੀ ਸਤਵੰਤ ਸਿੰਘ, ਭਾਈ ਹਰਜਿੰਦਰ ਸਿੰਘ, ਵਧੀਕ ਮੈਨੇਜਰ ਸ. ਗੁਰਪ੍ਰੀਤ ਸਿੰਘ, ਸ. ਚੈਚਲ ਸਿੰਘ, ਸਾਬਕਾ ਚੇਅਰਮੈਨ ਸ. ਸੁਰਜੀਤ ਸਿੰਘ ਢਿੱਲੋਂ, ਸ. ਕੁਲਦੀਪ ਸਿੰਘ ਬੂਲੇ ਆਦਿ ਮੌਜੂਦ ਰਹੇ।