ਸਿਹਤ ਵਿਭਾਗ ਬਠਿੰਡਾ ਨੇ ਦੂਸ਼ਿਤ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਕੀਤਾ ਜਾਗਰੂਕ
ਅਸ਼ੋਕ ਵਰਮਾ
ਬਠਿਡਾ, 1 ਸਤੰਬਰ 2025 :ਸਿਵਲ ਸਰਜਨ ਬਠਿੰਡਾ ਡਾ ਤਪਿੰਦਰਜੋਤ ਦੇ ਦਿਸ਼ਾ ਨਿਰਦੇਸ਼ਾ ਅਤੇ ਜਿਲ੍ਹਾ ਸਿਹਤ ਅਫ਼ਸਰ ਡਾ ਊਸ਼ਾ ਗੋਇਲ ਦੀ ਅਗਵਾਈ ਹੇਠ ਅਤੇ ਜਿਲ੍ਹਾ ਐਪੀਡੀਮੋਲੋਜਿਸਟ ਡਾ ਸੁਕਰਿਤੀ ਦੀ ਦੇਖਰੇਖ ਹੇਠ ਜਿਲ੍ਹਾ ਬਠਿੰਡਾ ਦੀ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਅਰਬਨ ਏਰੀਆ ਵਿੱਚੋ ਪੀਣ ਵਾਲੇ ਪਾਣੀ ਦੇ ਸੈਂਪਲ ਭਰੇ ਜਾ ਰਹੇ ਹਨ ਅਤੇ ਕਲੋਰੀਨ ਦੀਆਂ ਗੋਲੀਆਂ ਅਤੇ ਓ.ਆਰ.ਐਸ ਦੇ ਪੈਕੇਟ ਵੀ ਵੰਡੇ ਜਾ ਰਹੇ ਹਨ । ਇਸੇ ਤਹਿਤ ਡਿਪਟੀ ਮਾਸ ਮੀਡੀਆ ਅਫ਼ਸਰ ਰੋਹਿਤ ਜਿੰਦਲ ਅਤੇ ਬਲਾਕ ਅਕਟੈਂਸ਼ਨ ਐਜੂਕੇਟਰ ਗਗਨਦੀਪ ਸਿੰਘ ਭੁੱਲਰ ਨੇ ਦੂਸ਼ਿਤ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਅਗਰਵਾਲ ਕਲੋਨੀ, ਛਾਬੜਾ ਹਸਪਤਾਲ ਦੇ ਨਜਦੀਕ ਅਤੇ ਬਹੁਮੰਤਵੀ ਖੇਡ ਸਟੇਡੀਅਮ ਦੇ ਨਜਦੀਕ ਦੂਸ਼ਿਤ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਜਾਗਰੂਕ ਕੀਤਾ ਗਿਆ ।
ਉਹਨਾਂ ਦੱਸਿਆ ਕਿ ਦੂਸ਼ਿਤ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਜਿਵੇ ਕਾਲਾ ਪੀਲੀਆ,ਡਾਇਰੀਆ ਅਤੇ ਪੇਟ ਦੀਆਂ ਬਿਮਾਰੀਆਂ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ । ਉਹਨਾਂ ਦੱਸਿਆ ਕਿ ਪਾਣੀ ਮਨੁੱਖੀ ਸਰੀਰ ਲਈ ਬਹੁਤ ਜਰੂਰੀ ਹੈ ਅਤੇ ਜੇਕਰ ਕੋਈ ਮਨੁੱਖ ਦੂਸ਼ਿਤ ਪਾਣੀ ਪੀਂਦਾ ਹੈ ਤਾਂ ਉਸਨੂੰ ਕਈ ਤਰ੍ਹਾਂ ਦੀਆਂ ਬਿਮਾਰੀਆਂ ਲੱਗਣੀਆਂ ਸੁਭਾਵਿਕ ਹਨ । ਇਸ ਲਈ ਸਾਫ ਪਾਣੀ ਹੀ ਪੀਤਾ ਜਾਵੇ ਅਤੇ ਪਾਣੀ ਉਬਾਲ ਕੇ ਹੀ ਪੀਣਾ ਚਾਹੀਦਾ ਹੈ ਤਾਂ ਜੋ ਇਸ ਵਿਚਲੇ ਹਾਨੀਕਾਰਕ ਤੱਤ ਨਸ਼ਟ ਹੋ ਜਾਣ । ਉਨ੍ਹਾਂ ਹੱਥਾਂ ਦੀ ਉਚੇਚੀ ਸਾਫ ਸਫਾਈ ਰੱਖਣ ਲਈ ਵੀ ਸੁਨੇਹਾ ਦਿੱਤਾ । ਉਹਨਾਂ ਕਿਹਾ ਕਿ ਸਾਰਿਆਂ ਨੂੰ ਖਾਣਾ ਖਾਣ ਤੋਂ ਪਹਿਲਾਂ ਅਤੇ ਸੌਚ ਜਾਣ ਤੋਂ ਬਾਅਦ ਹੱਥਾਂ ਨੂੰ ਸਾਬਣ ਨਾਲ ਸਾਫ਼ ਕਰਨਾ ਚਾਹੀਦਾ ਹੈ। ਆਲੇ ਦੁਆਲੇ ਦੀ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ।