ਸਿਹਤ ਵਿਭਾਗ 7 ਸਤੰਬਰ ਤੱਕ ਮਨਾ ਰਿਹਾ ਹੈ ਕੌਮੀ ਖੁਰਾਕ ਹਫ਼ਤਾ: ਸਿਵਲ ਸਰਜਨ ਬਠਿੰਡਾ
ਅਸ਼ੋਕ ਵਰਮਾ
ਬਠਿੰਡਾ, 1 ਸਤੰਬਰ 2025 : ਜਿਲ੍ਹਾ ਬਠਿੰਡਾ ਵਿੱਚ 1 ਤੋਂ 7 ਸਤੰਬਰ ਤੱਕ ਬਿਹਤਰ ਜਿੰਦਗੀ ਲਈ ਸਹੀ ਖਾਉ " ਥੀਮ ਹੇਠ ਕੌਮੀ ਖੁਰਾਕ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸ ਹਫ਼ਤੇ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ ਤਪਿੰਦਰਜੋਤ ਨੇ ਦੱਸਿਆ ਕਿ ਕੌਮੀ ਖੁਰਾਕ ਹਫ਼ਤੇ ਦਾ ਉਦੇਸ਼ ਗਰਭਵਤੀ ਔਰਤਾਂ, ਨਵ ਜੰਮੇ ਬੱਚਿਆਂ ਅਤੇ ਕਿਸ਼ੋਰ ਅਵਸਥਾ ਵਾਲੇ ਬੱਚਿਆਂ ਦੇ ਨਾਲ ਨਾਲ ਹਰ ਉਮਰ ਵਰਗ ਦੇ ਲੋਕਾਂ ਨੂੰ ਸੰਤੁਲਿਤ ਭੋਜਨ ਅਤੇ ਸੰਤੁਲਿਤ ਭੋਜਨ ਦੇ ਸੋਮਿਆਂ ਸਬੰਧੀ ਜਾਗਰੂਕ ਕਰਨਾ ਹੈ। ਉਹਨਾਂ ਕਿਹਾ ਕਿ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸਾਰਾ ਸਾਲ ਹੀ ਸੰਤੁਲਿਤ ਭੋਜਨ ਬਾਰੇ ਜਾਗਰੂਕਤਾ ਦਿੱਤੀ ਜਾਂਦੀ ਹੈ, ਪਰ ਇਸ ਹਫ਼ਤੇ ਵਿੱਚ ਇੱਕ ਵਿਸ਼ੇਸ ਮੁਹਿੰਮ ਵਿੱਢ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।
ਉਹਨਾਂ ਦੱਸਿਆ ਕਿ ਹਰ ਇਨਸਾਨ ਨੂੰ ਆਪਣੇ ਰੋਜ਼ਾਨਾ ਦੇ ਜੀਵਨ ਵਿੱਚ ਆਪਣੀ ਰੁਝੇਵੇ ਭਰੇ ਕੰਮਾਂ ਦੇ ਨਾਲ ਨਾਲ ਆਪਣੇ ਭੋਜਨ ਦਾ ਵੀ ਖਿਆਲ ਰੱਖਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਹਰੇਕ ਆਦਮੀ ਨੂੰ ਆਪਣੇ ਰੋਜਾਨਾ ਲੋੜੀਦੀ ਮਾਤਰਾ ਵਿੱਚ ਕਾਰਬੋਹਾਈਡ੍ਰੇਟਸ, ਪ੍ਰੋਟੀਨ, ਪਾਣੀ, ਫੈਟ, ਵਿਟਾਮਿਨ, ਖਣਿਜ ਪਦਾਰਥਾਂ ਵਾਲਾ ਭੋਜਨ ਖਾਣਾ ਚਾਹੀਦਾ ਹੈ ਜਿਵੇਂ ਕਿ ਹਰੀਆਂ ਸਬਜ਼ੀਆਂ, ਦੁੱਧ, ਫਲ, ਉਬਲੀਆਂ ਅਤੇ ਪੁੰਗਰੀਆਂ ਦਾਲਾਂ ਆਦਿ। ਉਹਨਾਂ ਗਰਭਵਤੀ ਮਾਵਾਂ ਨੂੰ ਅਪੀਲ ਕੀਤੀ ਕਿ ਉਹਨਾਂ ਨੂੰ ਆਪਣੇ ਪੇਟ ਵਿੱਚ ਪਲ ਰਹੇ ਬੱਚੇ ਦੀ ਖੁਰਾਕ ਦਾ ਧਿਆਨ ਰੱਖ ਕੇ ਸਾਫ਼ ਸੁਥਰਾ ਅਤੇ ਸੰਤੁਲਿਤ ਭੋਜਨ ਖਾਣਾ ਚਾਹੀਦਾ ਹੈ ਅਤੇ ਕਿਸੇ ਮਾਹਿਰ ਡਾਕਟਰ ਤੋਂ ਘੱਟੋ ਘੱਟ 4 ਵਾਰ ਚੈਕਅੱਪ ਕਰਵਾਉਣਾ ਚਾਹੀਦਾ ਹੈ, ਤਾਂ ਜੋ ਕਿ ਤੰਦਰੁਸਤ ਬੱਚਾ ਪੈਦਾ ਹੋਵੇ।
ਉਹਨਾਂ ਨੂੰ ਆਪਣੀ ਰੋਜਾਨਾ ਦੀ ਖੁਰਾਕ ਵਿੱਚ ਮੌਸਮੀ ਫ਼ਲ ਅਤੇ ਸਬਜੀਆਂ, ਆਂਡਾ, ਪਨੀਰ ਅਤੇ ਸੋਇਆਬੀਨ ਲੈਣੇ ਚਾਹੀਦੇ ਹਨ। ਉਹਨਾਂ ਦੱਸਿਆ ਕਿ ਬੱਚਿਆਂ ਨੂੰ ਸੂਚੀ ਅਨੁਸਾਰ ਸੰਪੂਰਨ ਟੀਕਾਕਰਣ ਕਰਵਾਉਣਾ ਚਾਹੀਦਾ ਹੈ ਤਾਂ ਜੋ ਬੱਚਾ ਆਪਣੀ ਪੂਰੀ ਜਿੰਦਗੀ 11 ਮਾਰੂ ਬਿਮਾਰੀਆਂ ਤੋਂ ਬਚਿਆ ਰਹੇ। ਉਹਨਾਂ ਅਪੀਲ ਕੀਤੀ ਕਿ ਉਹ ਪੌਸ਼ਟਿਕ ਭੋਜਨ ਬਾਰੇ ਅੱਗੇ ਆਪਣੇ ਘਰ ਵਿੱਚ ਅਤੇ ਗੁਆਂਢੀਆਂ ਨੂੰ ਜਾਗਰੂਕ ਕੀਤਾ ਜਾਵੇ। ਉਹਨਾਂ ਕਿਹਾ ਕਿ ਤਲੇ ਹੋਏ, ਫਾਸਟ ਫੂਡ, ਜ਼ਿਆਦਾ ਨਮਕ, ਜ਼ਿਆਦਾ ਚੀਨੀ, ਸ਼ਰਾਬ ਅਤੇ ਸਿਗਰਟ ਤੋਂ ਪ੍ਰਹੇਜ਼ ਕੀਤਾ ਜਾਵੇ। ਉਹਨਾਂ ਦੱਸਿਆ ਕਿ ਅਸੰਤੁਲਿਤ ਭੋਜਨ ਅਤੇ ਸਰੀਰਕ ਗਤੀਵਿਧੀਆਂ ਦੀ ਘਾਟ ਨਾਲ ਗੈਰ ਸੰਚਾਰੀ ਬਿਮਾਰੀਆਂ ਜਿਵੇਂ ਬਲੱਡ ਪ੍ਰੈਸ਼ਰ, ਸ਼ੂਗਰ, ਮੋਟਾਪਾ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ। ਇਸ ਲਈ ਹਮੇਸ਼ਾ ਸੰਤੁਲਿਤ ਭੋਜਨ ਖਾਣਾ ਚਾਹੀਦਾ ਅਤੇ ਸਰੀਰਕ ਕਸਰਤ ਵਿੱਚ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ।