ਰਾਘਵ ਚੱਢਾ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਲਈ 3.25 ਕਰੋੜ ਰੁਪਏ ਦੀ ਆਰਥਿਕ ਸਹਾਇਤਾ ਦੇਣ ਲਈ ਰਮਨ ਬਹਿਲ ਨੇ ਧੰਨਵਾਦ ਕੀਤਾ
ਇਸ ਸੰਕਟ ਦੀ ਘੜੀ ਵਿੱਚ ਪੀੜ੍ਹਤਾਂ ਦੀ ਬਾਂਹ ਫੜਨਾ ਨੇਕ ਕਾਰਜ - ਰਮਨ ਬਹਿਲ
ਰੋਹਿਤ ਗੁਪਤਾ
ਗੁਰਦਾਸਪੁਰ, 03 ਸਤੰਬਰ 2025- ਪੰਜਾਬ ਤੋਂ ਰਾਜ ਸਭਾ ਮੈਂਬਰ ਸ਼੍ਰੀ ਰਾਘਵ ਚੱਢਾ ਨੇ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਆਪਣੇ ਵੱਲੋਂ ਵੱਡੀ ਆਰਥਿਕ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਸ੍ਰੀ ਰਾਘਵ ਚੱਢਾ ਨੇ ਆਪਣੇ ਐੱਮ.ਪੀ. ਲੈਡ ਫ਼ੰਡ ਵਿਚੋਂ 2.75 ਕਰੋੜ ਰੁਪਏ ਰਾਵੀ ਦਰਿਆ ਦੇ ਧੁੱਸੀ ਬੰਨ੍ਹ ਨੂੰ ਮਜ਼ਬੂਤ ਕਰਨ ਲਈ ਦੇਣ ਦੀ ਘੋਸ਼ਣਾ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਚੱਲ ਰਹੇ ਰਾਹਤ ਕਾਰਜਾਂ ਲਈ ਵੱਖਰੇ ਤੌਰ 'ਤੇ 50 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਵੀ ਐਲਾਨ ਕੀਤਾ ਹੈ, ਤਾਂ ਜੋ ਪ੍ਰਭਾਵਿਤ ਪਰਿਵਾਰਾਂ ਨੂੰ ਤੁਰੰਤ ਮਦਦ ਮਿਲ ਸਕੇ।
ਰਾਜ ਸਭਾ ਮੈਂਬਰ ਸ੍ਰੀ ਰਾਘਵ ਚੱਢਾ ਵੱਲੋਂ ਸੰਕਟ ਦੀ ਘੜੀ ਵਿੱਚ ਕੀਤੀ ਇਸ ਮਾਲੀ ਇਮਦਾਦ ਲਈ ਗੁਰਦਾਸਪੁਰ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸ੍ਰੀ ਰਮਨ ਬਹਿਲ ਨੇ ਉਨ੍ਹਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਚੱਢਾ ਵੱਲੋਂ ਵੱਲੋਂ ਕੀਤੀ ਇਹ ਇਮਦਾਦ ਭਵਿੱਖ ਵਿੱਚ ਹੜ੍ਹ ਕਾਰਨ ਹੋਣ ਵਾਲੇ ਨੁਕਸਾਨ ਤੋਂ ਲੋਕਾਂ ਨੂੰ ਬਚਾਉਣ ਵਿੱਚ ਸਹਾਈ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ, ਰਾਘਵ ਚੱਢਾ ਜੀ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਚੱਲ ਰਹੇ ਰਾਹਤ ਕਾਰਜਾਂ ਲਈ 50 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਵੀ ਐਲਾਨ ਕੀਤਾ ਹੈ, ਜਿਸ ਨਾਲ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਮਿਲ ਸਕੇਗੀ। ਸ੍ਰੀ ਰਮਨ ਬਹਿਲ ਨੇ ਰਾਜ ਸਭਾ ਮੈਂਬਰ ਰਾਘਵ ਚੱਢਾ ਦਾ ਇਸ ਵੱਡੀ ਆਰਥਿਕ ਸਹਾਇਤਾ ਲਈ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਸੰਕਟ ਦੀ ਘੜੀ ਵਿੱਚ ਲੋੜਵੰਦਾਂ ਦੀ ਬਾਂਹ ਫੜਨਾ ਨੇਕ ਕਾਰਜ ਹੈ ਜਿਸ ਲਈ ਸਮੂਹ ਜ਼ਿਲ੍ਹਾ ਵਾਸੀ ਉਨ੍ਹਾਂ ਦੇ ਧੰਨਵਾਦੀ ਹਨ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਦੇ ਨਾਲ ਹੈ ਅਤੇ ਪੰਜਾਬ ਸਰਕਾਰ ਹੜ੍ਹ ਪੀੜ੍ਹਤਾਂ ਦੀ ਸਹਾਇਤਾ ਲਈ ਹਰ ਤਰਾਂ ਦੇ ਕਦਮ ਉਠਾਏ ਜਾ ਰਹੇ ਹਨ।