ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਮੇਂ ਸਿਰ ਰਾਹਤ ਪਹੁੰਚਾਉਣ ਅਤੇ ਲੋਕਾਂ ਦੇ ਮੁੜ-ਵਸੇਬੇ ਲਈ ਹਰ ਸੰਭਵ ਯਤਨ ਕਰ ਰਹੀ: ਸ਼ੈਰੀ ਕਲਸੀ
ਪਿੰਡ ਧਰਮਕੋਟ ਪੱਤਣ ਵਿਖੇ ਪਿੰਡ ਵਾਸੀਆਂ ਨੂੰ ਮਿਲਕੇ ਹਰ ਸੰਭਵ ਸਹਾਇਤਾ ਦਾ ਦਿੱਤਾ ਭਰੋਸਾ
ਰੋਹਿਤ ਗੁਪਤਾ
ਬਟਾਲਾ, 3 ਸਤੰਬਰ 2025- ਕੁਦਰਤ ਨੇ ਜੋ ਨੁਕਸਾਨ ਇਸ ਵਾਰ ਕਰ ਦਿੱਤਾ ਹੈ, ਉਹ ਬਹੁਤ ਵੱਡਾ ਹੈ, ਪਰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਹੜ੍ਹ ਪ੍ਰਭਾਵਿਤ ਪਿੰਡ ਵਾਸੀਆਂ ਨਾਲ ਹੈ, ਤੁਹਾਡੇ ਹਰ ਦੁੱਖ ਵਿੱਚ ਸ਼ਰੀਕ ਹਾਂ ਅਤੇ ਹੜ੍ਹਾਂ ਦਾ ਪਾਣੀ ਉਤਰਨ ਤੋਂ ਬਾਅਦ ਸਰਕਾਰ ਵਲੋਂ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇਗਾ। ਇਹ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕੀਤਾ। ਇਸ ਮੌਕੇ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਰੰਧਾਵਾ, ਡਾ ਸੰਨੀ ਆਹਲੂਵਾਲੀਆ, ਚੇਅਰਮੈਨ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ਼, ਗੁਰਦੇਵ ਸਿੰਘ ਲੱਖਣਾ, ਚੇਅਰਮੈਨ ਪੰਜਾਬ ਰਾਜ ਗੁਦਾਮ ਨਿਗਮ ਅਤੇ ਜਿਲ੍ਹਾ ਪ੍ਰਧਾਨ ਜੋਬਨ ਰੰਧਾਵਾ ਨੇ ਪਿੰਡ ਧਰਮਕੋਟ ਪੱਤਣ ਵਿਖੇ ਪਿੰਡ ਵਾਸੀਆਂ ਨੂੰ ਮਿਲਣ ਦੋਰਾਨ ਕੀਤਾ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਮੇਂ ਸਿਰ ਰਾਹਤ ਪਹੁੰਚਾਉਣ, ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਅਤੇ ਉਨ੍ਹਾਂ ਦੇ ਮੁੜ-ਵਸੇਬੇ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ।
ਉੁਨਾਂ ਪਹਾੜਾਂ ਉੱਤੇ ਪਏ ਭਾਰੀ ਮੀਂਹ ਕਾਰਨ ਹੋਏ ਹੋਏ ਨੁਕਸਾਨ ਲਈ ਲੋਕਾਂ ਨਾਲ ਹਮਦਰਦੀ ਜ਼ਾਹਿਰ ਕਰਦਿਆਂ ਕਿਹਾ ਕਿ ਕੁਦਰਤ ਅੱਗੇ ਕਿਸੇ ਦਾ ਜ਼ੋਰ ਨਹੀਂ, ਪਰ ਹੁਣ ਅਸੀਂ ਸਾਰੇ ਰਲ ਮਿਲ ਕੇ ਇਸ ਸੰਕਟ ਵਿੱਚੋਂ ਉਭਰ ਸਕਦੇ ਹਾਂ। ਉਨਾਂ ਕਿਹਾ ਕਿ ਮੈਂ ਧੰਨਵਾਦ ਕਰਦਾ ਹਾਂ ਸਾਡੇ ਕਰਮਚਾਰੀਆਂ, ਸਮਾਜ ਸੇਵੀ ਸੰਸਥਾਵਾਂ ਅਤੇ ਲੋਕਾਂ ਦਾ ਜਿਨਾਂ ਨੇ ਰਲ ਮਿਲ ਕੇ ਸੈਂਕੜੇ ਮਨੁੱਖੀ ਜਾਨਾਂ ਬਚਾਈਆਂ ਅਤੇ ਹੁਣ ਸਾਰੇ ਲੋੜਵੰਦਾਂ ਤੱਕ ਪਾਣੀ, ਰਾਸ਼ਨ, ਦਵਾਈਆਂ ਆਦਿ ਪਹੁੰਚਾ ਰਹੇ ਹਨ ।
ਉਨਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਗੁਰਦਾਸਪੁਰ ਦੇ ਨੀਵੇਂ ਅਤੇ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚੋਂ 5581 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ। ਪ੍ਰਭਾਵਿਤ ਪਰਿਵਾਰਾਂ ਨੂੰ ਠਹਿਰ ਅਤੇ ਜਰੂਰੀ ਸਹੂਲਤਾਂ ਪ੍ਰਦਾਨ ਕਰਨ ਲਈ ਜ਼ਿਲ੍ਹੇ ਵਿੱਚ 25 ਰਾਹਤ ਕੈਂਪ ਬਣਾਏ ਗਏ ਹਨ ਅਤੇ ਗੁਰਦਾਸਪੁਰ ਜ਼ਿਲ੍ਹੇ ਦੇ 324 ਪਿੰਡ ਹੜ੍ਹਾਂ ਦੀ ਮਾਰ ਹੇਠ ਆਏ ਹਨ।