ਹੜ੍ਹ ਪ੍ਰਭਾਵਿਤ ਇਲਾਕਿਆਂ ਅੰਦਰ ਸ਼੍ਰੋਮਣੀ ਕਮੇਟੀ ਵੱਲੋਂ ਰਾਹਤ ਸੇਵਾਵਾਂ ਲਗਾਤਾਰ ਜਾਰੀ
ਸ਼੍ਰੋਮਣੀ ਕਮੇਟੀ ਮੁਲਾਜ਼ਮ ਵੱਲੋਂ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਆਰੰਭ; 5 ਸਤੰਬਰ ਨੂੰ ਪਾਏ ਜਾਣਗੇ ਭੋਗ
ਅੰਮ੍ਰਿਤਸਰ, 3 ਸਤੰਬਰ 2025- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੜ੍ਹ ਪ੍ਰਭਾਵਿਤ ਇਲਾਕਿਆਂ ਅੰਦਰ ਰਾਹਤ ਸੇਵਾਵਾਂ ਲਗਾਤਾਰ ਪਹੁੰਚਾ ਰਹੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਹੜਾਂ ਦੀ ਮਾਰ ਹੇਠ ਆਏ ਲੋਕਾਂ ਜਿਥੇ ਜ਼ਰੂਰੀ ਵਸਤੂਆਂ ਪਹੁੰਚਾਈਆਂ ਜਾ ਰਹੀਆਂ ਹਨ, ਉਥੇ ਹੀ ਪਸ਼ੂਆਂ ਲਈ ਚਾਰੇ ਦਾ ਵੀ ਵਿਸ਼ੇਸ਼ ਤੌਰ ’ਤੇ ਪ੍ਰਬੰਧ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵੱਲ੍ਹਾ ਤੋਂ ਵਿਸ਼ੇਸ਼ ਮੈਡੀਕਲ ਟੀਮਾਂ ਲੋੜਵੰਦਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੀਆਂ ਹਨ ਅਤੇ ਲੋੜ ਅਨੁਸਾਰ ਦਵਾਈਆਂ ਵੀ ਦਿੱਤੀਆਂ ਜਾ ਰਹੀਆਂ ਹਨ। ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਹਸਪਤਾਲ ਅੰਮ੍ਰਿਤਸਰ ਅਤੇ ਬਾਬਾ ਬੁੱਢਾ ਜੀ ਚੈਟੀਟੇਬਲ ਹਸਪਤਾਲ ਬੀੜ ਸਾਹਿਬ ਠੱਠਾ ਵਿਖੇ ਹੜ੍ਹ ਪ੍ਰਭਾਵਿਤ ਇਲਾਕਿਆਂ ਤੋਂ ਆਉਣ ਵਾਲੇ ਮਰੀਜ਼ਾਂ ਦੇ ਮੁਫ਼ਤ ਇਲਾਜ਼ ਦਾ ਪ੍ਰਬੰਧ ਕੀਤਾ ਗਿਆ ਹੈ।
ਇਸ ਸਬੰਧੀ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਡੇਰਾ ਬਾਬਾ ਨਾਨਕ, ਰਮਦਾਸ, ਅਜਨਾਲਾ, ਸੁਲਤਾਨਪੁਰ ਲੋਧੀ, ਕਪੂਰਥਲਾ, ਫਿਰੋਜ਼ਪੁਰ ਸਮੇਤ ਪੰਜਾਬ ਦੇ ਬਹੁਤ ਸਾਰੇ ਇਲਾਕੇ ਹੜ੍ਹਾਂ ਦੀ ਵੱਡੀ ਮਾਰ ਝੱਲ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਦੀਆਂ ਹਦਾਇਤਾਂ ’ਤੇ ਲਗਾਤਾਰ ਰਾਹਤ ਸੇਵਾਵਾਂ ਨਿਰੰਤਰ ਚੱਲ ਰਹੀਆਂ ਹਨ ਅਤੇ ਲੋਕਾਂ ਦੀ ਮੰਗ ਤੇ ਲੋੜਾਂ ਅਨੁਸਾਰ ਜ਼ਰੂਰੀ ਵਸਤੂਆਂ ਭੇਜੀਆਂ ਜਾ ਰਹੀਆਂ ਹਨ।
ਇਸੇ ਦੌਰਾਨ ਅੱਜ ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਜ਼ਮਾਂ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੜ੍ਹਾਂ ਦੀ ਬਣੀ ਸਥਿਤੀ ਦੇ ਮੱਦੇਨਜ਼ਰ ਪੰਜਾਬ ਦੀ ਸੁਖ ਸ਼ਾਂਤੀ ਅਤੇ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਗਿਆ, ਜਿਸ ਦੇ ਭੋਗ 5 ਸਤੰਬਰ ਨੂੰ ਪਾਏ ਜਾਣਗੇ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਮੇਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਅਧਿਕਾਰੀ, ਕਰਮਚਾਰੀ ਅਤੇ ਸੰਗਤਾਂ ਸਰਬੱਤ ਦੇ ਭਲੇ ਦੀ ਅਰਦਾਸ ਵਿਚ ਸ਼ਮੂਲੀਅਤ ਕਰਨਗੀਆਂ।