ਪ੍ਰਧਾਨ ਮੰਤਰੀ ਪੰਜਾਬ ਦੇ ਹਾਲਾਤ ਨੂੰ ਵੇਖ ਕੇ ਚਿੰਤਤ ਹਨ : ਸੁਨੀਲ ਜਾਖੜ
ਪੰਜਾਬ ਦੇ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ 9 ਸਤੰਬਰ ਨੂੰ ਪੰਜਾਬ ਆਉਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ: ਸੁਨੀਲ ਜਾਖੜ
ਚੰਡੀਗੜ੍ਹ , 7 ਸਤੰਬਰ 2025 : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਵਿੱਚ ਆਏ ਹੜ੍ਹਾਂ ਦੀ ਸਥਿਤੀ ਤੋਂ ਬਹੁਤ ਚਿੰਤਤ ਹਨ ਅਤੇ ਉਹ ਲਗਾਤਾਰ ਸਥਿਤੀ 'ਤੇ ਨਜ਼ਰ ਰੱਖ ਰਹੇ ਹਨ। ਜਾਖੜ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਖੁਦ ਜ਼ਮੀਨੀ ਹਾਲਾਤਾਂ ਦਾ ਜਾਇਜ਼ਾ ਲੈਣ ਅਤੇ ਪੀੜਤਾਂ ਦੀ ਵੱਧ ਤੋਂ ਵੱਧ ਮਦਦ ਕਰਨ ਦੇ ਮਕਸਦ ਨਾਲ 9 ਸਤੰਬਰ ਨੂੰ ਪੰਜਾਬ ਦਾ ਦੌਰਾ ਕਰਨਗੇ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਪਹਿਲਾਂ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨੂੰ ਵੀ ਸਥਿਤੀ ਦਾ ਜਾਇਜ਼ਾ ਲੈਣ ਲਈ ਭੇਜਿਆ ਗਿਆ ਸੀ। ਇਸ ਤੋਂ ਇਲਾਵਾ, ਕੇਂਦਰ ਸਰਕਾਰ ਦੀਆਂ ਦੋ ਟੀਮਾਂ ਨੇ ਵੀ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਮੁਲਾਂਕਣ ਕੀਤਾ ਹੈ ਅਤੇ ਜਲਦ ਹੀ ਆਪਣੀ ਰਿਪੋਰਟ ਕੇਂਦਰ ਸਰਕਾਰ ਨੂੰ ਸੌਂਪਣਗੀਆਂ।
ਜਾਖੜ ਨੇ ਜ਼ੋਰ ਦੇ ਕੇ ਕਿਹਾ ਕਿ ਭਾਰਤ ਸਰਕਾਰ ਪੰਜਾਬ ਦੇ ਲੋਕਾਂ ਨਾਲ ਪੂਰੀ ਤਰ੍ਹਾਂ ਖੜ੍ਹੀ ਹੈ ਅਤੇ ਇਸ ਮੁਸ਼ਕਲ ਸਮੇਂ ਵਿੱਚ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ।