ਗੁਰਦੁਆਰਾ ਧੋਬੜੀ ਸਾਹਿਬ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ (ਮਾਡਲ ਟਾਊਨ) ਬਰੇਲੀ ਤੋਂ ਕਾਸ਼ੀਪੁਰ ਲਈ ਰਵਾਨਾ
ਅੰਮ੍ਰਿਤਸਰ, 8 ਸਤੰਬਰ-
ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੀ ਸ਼ਹਾਦਤ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ (ਮਾਡਲ ਟਾਊਨ) ਬਰੇਲੀ ਤੋਂ ਆਪਣੇ ਅਗਲੇ ਪੜਾਅ ਗੁਰਦੁਆਰਾ ਨਨਕਾਣਾ ਸਾਹਿਬ ਕਾਸ਼ੀਪੁਰ ਲਈ ਰਵਾਨਾ ਹੋਇਆ।
ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨਾਂ ਵਿਚ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਸੰਗਤਾਂ ਨਾਲ ਗੁਰਬਾਣੀ ਗੁਰ-ਇਤਿਹਾਸ ਬਾਰੇ ਵਿਚਾਰਾਂ ਦੀ ਸਾਂਝ ਪਾਈ। ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬਰੇਲੀ ਦੇ ਪ੍ਰਬੰਧਕਾਂ ਵੱਲੋਂ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਹਾਜਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ ਗਏ।
ਅੱਜ ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਸਿੰਘ ਸਭਾ (ਮਾਡਲ ਟਾਊਨ) ਬਰੇਲੀ ਤੋਂ ਆਰੰਭ ਹੋ ਕੇ ਬਹੇੜੀ, ਨਾਨਕਪੁਰੀ ਟਾਂਡਾ, ਕਿੱਛਾ, ਰੁਦਰਪੁਰ, ਦੋਰਾਹਾ (ਬਾਜਪੁਰ) ਤੋਂ ਹੁੰਦਾ ਹੋਇਆ ਗੁਰਦੁਆਰਾ ਨਨਕਾਣਾ ਸਾਹਿਬ ਕਾਸ਼ੀਪੁਰ ਉਤਰਾਖੰਡ ਵਿਖੇ ਪੁੱਜਾ। 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਇਸ ਨਗਰ ਕੀਰਤਨ ਦਾ ਵੱਖ-ਵੱਖ ਸਥਾਨਾਂ ’ਤੇ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਉਤਸ਼ਾਹ ਨਾਲ ਸਵਾਗਤ ਕੀਤਾ।
ਦੱਸਣਯੋਗ ਹੈ ਕਿ ਇਹ ਸ਼ਹੀਦੀ ਨਗਰ ਕੀਰਤਨ ਅੱਜ ਰਾਤ ਗੁਰਦੁਆਰਾ ਨਨਕਾਣਾ ਸਾਹਿਬ ਕਾਸ਼ੀਪੁਰ ਵਿਖੇ ਰੁਕੇਗਾ, ਜਿਥੋਂ 9 ਸਤੰਬਰ ਨੂੰ ਅਗਲੇ ਪੜਾਅ ਗੜ੍ਹ ਮੁਕਤੇਸ਼ਵਰ ਲਈ ਰਵਾਨਾ ਹੋਵੇਗਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਅਮਰਜੀਤ ਸਿੰਘ ਭਲਾਈਪੁਰ, ਸ. ਅਮਰਜੀਤ ਸਿੰਘ ਬੰਡਾਲਾ, ਮੀਤ ਸਕੱਤਰ ਸ. ਗੁਰਨਾਮ ਸਿੰਘ, ਇੰਚਾਰਜ ਸ. ਜਗਜੀਤ ਸਿੰਘ, ਸ. ਸਿਮਰਨਜੀਤ ਸਿੰਘ ਕੰਗ, ਚੀਫ ਗੁਰਦੁਆਰਾ ਇੰਸਪੈਕਟਰ ਸ. ਜਗਦੀਸ਼ ਸਿੰਘ ਬੁੱਟਰ, ਇੰਚਾਰਜ ਸਿੱਖ ਮਿਸ਼ਨ ਉੱਤਰਾਖੰਡ ਭਾਈ ਸੁਖਵਿੰਦਰ ਸਿੰਘ, ਮੀਤ ਮੈਨੇਜਰ ਸ. ਰਵਿੰਦਰਜੀਤ ਸਿੰਘ, ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਸ. ਐਮ.ਪੀ. ਸਿੰਘ, ਸ. ਮਨਜੀਤ ਸਿੰਘ ਨਾਗਪਾਲ, ਸ. ਹਰਮਨ ਸਿੰਘ, ਸ. ਮਾਲਕ ਸਿੰਘ ਕਾਲਰਾ, ਸ. ਪਰਮਜੀਤ ਸਿੰਘ ਓਬਰਾਏ, ਜਥੇਦਾਰ ਸੁਰਜੀਤ ਸਿੰਘ ਬਘੌਰਾ ਸਮੇਤ ਸੰਗਤਾਂ ਹਾਜ਼ਰ ਸਨ।