ਹਰਜੋਤ ਬੈਂਸ ਵੱਲੋਂ ਸੀਨੀਅਰ ਪੱਤਰਕਾਰਾਂ ਦੇ ਪਿਤਾ ਸੰਤ ਰਾਮ ਵਸ਼ਿਸ਼ਟ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 12 ਸਤੰਬਰ 2025- ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਜੱਗ ਬਾਣੀ ਅਖ਼ਬਾਰ ਦੇ ਰੈਜ਼ੀਡੈਂਟ ਐਡੀਟਰ ਸ੍ਰੀ ਰਣਦੀਪ ਵਸ਼ਿਸ਼ਟ ਅਤੇ ਦੈਨਿਕ ਭਾਸਕਰ ਅਖ਼ਬਾਰ ਦੇ ਸੀਨੀਅਰ ਪੱਤਰਕਾਰ ਸ੍ਰੀ ਸੰਦੀਪ ਵਸ਼ਿਸ਼ਟ ਦੇ ਪਿਤਾ ਸ੍ਰੀ ਸੰਤ ਰਾਮ ਵਸ਼ਿਸ਼ਟ (92) ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ੍ਰੀ ਸੰਤ ਰਾਮ ਵਸ਼ਿਸ਼ਟ ਦੀ ਸਿਹਤ ਕਾਫ਼ੀ ਸਮੇਂ ਤੋਂ ਨਾਸਾਜ਼ ਚੱਲ ਰਹੀ ਸੀ ਅਤੇ ਅੱਜ ਸਵੇਰ ਉਨ੍ਹਾਂ ਦਾ ਦੇਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਰੂਪਨਗਰ ਜ਼ਿਲ੍ਹੇ 'ਚ ਪੈਂਦੇ ਪਿੰਡ ਬੂਰ ਮਾਜਰਾ ਦੇ ਸ਼ਮਸ਼ਾਨਘਾਟ ਵਿੱਚ ਕੀਤਾ ਗਿਆ।
ਦੁਖੀ ਪਰਿਵਾਰ ਨਾਲ ਦਿਲੀਂ ਹਮਦਰਦੀ ਜ਼ਾਹਰ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸ੍ਰੀ ਸੰਤ ਰਾਮ ਵਸ਼ਿਸ਼ਟ ਇੱਕ ਨੇਕ ਦਿਲ ਇਨਸਾਨ ਸਨ ਜਿਨ੍ਹਾਂ ਨੂੰ ਉਨ੍ਹਾਂ ਦੀ ਸਾਦਗੀ, ਇਮਾਨਦਾਰੀ ਅਤੇ ਸਮਾਜ ਭਲਾਈ ਪ੍ਰਤੀ ਵਚਨਬੱਧਤਾ ਲਈ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਵਸ਼ਿਸ਼ਟ ਦੀਆਂ ਕਦਰਾਂ-ਕੀਮਤਾਂ ਅਤੇ ਵਿਰਾਸਤ, ਉਨ੍ਹਾਂ ਦੇ ਪਰਿਵਾਰ ਅਤੇ ਉਨ੍ਹਾਂ ਸਾਰਿਆਂ ਨੂੰ ਪ੍ਰੇਰਿਤ ਕਰਦੀਆਂ ਰਹਿਣਗੀਆਂ, ਜੋ ਉਨ੍ਹਾਂ ਨੂੰ ਨੇੜਿਓਂ ਜਾਣਦੇ ਸਨ। ਕੈਬਨਿਟ ਮੰਤਰੀ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਇਸ ਮੁਸ਼ਕਲ ਘੜੀ ਵਿੱਚ ਪਰਿਵਾਰ ਨੂੰ ਇਹ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖ਼ਸ਼ਣ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ। ਵਸ਼ਿਸ਼ਟ ਦੇ ਪਰਿਵਾਰ ਵਿੱਚ ਪਿੱਛੇ ਉਨ੍ਹਾਂ ਦੀ ਪਤਨੀ, ਤਿੰਨ ਪੁੱਤਰ ਅਤੇ ਇੱਕ ਧੀ ਹਨ।