ਮੇਰਾ ਵਾਰਡ, ਕਿੰਨਾ ਸਾਫ਼" ਮੁਹਿੰਮ ਦੇ ਹਿੱਸੇ ਵਜੋਂ ਸ਼ਹਿਰ ਨੂੰ ਸਾਫ ਰੱਖਣ ਲਈ ਵੱਖ-ਵੱਖ ਪਹਿਲਕਦਮੀਆਂ
ਅਸ਼ੋਕ ਵਰਮਾ
ਬਠਿੰਡਾ, 19 ਸਤੰਬਰ2025 : ਸ਼ਹਿਰ ਦੀ ਸਫ਼ਾਈ ਨੂੰ ਬਿਹਤਰ ਬਣਾਉਣ ਲਈ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਸੈਨੀਟੇਸ਼ਨ ਵਿਭਾਗ ਦੀ ਮੀਟਿੰਗ ਹੋਈ। ਮੀਟਿੰਗ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ, ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਅਤੇ ਕਮਿਸ਼ਨਰ ਮੈਡਮ ਕੰਚਨ ਨੇ ਸਾਂਝੇ ਤੌਰ 'ਤੇ ਕੀਤੀ। ਇਸ ਦੌਰਾਨ ਨਗਰ ਨਿਗਮ ਦੇ ਸੀਨੀਅਰ ਕਾਰਜਕਾਰੀ ਇੰਜੀਨੀਅਰ ਸ੍ਰੀ ਸੰਦੀਪ ਰੋਮਾਣਾ, ਐਕਸੀਅਨ ਸ੍ਰੀ ਰਜਿੰਦਰ ਕੁਮਾਰ ਅਤੇ ਸ੍ਰੀ ਨੀਰਜ ਕੁਮਾਰ, ਸੀਐਸਓ ਸ੍ਰੀ ਸਤੀਸ਼ ਕੁਮਾਰ ਅਤੇ ਸਾਰੇ ਸੈਨੇਟਰੀ ਇੰਸਪੈਕਟਰ ਮੌਜੂਦ ਸਨ।
ਮੀਟਿੰਗ ਵਿੱਚ ਡੀਸੀ ਅਤੇ ਮੇਅਰ ਨੇ ਸ਼ਹਿਰ ਦੀ ਸਫ਼ਾਈ ਸਬੰਧੀ ਕਈ ਮਹੱਤਵਪੂਰਨ ਹਦਾਇਤਾਂ ਜਾਰੀ ਕੀਤੀਆਂ। ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਸ਼ਹਿਰ ਦੀਆਂ ਸਾਰੀਆਂ ਸੜਕਾਂ ਦੀ ਸਫਾਈ ਸਵੇਰੇ 9 ਵਜੇ ਤੋਂ ਪਹਿਲਾਂ ਪੂਰੀ ਕਰਨ ਦੇ ਨਿਰਦੇਸ਼ ਦਿੱਤੇ ਗਏ। ਇਸ ਤੋਂ ਇਲਾਵਾ, ਸੈਕੰਡਰੀ ਪੁਆਇੰਟਾਂ ਨੂੰ ਖਤਮ ਕਰਨ ਦਾ ਆਦੇਸ਼ ਦਿੱਤਾ ਗਿਆ, ਰੇਹੜੀਆਂ ਫੜੀਆਂ ਵਾਲਿਆਂ ਨੂੰ ਸਫਾਈ ਪ੍ਰਤੀ ਜਾਗਰੂਕ ਕਰਨ ਅਤੇ ਟਿੱਪਰਾਂ ਦੀਆਂ ਮੁਰੰਮਤ ਰਿਪੋਰਟਾਂ ਲਾਜ਼ਮੀ ਕੀਤੀਆਂ ਗਈਆਂ।
ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਕਿਹਾ ਕਿ ਘਰ-ਘਰ ਕੂੜਾ ਇਕੱਠਾ ਕਰਨਾ ਹਰ ਕੀਮਤ 'ਤੇ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਵੱਡੇ ਡਸਟਬਿਨ ਲਗਾਏ ਜਾਣੇ ਚਾਹੀਦੇ ਹਨ, ਤਾਂ ਜੋ ਕੂੜਾ ਖਿੰਡਣ ਤੋਂ ਰੋਕਿਆ ਜਾ ਸਕੇ। ਮੁੱਖ ਚੌਰਾਹਿਆਂ ਨੂੰ ਸੁੰਦਰ ਬਣਾਉਣ 'ਤੇ ਵੀ ਜ਼ੋਰ ਦਿੱਤਾ ਗਿਆ।
ਡੀਸੀ ਸ਼੍ਰੀ ਰਾਜੇਸ਼ ਧੀਮਾਨ ਨੇ ਕਿਹਾ ਕਿ ਉਹ, ਮੇਅਰ ਅਤੇ ਕਮਿਸ਼ਨਰ ਦੇ ਨਾਲ, "ਮੇਰਾ ਵਾਰਡ ਕਿੰਨਾ ਸਾਫ਼" ਮੁਹਿੰਮ ਦੇ ਹਿੱਸੇ ਵਜੋਂ ਹਰ ਸਵੇਰੇ ਸ਼ਹਿਰ ਦੇ ਸਾਰੇ ਵਾਰਡਾਂ ਵਿੱਚ ਸਫਾਈ ਦਾ ਨਿਰੀਖਣ ਕਰਨਗੇ ਅਤੇ ਇਸ ਸਮੇਂ ਦੌਰਾਨ ਹੋਰ ਅਧਿਕਾਰੀਆਂ ਦੀਆਂ ਵੀ ਡਿਊਟੀਆਂ ਲਗਾਈਆਂ ਜਾਣਗੀਆਂ। ਉਨ੍ਹਾਂ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਕਿ ਸਫਾਈ ਪ੍ਰਣਾਲੀ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਸ ਮੌਕੇ ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਨਗਰ ਨਿਗਮ ਨੇ ਸਫਾਈ ਨੂੰ ਬਿਹਤਰ ਬਣਾਉਣ ਲਈ ਮਹੱਤਵਪੂਰਨ ਕਦਮ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸ਼ਹਿਰ ਦੇ ਰੇਹੜੀਆਂ ਫੜੀਆਂ ਮਾਲਕਾਂ ਨੂੰ ਸਫਾਈ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਜਾਵੇਗਾ। ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਵੱਡੇ ਡਸਟਬਿਨ ਲਗਾਏ ਜਾਣਗੇ। ਉਨ੍ਹਾਂ ਆਮ ਲੋਕਾਂ ਅਤੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਨਗਰ ਨਿਗਮ ਵੱਲੋਂ ਚਲਾਈ ਜਾ ਰਹੀ ਸਫਾਈ ਮੁਹਿੰਮ ਵਿੱਚ ਯੋਗਦਾਨ ਪਾਉਣ, ਤਾਂ ਜੋ ਬਠਿੰਡਾ ਸ਼ਹਿਰ ਨੂੰ ਸਫਾਈ ਦੇ ਮਾਮਲੇ ਵਿੱਚ ਦੇਸ਼ ਦਾ ਨੰਬਰ ਇੱਕ ਸ਼ਹਿਰ ਬਣਾਇਆ ਜਾ ਸਕੇ।
ਕਮਿਸ਼ਨਰ ਮੈਡਮ ਕੰਚਨ ਨੇ ਟਿੱਪਰਾਂ ਦੀ ਮੁਰੰਮਤ ਰਿਪੋਰਟਾਂ ਲਾਜ਼ਮੀ ਜਮ੍ਹਾਂ ਕਰਵਾਉਣ ਦੇ ਹੁਕਮ ਦਿੰਦੇ ਹੋਏ ਕਿਹਾ ਕਿ ਉਕਤ ਰਿਪੋਰਟ ਵਿੱਚ ਟਿੱਪਰਾਂ ਦੀ ਮੁਰੰਮਤ ਦੀ ਆਖਰੀ ਮਿਤੀ ਵੀ ਦਰਜ ਕੀਤੀ ਜਾਣੀ ਚਾਹੀਦੀ ਹੈ। ਇਸ ਦੌਰਾਨ ਮੇਅਰ ਤੇ ਕਮਿਸ਼ਨਰ ਨੇ ਕਿਹਾ ਕਿ ਚੰਡੀਗੜ੍ਹ ਦੀ ਤਰਜ਼ 'ਤੇ ਬਠਿੰਡਾ ਸ਼ਹਿਰ ਦੇ ਸਾਰੇ ਚੌਂਕਾਂ ਦਾ ਸੁੰਦਰੀਕਰਨ ਕੀਤਾ ਜਾਵੇਗਾ, ਜਿਸਦੇ ਲਈ ਯਤਨ ਸ਼ੁਰੂ ਕਰ ਦਿੱਤੇ ਗਏ ਹਨ।