ਪੰਜਾਬ ਸਰਕਾਰ ਨੇ ਨਿਭਾਇਆ ਵਾਅਦਾ, ਸਿਰਫ 30 ਦਿਨਾਂ ਵਿੱਚ ਸਭ ਤੋਂ ਵੱਧ ਮੁਆਵਜ਼ਾ ਦੇ ਕੇ ਰਚਿਆ ਇਤਿਹਾਸ-ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ
ਦੇਸ਼ ਵਿੱਚ ਪਹਿਲੀ ਵਾਰ ਕਿਸਾਨਾਂ ਨੂੰ ਪ੍ਰਤੀ ਏਕੜ 20,000 ਰੁਪਏ ਮੁਆਵਜ਼ਾ ਦਿੱਤਾ ਗਿਆ- ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ
ਰੋਹਿਤ ਗੁਪਤਾ
ਦੀਨਾਨਗਰ/ਡੇਰਾ ਬਾਬਾ ਨਾਨਕ/ ਗੁਰਦਾਸਪੁਰ, 15 ਅਕਤੂਬਰ 2025- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਵੰਡਣ ਲਈ ਮਿੱਥੀ ਆਪਣੀ 45 ਦਿਨਾਂ ਦੀ ਸਮਾਂ ਹੱਦ ਦੇ ਬਾਵਜੂਦ ਕਰੀਬ 30 ਦਿਨਾਂ ਦੇ ਅੰਦਰ-ਅੰਦਰ ਦੀਵਾਲੀ ਤੋਂ ਪਹਿਲਾਂ ਹੜ ਪੀੜਤਾਂ ਨੂੰ ਰਾਹਤ ਰਾਸ਼ੀ ਪ੍ਰਦਾਨ ਕਰਨ ਦਾ ਵਾਅਦਾ ਪੂਰਾ ਕੀਤਾ ਹੈ।
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਵਲੋਂ ਦੀਨਾਨਗਰ ਦੇ ਪਿੰਡ ਖੁਸ਼ੀਪੁਰ ਵਿੱਚ 42 ਲਾਭਪਾਤਰੀਆਂ ਨੂੰ 23 ਲੱਖ ਰੁਪਏ ਦੇ ਚੈੱਕ, ਗੁਰਦਾਸਪੁਰ ਦੇ ਪਿੰਡ ਖੋਖਰ ਰਾਜਪੂਤਾਂ ਵਿਖੇ 50 ਲਾਭਪਾਤਰੀਆਂ ਨੂੰ 24 ਲੱਖ ਰੁਪਏ ਦੇ ਚੈੱਕ ਅਤੇ ਡੇਰਾ ਬਾਬਾ ਨਾਨਕ ਦੇ ਪਿੰਡ ਕੋਠੇ ਦੇ 46 ਹੜ ਪੀੜਤਾਂ ਨੂੰ ਕਰੀਬ 12 ਲੱਖ ਰੁਪਏ ਦੇ ਚੈੱਕ (ਸੈਕਸ਼ਨ) ਲੈਟਰ ਵੰਡੇ।
ਇਸ ਮੌਕੇ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ, ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, ਡਾ. ਹਰਜਿੰਦਰ ਸਿੰਘ ਬੇਦੀ, ਵਧੀਕ ਡਿਪਟੀ ਕਮਿਸ਼ਨਰ (ਜ), ਗੁਰਪ੍ਰੀਤ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), ਹਲਕਾ ਇੰਚਾਰਜ ਸਮਸ਼ੇਰ ਸਿੰਘ, ਅਜੈ ਬਹਿਲ, ਹਨੀ ਬਹਿਲ,
ਐਸ.ਡੀ.ਐਮ ਦੀਨਾਨਗਰ ਜਸਪਿੰਦਰ ਸਿੰਘ ਭੁੱਲਰ, ਐਸ.ਡੀ.ਐਮ ਗੁਰਦਾਸਪੁਰ ਮਨਜੀਤ ਸਿੰਘ ਰਾਜਲਾ, ਐਸ.ਡੀ.ਐਮ ਡੇਰਾ ਬਾਬਾ ਨਾਨਕ ਆਦਿੱਤਿਆ ਸ਼ਰਮਾ, ਚੈਅਰਮੈਨ ਭਾਰਤ ਭੂਸ਼ਣ ਸ਼ਰਮਾ, ਚੇਅਰਮੈਨ ਸੁੱਚਾ ਸਿੰਘ ਮੁਲਤਾਨੀ, ਹਿਤੈਸ਼ ਮਹਾਜਨ, ਸੀਨੀਅਰ ਆਗੂ ਨੀਰਜ ਸਲਹੋਤਰਾ, ਤਹਿਸੀਲਦਾਰ ਲਛਮਣ ਸਿੰਘ, ਤਹਿਸੀਲਦਾਰ ਰੇਸ਼ਮ ਸਿੰਘ, ਐਸ.ਈ ਹਰਜੋਤ ਸਿੰਘ, ਐਸ.ਡੀ.ਓ ਨਿਰਮਲ ਸਿੰਘ,ਬਲਵਿੰਦਰ ਸਿੰਘ ਹਰੂਵਾਲ ਸਮੇਤ ਪਿੰਡਾਂ ਦੇ ਪੰਚ-ਸਰਪੰਚ ਆਦਿ ਮੌਜੂਦ ਸਨ।
ਹੜ੍ਹ ਪੀੜਤਾਂ ਨੂੰ ਮੁਆਵਜ਼ਾ ਵੰਡਣ ਲਈ ਸਮਾਰੋਹ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਹਰਭਜਨ ਸਿੰਘ ਈ.ਟੀ.ਓ, ਲੋਕ ਨਿਰਮਾਣ ਮੰਤਰੀ ਪੰਜਾਬ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵਲੋਂ 11 ਸਤੰਬਰ ਨੂੰ ਐਲਾਨ ਕੀਤਾ ਸੀ ਕਿ ਵਿਸ਼ੇਸ਼ ਗਿਰਦਾਵਰੀ ਕਰਵਾਉਣ ਮਗਰੋਂ 45 ਦਿਨਾਂ ਦੇ ਅੰਦਰ-ਅੰਦਰ ਮੁਆਵਜ਼ਾ ਵੰਡਣਾ ਸ਼ੁਰੂ ਕਰ ਦਿੱਤਾ ਜਾਵੇਗਾ।ਪਰ ਸੂਬਾ ਸਰਕਾਰ ਨੇ ਆਪਣੀਆਂ ਅਣਥੱਕ ਕੋਸ਼ਿਸ਼ਾਂ ਰਾਹੀਂ ਸਮੇਂ ਤੋਂ ਪਹਿਲਾਂ ਅਤੇ ਦੀਵਾਲੀ ਤੋਂ ਪਹਿਲਾਂ ਹੀ ਮੁਆਵਜ਼ਾ ਵੰਡਣ ਦੀ ਸ਼ੁਰੂਆਤ ਕਰ ਦਿੱਤੀ ਹੈ।
ਉਨ੍ਹਾਂ ਇਸ ਕੰਮ ਲਈ ਮਿਹਨਤ ਕਰਨ ਵਾਲੇ ਮਾਲ ਵਿਭਾਗ ਦੇ ਅਧਿਕਾਰੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ। ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹੜ੍ਹ ਪੀੜਤਾਂ ਨਾਲ ਤਹਿ ਦਿਲੋਂ ਹਮਦਰਦੀ ਜ਼ਾਹਰ ਕਰਦਿਆਂ ਕਿਹਾ ਕਿ ਇਸ ਕੁਦਰਤੀ ਆਫ਼ਤ ਕਾਰਨ ਪੰਜਾਬ ਦੇ ਕਈ ਜ਼ਿਲਿ੍ਆਂ ਵਿੱਚ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ। ਉਨ੍ਹਾਂ ਨੇ ਕਿਹਾ ਕਿ ਲੋਕਾਂ ਦੀ ਮਦਦ ਲਈ ਸੂਬਾ ਸਰਕਾਰ ਨੇ ਮਿਸ਼ਨ ਚੜ੍ਹਦੀ ਕਲਾ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਚੜ੍ਹਦੀ ਕਲਾ ਦਾ ਮਤਲਬ ਮੁਸ਼ਕਲ ਸਮਿਆਂ ਵਿੱਚ ਵੀ ਆਪਣਾ ਹੌਸਲਾ ਬਰਕਰਾਰ ਰੱਖਣਾ ਅਤੇ ਹਨੇਰੇ ਵਿੱਚ ਵੀ ਉਮੀਦ ਦੀ ਕਿਰਨ ਜਗਾਈ ਰੱਖਣਾ ਹੈ।
ਉਨ੍ਹਾਂ ਕਿਹਾ ਕਿ ਸਮੇਂ ਸਿਰ ਮੁਆਵਜ਼ੇ ਦੀ ਵੰਡ ਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਪਹਿਲੀ ਦਫ਼ਾ ਗਿਰਦਾਵਰੀ ਆਨਲਾਈਨ ਪੋਰਟਲ ਰਾਹੀਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਗੁਰਦਾਸਪੁਰ ਪ੍ਰਭਾਵਿਤ ਵਿਅਕਤੀਆਂ ਨੂੰ ਫ਼ਸਲਾਂ, ਮਕਾਨਾਂ ਤੇ ਪਸ਼ੂਆਂ ਆਦਿ ਦੇ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੇ ਲਾਭਪਾਤਰੀਆਂ ਨੂੰ ਵੀ ਜਲਦੀ ਉਨ੍ਹਾਂ ਦੇ ਬੈਂਕ ਖ਼ਾਤਿਆਂ ਵਿੱਚ ਮੁਆਵਜ਼ਾ ਰਾਸ਼ੀ ਪਹੁੰਚ ਜਾਵੇਗੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਪਹਿਲੀ ਵਾਰ ਪੰਜਾਬ ਸਰਕਾਰ ਆਪਣੇ ਹਿੱਸੇ ਦੀ ਰਾਸ਼ੀ ਵਿੱਚ ਵਾਧਾ ਕਰਕੇ ਪ੍ਰਤੀ ਏਕੜ 20,000 ਰੁਪਏ ਮੁਆਵਜਾ ਦੇ ਰਹੀ ਹੈ, ਜੋ ਦੇਸ਼ ਭਰ ਵਿੱਚ ਸਭ ਤੋਂ ਵੱਧ ਹੈ। ਉਨ੍ਹਾਂ ਕਿਹਾ ਕਿ ਇਕ ਇਤਿਹਾਸਕ ਪਹਿਲਕਦਮੀ ਵਿੱਚ ਸੂਬਾ ਸਰਕਾਰ ਨੇ “ਜਿਸਦਾ ਖੇਤ, ਉਸਦੀ ਰਾਤ“ ਨੀਤੀ ਨੂੰ ਪ੍ਰਵਾਨਗੀ ਦਿੱਤੀ ਹੈ ਜਿਸ ਅਨੁਸਾਰ ਕਿਸਾਨ ਬਿਨਾਂ ਕਿਸੇ ਪਰਮਿਟ ਦੇ ਆਪਣੇ ਖੇਤਾਂ ਵਿੱਚ ਜਮ੍ਹਾਂ ਹੋਈ ਰੇਤ ਅਤੇ ਗਾਰ ਨੂੰ ਹਟਾ ਸਕਦੇ ਹਨ ਜਾਂ ਮਰਜ਼ੀ ਮੁਤਾਬਕ ਵੇਚ ਸਕਦੇ ਹਨ।
ਉਨ੍ਹਾਂ ਨੇ ਕਿਹਾ ਕਿ ਹੜ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦੀ ਬਿਜਾਈ ਲਈ ਬੀਜ ਮੁਫ਼ਤ ਮੁਹੱਈਆ ਕਰਵਾਇਆ ਗਿਆ ਹੈ। ਡਾਕਟਰੀ ਜਾਂਚ ਲਈ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਮੁਫਤ ਸਿਹਤ ਕੈਂਪ ਲਾਏ ਗਏ ਹਨ ਅਤੇ ਪਸ਼ੂਆਂ ਲਈ ਵਿਸੇਸ਼ ਟੀਕਾਕਰਨ ਮੁਹਿੰਮ ਸੁਰੂ ਕੀਤੀ ਗਈ ਸੀ।
ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਇਤਿਹਾਸਕ ਲੋਕਪੱਖੀ ਫੈਸਲੇ ਲਏ ਹਨ। ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਭਰ ਵਿੱਚ ਸਕੂਲ ਆਫ ਐਮੀਨੈਂਸ ਸਥਾਪਤ ਕੀਤੇ ਹਨ। ਪਿਛਲੇ ਤਿੰਨ ਸਾਲਾਂ ਵਿੱਚ 881 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਅਤੇ ਇਹ ਗਿਣਤੀ ਜਲਦੀ ਹੀ 1,000 ਨੂੰ ਪਾਰ ਕਰ ਜਾਵੇਗੀ ਅਤੇ ਕਿਹਾ ਕਿ ਹੁਣ ਤੱਕ ਇਨ੍ਹਾਂ ਕਲੀਨਿਕਾਂ ਨੇ 1.75 ਕਰੋੜ ਲੋਕਾਂ ਨੂੰ ਮੁਫਤ ਦਵਾਈ ਪ੍ਰਦਾਨ ਕੀਤੀ ਹੈ। ਸੂਬਾ ਸਰਕਾਰ ਨੇ 55,000 ਤੋਂ ਵੱਧ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ। 600 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਵੱਖ-ਵੱਖ ਲੋਕਪੱਖੀ ਫੈਸਲੇ ਲਏ ਗਏ ਹਨ।