ਜ਼ਿਲ੍ਹੇ ਦੇ ਕਿਸਾਨਾਂ ਨੂੰ ਫਸਲਾਂ ਦੇ ਖਰਾਬੇ ਦਾ ਮੁਆਵਜ਼ਾ ਤਕਸੀਮ
ਪ੍ਰਮੋਦ ਭਾਰਤੀ
ਨਵਾਂਸ਼ਹਿਰ, 16 ਅਕਤੂਬਰ,2025
ਬੀਤੇ ਸਮੇਂ ‘ਚ ਸੂਬੇ ਅੰਦਰ ਆਏ ਹੜ੍ਹਾਂ ਕਾਰਨ ਕਿਸਾਨਾਂ ਦੀਆਂ ਫਸਲਾਂ ਅਤੇ ਜ਼ਮੀਨਾਂ ਦੇ ਹੋਏ ਨੁਕਸਾਨ ਬਦਲੇ ਪੰਜਾਬ ਸਰਕਾਰ ਵੱਲੋਂ ਮੁਆਵਜਾ ਦੇਣ ਦੀ ਲੜੀ ਤਹਿਤ ਅੱਜ ਜ਼ਿਲ੍ਹੇ ਦੇ 60 ਕਿਸਾਨਾਂ ਨੂੰ 18 ਲੱਖ ਰੁਪਏ ਤੋਂ ਵੱਧ ਦਾ ਮੁਆਵਜਾ ਤਕਸੀਮ ਕੀਤਾ ਗਿਆ।
ਸਥਾਨਕ ਐਸ.ਡੀ.ਐਮ ਦਫ਼ਤਰ ਵਿਖੇ ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਦੇ ਵਾਈਸ ਚੇਅਰਮੈਨ ਲਲਿਤ ਮੋਹਨ ਪਾਠਕ, ਮਾਰਕੀਟ ਕਮੇਟੀ ਦੇ ਚੇਅਰਮੈਨ ਗਗਨ ਅਗਨੀਹੋਤਰੀ ਅਤੇ ਐਸ.ਡੀ.ਐਮ. ਅਨਮਜਯੋਤ ਕੌਰ ਦੀ ਮੌਜੂਦਗੀ ਵਿੱਚ ਕਿਸਾਨਾਂ ਨੂੰ ਮੁਆਵਜੇ ਦੇ ਚੈਕ ਦਿੱਤੇ ਗਏ। ਕਿਸਾਨਾਂ ਨੂੰ ਮੁਆਵਜਾ ਰਾਸ਼ੀ ਦਿੰਦਿਆ ਲਲਿਤ ਮੋਹਨ ਪਾਠਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਮੁਆਵਜਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 7 ਪਿੰਡਾਂ ਦੇ 60 ਕਿਸਾਨਾਂ ਨੂੰ 18,25,261 ਰੁਪਏ ਫਸਲਾਂ ਅਤੇ ਜ਼ਮੀਨਾਂ ਦੇ ਨੁਕਸਾਨ ਬਦਲੇ ਦਿੱਤੇ ਗਏ ਹਨ ਅਤੇ ਆਉਂਦੇ ਦਿਨਾਂ ਵਿੱਚ ਬਾਕੀ ਰਹਿੰਦੇ ਕਿਸਾਨਾਂ ਅਤੇ ਪੀੜ੍ਹਤਾਂ ਨੂੰ ਮੁਆਵਜਾ ਰਾਸ਼ੀ ਦਿੱਤੀ ਜਾਵੇਗੀ।
ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਦੇ ਵਾਈਸ ਚੇਅਰਮੈਨ ਨੇ ਦੱਸਿਆ ਕਿ ਅੱਜ ਪਿੰਡ ਮੰਡਾਲਾ, ਤਾਜੋਵਾਲ, ਜੁਲਾਹਾ ਮਜਾਰਾ, ਤਲਵੰਡੀ ਸੀਬੂ, ਖੋਜਾ, ਚੱਕ ਇਲਾਹੀ ਬਖਸ਼ ਅਤੇ ਬੁਰਜ ਟਹਿਲ ਦਾਸ ਦੇ ਕਿਸਾਨਾਂ ਨੂੰ ਚੈਕ ਸੌਂਪੇ ਗਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੜ੍ਹ ਪੀੜ੍ਹਤਾਂ ਲਈ ਗਿਰਦਾਵਰੀ ਨਾਲੋ-ਨਾਲ ਕਰਵਾਕੇ ਮਿਥੀ ਡੈਡਲਾਈਨ ਤੋਂ ਪਹਿਲਾਂ ਹੀ ਮੁਆਵਜਾ ਦੇਣਾ ਯਕੀਨੀ ਬਣਾਇਆ ਹੈ।