ਗੁਰਦਾਸਪੁਰ: ਪਿੰਡ ਗਜਨੀਪੁਰ ਵਿਖੇ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਤੋਂ ਕੀਤਾ ਜਾਗਰੂਕ
ਖੇਤੀਬਾੜੀ ਵਿਭਾਗ ਨੇ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ
ਰੋਹਿਤ ਗੁਪਤਾ
ਗੁਰਦਾਸਪੁਰ, 21 ਅਕਤੂਬਰ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਦੀਆਂ ਹਦਾਇਤਾਂ ਤਹਿਤ ਜਿਲ੍ਹੇ ਵਿੱਚ ਪਰਾਲੀ ਨਾ ਸਾੜਨ ਦੀ ਮੁਹਿੰਮ ਵਿੱਚ ਵਿੱਢੀ ਗਈ ਹੈ, ਜਿਸ ਦੇ ਚੱਲਦਿਆਂ ਅੱਜ ਦੀਵਾਲੀ ਵਾਲੇ ਦਿਨ ਵੀ ਐਸ.ਡੀ.ਐਮ ਗੁਰਦਾਸਪੁਰ ਮਨਜੀਤ ਸਿੰਘ ਰਾਜਲਾ ਵਲੋਂ ਪਿੰਡ ਗਜਨੀਪੁਰ ਵਿੱਚ ਪਹੁੰਚ ਕੇ ਕਿਸਾਨ ਨਾਲ ਮੀਟਿੰਗ ਕਰਕੇ ਫਸਲ ਦੀ ਰਹਿੰਦ ਖੂੰਹਦ ਨਾ ਸਾੜਨ ਦੀ ਅਪੀਲ ਕੀਤੀ। ਇਸ ਮੌਕੇ ਡੀ.ਐਸ.ਪੀ ਮੋਹਨ ਸਿੰਘ, ਏ.ਡੀ.ਓ ਮਨਜੀਤ ਸਿੰਘ ਅਤੇ ਪਿੰਡ ਦੇ ਕਿਸਾਨ ਮੌਜੂਦ ਸਨ।
ਪਿੰਡ ਵਾਸੀਆਂ ਨਾਲ ਗੱਲ ਕਰਦਿਆਂ ਐਸ.ਡੀ.ਐਮ ਮਨਜੀਤ ਸਿੰਘ ਰਾਜਲਾ ਨੇ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ ਵਲੋਂ ਪਰਾਲੀ ਪਰਬੰਧਨ ਲਈ ਖੇਤੀਬਾੜੀ ਵਿਭਾਗ ਰਾਹੀਂ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਗਈ ਹੈ, ਇਸ ਲਈ ਫਸਲ ਦੀ ਰਹਿੰਦ ਖੂੰਹਦ ਨੂੰ ਇਕੱਠਾ ਕਰਕੇ ਪ੍ਰਸ਼ਾਸਨ ਨਾਲ ਸਹਿਯੋਗ ਕੀਤਾ ਜਾਵੇ।
ਉਨ੍ਹਾਂ ਦੱਸਿਆ ਸਿਵਲ ਤੇ ਪੁਲਿਸ ਵਿਭਾਗ ਦੀਆਂ ਸਾਂਝੀਆਂ ਟੀਮਾਂ ਵਲੋਂ ਜਿਥੇ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਜਾ ਰਹੀ ਹੈ,ਉਸਦੇ ਨਾਲ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕੀਤਾ ਜਾ ਰਿਹਾ ਹੈ।
ਇਸ ਮੌਕੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਪਰਾਲੀ ਨੂੰ ਅੱਗ ਲਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਅੱਗ ਲਾਉਣ ਨਾਲ ਮਿੱਟੀ ਦੇ ਪੌਸ਼ਟਿਕ ਤੱਤ ਖਤਮ ਹੋ ਜਾਂਦੇ ਹਨ ਅਤੇ ਮਿੱਟੀ ਵਿੱਚ ਮੌਜੂਦ ਮਦਦਗਾਰ ਬੈਕਟੀਰੀਆ ਵੀ ਮਰ ਜਾਂਦੇ ਹਨ ਜੋ ਕਿ ਫਸਲ ਦੇ ਵਾਧੇ ਲਈ ਬਹੁਤ ਲਾਭਦਾਇਕ ਹੁੰਦੇ ਹਨ। ਜਿਸ ਕਰਕੇ ਕਿਸਾਨਾਂ ਨੂੰ ਅਗਲੇ ਸੀਜ਼ਨ ਹੋਰ ਵੀ ਜਿਆਦਾ ਖਾਦ ਦੀ ਵਰਤੋਂ ਕਰਕੇ ਇਹਨਾਂ ਪੌਸ਼ਟਿਕ ਤੱਤਾਂ ਨੂੰ ਮੁੜ ਸੁਰਜੀਤ ਕਰਨਾ ਪੈਂਦਾ ਹੈ ਜਿਸ ਨਾਲ ਕਿਸਾਨ ਦੀ ਫਸਲੀ ਲਾਗਤ ਵਿੱਚ ਵਾਧਾ ਹੁੰਦਾ ਹੈ ਅਤੇ ਅੱਗ ਲਾਉਣ ਨਾਲ ਜੋ ਵਾਤਾਵਰਨ ਖਰਾਬ ਹੁੰਦਾ ਹੈ ਉਸ ਨਾਲ ਜੀਵ ਜੰਤੂ ਅਤੇ ਪਸ਼ੂ ਪੰਛੀਆਂ ਨੂੰ ਵੀ ਨੁਕਸਾਨ ਝੱਲਨਾ ਪੈਂਦਾ ਹੈ। ਅੱਗ ਤੋਂ ਪੈਦਾ ਹੋਣ ਵਾਲੇ ਧੂੰਏਂ ਨਾਲ ਸਾਹ ਦੀਆ ਬਿਮਾਰੀਆਂ ਵੀ ਵੱਧ ਜਾਂਦੀਆਂ ਹਨ।
ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਸਾਡਾ ਵਾਤਾਵਰਨ ਬੁਰੀ ਤਰ੍ਹਾਂ ਦੂਸ਼ਿਤ ਹੁੰਦਾ ਹੈ ਅਤੇ ਇਸ ਨਾਲ ਬਿਮਾਰੀਆਂ ਵਧਦੀਆਂ ਹਨ, ਜਿਨ੍ਹਾਂ ਦਾ ਸਾਡੇ ਬੱਚਿਆਂ ਅਤੇ ਬਜ਼ੁਰਗਾਂ ਦੀ ਸਿਹਤ ਤੇ ਬਹੁਤ ਮਾੜਾ ਪ੍ਰਭਾਵ ਪੈਂਦਾ ਹੈ। ਇਸ ਲਈ ਬੱਚਿਆਂ ਦੇ ਤੰਦਰੁਸਤ ਭਵਿੱਖ ਅਤੇ ਬਜੁਰਗਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਪਰਾਲੀ ਨਾ ਸਾੜੀ ਜਾਵੇ। ਇਸ ਮੌਕੇ ਪਿੰਡ ਵਾਸੀਆਂ ਨੇ ਪਰਾਲੀ ਨਾ ਸਾੜਨ ਦਾ ਭਰੋਸਾ ਦਿਵਾਇਆ।