ਸ਼੍ਰੋਮਣੀ ਕਮੇਟੀ ਮੈਂਬਰ ਦਰਸ਼ਨ ਸਿੰਘ ਮੋਠਾਂਵਾਲਾ ਨੇ ਸੰਗਤ ਦੇ ਸਹਿਯੋਗ ਨਾਲ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਦਿੱਤੀ ਕਣਕ ਤੇ ਨਗਦ ਰਾਸ਼ੀ
ਅੰਮ੍ਰਿਤਸਰ, 22 ਅਕਤੂਬਰ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਵਾਸਤੇ ਕੀਤੇ ਜਾ ਰਹੇ ਕਾਰਜਾਂ ਲਈ ਸ਼੍ਰੋਮਣੀ ਕਮੇਟੀ ਮੈਂਬਰ ਸ. ਦਰਸ਼ਨ ਸਿੰਘ ਮੋਠਾਂਵਾਲਾ ਨੇ ਸੰਗਤ ਦੇ ਸਹਿਯੋਗ ਨਾਲ 172 ਕੁਇੰਟਲ 40 ਕਿਲੋਂ ਕਣਕ ਅਤੇ 1 ਲੱਖ 31 ਹਜ਼ਾਰ 300 ਰੁਪਏ ਦੀ ਰਾਸ਼ੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਨ੍ਹਾਂ ਰਾਹਤ ਕਾਰਜਾਂ ਲਈ ਜਿਥੇ ਬਹੁਤ ਸਾਰੀਆਂ ਸੰਗਤਾਂ ਅਤੇ ਸੰਸਥਾਵਾਂ ਸਹਿਯੋਗ ਕਰ ਰਹੀਆਂ ਹਨ, ਉਥੇ ਹੀ ਸ਼੍ਰੋਮਣੀ ਕਮੇਟੀ ਦੇ ਮੈਂਬਰ ਵੀ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਕਾਰਜਸ਼ੀਲ ਹਨ। ਉਨ੍ਹਾਂ ਸ. ਦਰਸ਼ਨ ਸਿੰਘ ਮੋਠਾਂਵਾਲਾ ਵੱਲੋਂ ਜਲਾਲਾਬਾਦ ਅਤੇ ਗੁਰੂ ਹਰਿਸਹਾਏ ਦੀ ਸੰਗਤ ਦੇ ਸਹਿਯੋਗ ਨਾਲ ਹੜ੍ਹ ਰਾਹਤ ਫੰਡ ਲਈ ਪਾਏ ਯੋਗਦਾਨ ਲਈ ਧੰਨਵਾਦ ਕੀਤਾ।
ਇਸੇ ਦੌਰਾਨ ਆਰੋਗਿਆ ਭਾਰਤੀ ਹੈਲਥ ਕੇਅਰ ਅਤੇ ਮੈਡੀਕਲ ਸੰਸਥਾ ਵੱਲੋਂ ਸ. ਸਰਬਜੀਤ ਸਿੰਘ ਰਾਹੀਂ ਹੜ੍ਹ ਪੀੜਤਾਂ ਲਈ 3 ਲੱਖ ਰੁਪਏ ਦਾ ਸਹਿਯੋਗ ਕੀਤਾ। ਸੰਸਥਾ ਵੱਲੋਂ 1 ਲੱਖ ਰੁਪਏ ਆਨਲਾਈਨ ਭੇਜੇ ਗਏ ਅਤੇ 2 ਲੱਖ ਰੁਪਏ ਦਾ ਚੈੱਕ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪਿਆ ਗਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਦਰਸ਼ਨ ਸਿੰਘ ਮੋਠਾਂਵਾਲਾ, ਭਾਈ ਅਜੈਬ ਸਿੰਘ ਅਭਿਆਸੀ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ. ਸਾਹਬਾਜ਼ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ ਅਤੇ ਹੋਰ ਮੌਜੂਦ ਸਨ।