ਸਕੂਲ ਲੈਬ ਸਟਾਫ਼ ਯੂਨੀਅਨ ਪੁਰਾਣੀ ਪੈਨਸ਼ਨ ਬਹਾਲੀ ਲਈ 2 ਨਵੰਬਰ ਦੇ ਝੰਡਾ ਮਾਰਚ 'ਚ ਸ਼ਮੂਲੀਅਤ ਕਰੇਗੀ
ਬਠਿੰਡਾ , 26 ਅਕਤੂਬਰ 2025 : ਅੱਜ ਸਰਕਾਰੀ ਸਕੂਲਜ਼ ਲੈਬਾਰਟਰੀ ਸਟਾਫ਼ ਯੂਨੀਅਨ ਪੰਜਾਬ ਦੀ ਜਿਲ੍ਹਾ ਇਕਾਈ ਬਠਿੰਡਾ ਦੇ ਜਿਲ੍ਹਾ ਕਮੇਟੀ ਮੈਂਬਰਾਂ ਦੀ ਮੀਟਿੰਗ ਵੀਡੀਓ ਕਾਨਫ੍ਰੰਸਿੰਗ ਮਾਧਿਅਮ ਰਾਹੀਂ ਹੋਈ। ਮੀਟਿੰਗ ਬਾਰੇ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਪ੍ਰਧਾਨ ਗੁਰਵਿੰਦਰ ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੇ ਨੋਟੀਫਿਕੇਸ਼ਨ ਦੇ 3 ਸਾਲ ਬਾਅਦ ਵੀ ਅਜੇ ਤੱਕ ਪੁਰਾਣੀ ਪੈਨਸ਼ਨ ਸਕੀਮ ਬਹਾਲ ਨਹੀਂ ਕੀਤੀ। ਇਸ ਲਈ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ 2 ਨਵੰਬਰ ਨੂੰ ਤਰਨਤਾਰਨ ਵਿਖੇ ਹੋਣ ਵਾਲੇ ਝੰਡਾ ਮਾਰਚ 'ਚ ਜਿਲ੍ਹਾ ਬਠਿੰਡਾ ਦੇ ਐੱਸ.ਐੱਲ.ਏ. ਸਾਥੀਆਂ ਵੱਲੋਂ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਬਹਾਲ ਨਾ ਹੋਣ ਦਾ ਭਾਂਡਾ ਕੇਂਦਰ ਸਰਕਾਰ ਦੇ ਸਿਰ ਭੰਨ ਰਹੀ ਹੈ, ਪਰ ਪੰਜਾਬ ਦੇ ਗੁਆਂਢੀ ਰਾਜਾਂ ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ ਸਰਕਾਰ ਨੇ ਕੇਂਦਰ ਸਰਕਾਰ ਦੇ ਵਿਰੋਧ ਦੇ ਬਾਵਜੂਦ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਕੇ ਦਿਖਾਇਆ ਹੈ। ਇਸ ਮੌਕੇ 'ਤੇ ਜਿਲ੍ਹਾ ਸੀਨੀ.ਮੀਤ ਪ੍ਰਧਾਨ ਗੁਰਮੀਤ ਸਿੰਘ ਸਲਾਬਤਪੁਰਾ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਬਹਾਨੇਬਾਜ਼ੀ ਛੱਡ ਕੇ ਤੁਰੰਤ ਪੰਜਾਬ ਦੇ ਸਾਰੇ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰ ਦੇਣੀ ਚਾਹੀਦੀ ਹੈ। ਇਨ੍ਹਾਂ ਤੋਂ ਇਲਾਵਾ ਮੀਟਿੰਗ ਵਿੱਚ ਜਿਲ੍ਹਾ ਇਕਾਈ ਬਠਿੰਡਾ ਦੇ ਜਨਰਲ ਸਕੱਤਰ ਜਸਪ੍ਰੀਤ ਸਿੰਘ ਸਿੱਧੂ, ਮੀਤ ਪ੍ਰਧਾਨ ਲਖਵਿੰਦਰ ਸਿੰਘ ਮੌੜ, ਸੰਯੁਕਤ ਸਕੱਤਰ ਗੁਰਦੀਪ ਸਿੰਘ ਰਾਮਪੁਰਾ, ਵਿੱਤ ਸਕੱਤਰ ਹਰਜੀਤ ਸਿੰਘ ਕੇਸਰ ਸਿੰਘ ਵਾਲਾ, ਪ੍ਰੈੱਸ ਸਕੱਤਰ ਹਰਿੰਦਰ ਸਿੰਘ ਮੱਲਕੇ, ਜਿਲ੍ਹਾ ਕਮੇਟੀ ਮੈੰਬਰ ਮੁਕੇਸ਼ ਕੌੜਾ ਆਦਿ ਸ਼ਾਮਲ ਸਨ।