ਡਾ. ਹਰਜਿੰਦਰ ਸਿੰਘ ਬੇਦੀ, ਵਧੀਕ ਡਿਪਟੀ ਕਮਿਸ਼ਨਰ (ਜ) ਪਹੁੰਚੇ ਪਿੰਡ ਗੁਰਦਾਸ ਨੰਗਲ
ਪਿੰਡ ਦੇ ਕਿਸਾਨਾਂ ਵੱਲ਼ੋਂ ਪਰਾਲੀ ਪ੍ਰਬੰਧਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਕੀਤੀ ਸ਼ਲਾਘਾ
ਰੋਹਿਤ ਗੁਪਤਾ
ਗੁਰਦਾਸਪੁਰ, 29 ਅਕਤੂਬਰ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾ ਹੇਠ ਜਿਲ੍ਹੇ ਵਿੱਚ ਸਟੱਬਲ ਬਰਨਿੰਗ ਸਬੰਧੀ ਵਿੱਢੀ ਮੁਹਿੰਮ ਤਹਿਤ ਡਾ. ਹਰਜਿੰਦਰ ਸਿੰਘ ਬੇਦੀ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਵੱਲ਼ੋਂ ਪਿੰਡ ਗੁਰਦਾਸ ਨੰਗਲ ਦਾ ਦੌਰਾ ਕੀਤਾ ਅਤੇ ਕਿਸਾਨਾਂ ਨਾਲ ਗੱਲ਼ਬਾਤ ਕੀਤੀ। ਇਸ ਮੌਕੇ ਮਨਜੀਤ ਸਿੰਘ ਰਾਜਲਾ ਐੱਸ.ਡੀ.ਐੱਮ. ਗੁਰਦਾਸਪੁਰ, ਕੁਲਵੰਤ ਸਿੰਘ ਡੀ.ਐੱਸ.ਪੀ.,ਮਨਜੀਤ ਸਿੰਘ ਏ.ਡੀ.ਓ,ਸ਼੍ਰੀਮਤੀ ਸਰਬਜੀਤ ਕੌਰ, ਸਰਪੰਚ ਗੁਰਦਾਸ ਨੰਗਲ, ਨੰਬਰਦਾਰ ਅਤੇ ਪਿੰਡ ਵਾਸੀ ਮੌਜੂਦ ਸਨ।
ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਵੱਲੋਂ ਪਰਾਲੀ ਪ੍ਰਬੰਧਨ ਤਹਿਤ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕਰਦਿਆ ਕਿਹਾ ਜਿਲ੍ਹੇ ਗੁਰਦਾਸਪੁਰ ਦੇ ਬਹੁਤ ਸਾਰੇ ਕਿਸਾਨਾਂ ਵੱਲ਼ੋਂ ਪ੍ਰਸ਼ਾਸਨ ਨਾਲ ਸਹਿਯੋਗ ਕਰਦਿਆਂ ਫਸਲ ਦੀ ਰਹਿੰਦ-ਖੂੰਹਦ/ਪਰਾਲੀ ਸੰਭਾਲੀ ਜਾ ਰਹੀ ਹੈ, ਜੋ ਕਿ ਬਹੁਤ ਵਧੀਆ ਉਪਰਾਲਾ ਹੈ।
ਉਨ੍ਹਾਂ ਕਿਹਾ ਕਿ ਫਸਲ ਦੀ ਰਹਿੰਦ-ਖੂੰਹਦ ਨੂੰ ਸਾੜਨ ਸਬੰਧੀ ਮਾਣਯੋਗ ਸੁਪਰੀਮ ਕੋਰਟ ਅਤੇ ਮਾਣਯੋਗ ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਜੇਕਰ ਕਿਸੇ ਵਲੋਂ ਜਾਰੀ ਹਦਾਇਤਾਂ ਦੀ ਉਲੰਘਣਾ ਕੀਤੀ ਜਾਂਦੀ ਹੈ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ,ਪਰਾਲੀ ਪ੍ਰੋਟੈਕਸ਼ਨ ਫੋਰਸ, ਕਲੱਸਟਰ ਅਤੇ ਨੋਡਲ ਅਫਸਰ ਲਗਾਤਾਰ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਅਤੇ ਪਿੰਡ ਵਾਸੀਆਂ ਨੂੰ ਮਿਲ ਰਹੇ ਹਨ ਅਤੇ ਉਨ੍ਹਾਂ ਵਲੋਂ ਪਰਾਲੀ ਨਾ ਸਾੜਨ ਅਤੇ ਪਰਾਲ਼ੀ ਪ੍ਰਬੰਧਨ ਲਈ ਅਪੀਲ ਕੀਤੀ ਜਾ ਰਹੀ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ ਵੱਲ਼ੋਂ ਪਰਾਲੀ ਪ੍ਰਬੰਧਨ ਲਈ ਲੋੜੀਂਦੀ ਖੇਤੀ ਮਸ਼ੀਨਰੀ ਉਪਲੱਬਧ ਕਰਵਾਈ ਗਈ ਹੈ। ਪਰਾਲੀ ਪ੍ਰਬੰਧਨ ਲਈ ਬੈਲਰ ਅਤੇ ਸੁਪਰ ਸੀਡਰ ਆਦਿ ਮੁਹੱਈਆ ਕਰਵਾਏ ਗਏ ਹਨ । ਜੇਕਰ ਫਿਰ ਵੀ ਕਿਸੇ ਕਿਸਾਨ ਨੂੰ ਖੇਤੀ ਮਸ਼ੀਨਰੀ ਸਬੰਧੀ ਕੋਈ ਦਿੱਕਤ ਪੇਸ਼ ਆਉਂਦੀ ਹੈ ਤਾਂ ਉਹ ਜਿਲ੍ਹਾ ਪੱਧਰ 'ਤੇ ਸਥਾਪਤ ਕੰਟਰੋਲ ਰੂਮ ਨੰਬਰ 01874-266376 ਤੇ ਸੰਪਰਕ ਕੀਤਾ ਜਾ ਸਕਦਾ ਹੈ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਵਾਤਾਵਰਨ ਨੂੰ ਸ਼ੁੱਧ ਰੱਖਣ ਅਤੇ ਮਨੁੱਖੀ ਸਿਹਤ ਨੂੰ ਮੁੱਖ ਰੱਖਦਿਆਂ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਈ ਜਾਵੇ ਅਤੇ ਪ੍ਰਸ਼ਾਸਨ ਨਾਲ ਸਹਿਯੋਗ ਕਰਦਿਆ ਉਪਲੱਬਧ ਖੇਤੀ ਮਸ਼ੀਨਰੀ ਰਾਹੀ ਪਰਾਲੀ ਪ੍ਰਬੰਧਨ ਕੀਤਾ ਜਾਵੇ।
ਇਸ ਮੌਕੇ ਪਿੰਡ ਵਾਸੀਆਂ ਨੇ ਕਿਹਾ ਕਿ ਉਨ੍ਹਾਂ ਵੱਲ਼ੋਂ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੀ ਥਾਂ ਪਸ਼ੂਆਂ ਦੇ ਚਾਰੇ ਲਈ ਪਰਾਲੀ ਦੀਆਂ ਗੱਠਾਂ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਕਿਸਾਨਾਂ ਵੱਲੋਂ ਪ੍ਰਸ਼ਾਸਨ ਨਾਲ ਸਹਿਯੋਗ ਕਰਦਿਆਂ ਵੱਧ ਤੋਂ ਵੱਧ ਪਰਾਲੀ ਪ੍ਰਬੰਧਨ ਨੂੰ ਅਪਣਾਇਆ ਗਿਆ ਹੈ।