ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਗੁਰਦੁਆਰਾ ਨਾਨਕਿਆਣਾ ਸਾਹਿਬ ਸੰਗਰੂਰ ਤੋਂ ਗੁਰਦੁਆਰਾ ਗੁਰੂਸਰ ਸਾਹਿਬ ਹੰਢਾਇਆ ਲਈ ਰਵਾਨਾ
ਵੱਖ-ਵੱਖ ਪੜਾਵਾਂ ’ਤੇ ਸੰਗਤਾਂ ਵੱਲੋਂ ਖਾਲਸਈ ਜਾਹੋ-ਜਲਾਲ ਨਾਲ ਕੀਤਾ ਗਿਆ ਭਰਵਾਂ ਸਵਾਗਤ
ਅੰਮ੍ਰਿਤਸਰ, 30 ਅਕਤੂਬਰ 2025- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਵੱਖ-ਵੱਖ ਸ਼ਹਿਰਾਂ ਤੋਂ ਹੁੰਦਾ ਹੋਇਆ ਅੱਜ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਸੰਗਰੂਰ ਤੋਂ ਆਪਣੇ ਅਗਲੇ ਪੜਾਅ ਗੁਰਦੁਆਰਾ ਗੁਰੂਸਰ ਸਾਹਿਬ ਪਾਤਸ਼ਾਹੀ ਨੌਵੀਂ, ਹੰਢਾਇਆ ਲਈ ਰਵਾਨਾ ਹੋਇਆ।
ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨ ’ਚ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਸੰਗਤਾਂ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੇ ਇਤਿਹਾਸ ਦੀ ਸਾਂਝ ਪਾਈ। ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਕੀਤੀ। ਉਨ੍ਹਾਂ ਸੰਗਤਾਂ ਨੂੰ ਜਿਥੇ ਨਗਰ ਕੀਰਤਨ ਭਰਵੀਂ ਸ਼ਮੂਲੀਅਤ ਲਈ ਪ੍ਰੇਰਿਆ, ਉਥੇ ਹੀ ਸ਼ਤਾਬਦੀ ਸਮਾਗਮਾਂ ’ਚ ਸ਼ਾਮਲ ਹੋਣ ਦੀ ਵੀ ਅਪੀਲ ਕੀਤੀ।
ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਪੰਜ ਪਿਆਰੇ ਸਾਹਿਬਾਨ ਅਤੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ। ਨਗਰ ਕੀਰਤਨ ’ਚ ਵੱਡੀ ਗਿਣਤੀ ਸੰਗਤਾਂ ਦੇ ਨਾਲ-ਨਾਲ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਵੀ ਭਰਵੀਂ ਸ਼ਮੂਲੀਅਤ ਕੀਤੀ। ਇਸ ਮੌਕੇ ਪੁਲਿਸ ਪ੍ਰਸ਼ਾਸਨ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਸਲਾਮੀ ਦੇ ਕੇ ਸਤਿਕਾਰ ਭੇਟ ਕੀਤਾ ਗਿਆ।
ਨਗਰ ਕੀਰਤਨ ’ਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਅੰਤ੍ਰਿੰਗ ਕਮੇਟੀ ਮੈਂਬਰ ਸ. ਪਰਮਜੀਤ ਸਿੰਘ ਖਾਲਸਾ, ਮੈਂਬਰ ਬਾਬਾ ਬਲਬੀਰ ਸਿੰਘ ਘੁੰਨਸ, ਸ. ਭੁਪਿੰਦਰ ਸਿੰਘ ਭਲਵਾਨ, ਬਾਬਾ ਬੂਟਾ ਸਿੰਘ, ਜਥੇਦਾਰ ਗੁਰਲਾਲ ਸਿੰਘ, ਸ. ਮਲਕੀਤ ਸਿੰਘ ਚੰਗਾਲ, ਸ. ਹਰਦੇਵ ਸਿੰਘ ਰੋਂਗਲਾ, ਸ. ਤੇਜਾ ਸਿੰਘ ਕਮਾਲਪੁਰ, ਹਲਕਾ ਇੰਚਾਰਜ ਸ. ਵਿਨਰਜੀਤ ਸਿੰਘ ਗੋਲਡੀ, ਸਾਬਕਾ ਮੰਤਰੀ ਸ੍ਰੀ ਵੇਜਿੰਦਰ ਸਿੰਗਲਾ, ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਪ੍ਰੀਤਪਾਲ ਸਿੰਘ, ਇੰਚਾਰਜ ਸ. ਬਲਜੀਤ ਸਿੰਘ, ਇੰਚਾਰਜ ਸ. ਭੋਲਾ ਸਿੰਘ, ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਮੀਤ ਮੈਨੇਜਰ ਸ. ਕੁਲਵੰਤ ਸਿੰਘ, ਭਾਈ ਮਨਦੀਪ ਸਿੰਘ ਮੁਰੀਦ, ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਗੁਰਦੁਆਰਾ ਨਾਨਕਿਆਣਾ ਸਾਹਿਬ ਦੇ ਮੈਨੇਜਰ ਸ. ਰਾਜਿੰਦਰ ਸਿੰਘ, ਸ. ਨਿਰਮਲ ਸਿੰਘ, ਸ. ਹਰਵਿੰਦਰ ਸਿੰਘ, ਸ. ਅਮਰੀਕ ਸਿੰਘ, ਸ. ਦਵਿੰਦਰ ਸਿੰਘ ਤੇ ਸ. ਅਜੈਬ ਸਿੰਘ, ਸ੍ਰੀ ਅਰਵਿੰਦ ਖੰਨਾ ਸਮਾਜ ਸੇਵੀ, ਗੁਰਦੁਆਰਾ ਕਾਂਝਲਾ ਦੇ ਪ੍ਰਧਾਨ ਸ. ਦਰਸ਼ਨ ਸਿੰਘ, ਮੈਨੇਜਰ ਸ. ਮਲਕੀਤ ਸਿੰਘ, ਸ. ਇਕਬਾਲਜੀਤ ਸਿੰਘ ਪੂਨੀਆਂ ਸਾਬਕਾ ਪ੍ਰਧਾਨ ਨਗਰ ਕੌਂਸਲ, ਸ. ਜਸਵਿੰਦਰ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।