ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਸਮਾਗਮਾਂ ਨੂੰ ਮਨਾਉਣ ਲਈ ਵਿਸ਼ੇਸ਼ ਮੀਟਿੰਗ : ਹਰਮੀਤ ਸਿੰਘ ਕਾਲਕਾ
ਮਨਮੋਹਨ ਸਿੰਘ
ਨਵੀਂ ਦਿੱਲੀ 1 ਨਵੰਬਰ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਦੀ ਅਗਵਾਈ ਹੇਠ ਕੱਲ੍ਹ ਇੱਕ ਮਹੱਤਵਪੂਰਨ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਆਉਣ ਵਾਲੇ ਨਗਰ ਕੀਰਤਨਾਂ, ਧਾਰਮਿਕ ਸਮਾਗਮਾਂ ਅਤੇ ਸ਼ਰਧਾਂਜਲੀ ਪ੍ਰੋਗਰਾਮਾਂ ਦੇ ਵਿਸਥਾਰਪੂਰਵਕ ਪ੍ਰਬੰਧਾਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ।
ਇਸ ਮੀਟਿੰਗ ਵਿੱਚ ਕਮੇਟੀ ਦੇ ਅਹੁਦੇਦਾਰਾਂ, ਮੈਂਬਰਾਂ ਅਤੇ ਸੰਗਤਾਂ ਨੇ ਹਿੱਸਾ ਲਿਆ। ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਮਨੁੱਖਤਾ, ਧਰਮ ਅਤੇ ਅਮਨ ਦੇ ਉੱਚ ਸਿਧਾਂਤਾਂ ਦੀ ਪ੍ਰਤੀਕ ਹੈ। ਉਹਨਾਂ ਦੀ ਸ਼ਹਾਦਤ ਸਾਡੀ ਕੌਮ ਲਈ ਆਦਰਸ਼ ਪ੍ਰੇਰਨਾ ਦਾ ਸਰੋਤ ਹੈ।
ਕਾਲਕਾ ਨੇ ਜ਼ੋਰ ਦਿੰਦੇ ਹੋਏ ਕਿਹਾ ਕਿ ਸ਼ਹੀਦੀ ਸ਼ਤਾਬਦੀ ਦੇ ਮੌਕੇ ‘ਤੇ ਹੋਣ ਵਾਲੇ ਸਾਰੇ ਸਮਾਗਮ ਇਸ ਤਰ੍ਹਾਂ ਮਨਾਏ ਜਾਣਗੇ ਕਿ ਹਰ ਇਕ ਦਿੱਲੀਵਾਸੀ ਨੂੰ ਗੁਰੂ ਸਾਹਿਬ ਦੀ ਬਾਣੀ ਅਤੇ ਉਪਦੇਸ਼ਾਂ ਨਾਲ ਜੋੜਿਆ ਜਾ ਸਕੇ। ਇਸ ਦੌਰਾਨ ਸ਼ਾਨਦਾਰ ਨਗਰ ਕੀਰਤਨ, ਧਾਰਮਿਕ ਜਥੇਬੰਦੀਆਂ ਦੀ ਸ਼ਮੂਲੀਅਤ, ਕੀਰਤਨ ਦਰਬਾਰਾਂ ਅਤੇ ਸਿੱਖ ਇਤਿਹਾਸ ਨਾਲ ਸੰਬੰਧਿਤ ਪ੍ਰਦਰਸ਼ਨੀਆਂ ਦਾ ਆਯੋਜਨ ਕਰਨ ਦੀ ਯੋਜਨਾ ਬਣਾਈ ਗਈ ਹੈ।
ਉਹਨਾਂ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਉਦੇਸ਼ ਹੈ ਕਿ ਇਹ ਸ਼ਹੀਦੀ ਸ਼ਤਾਬਦੀ ਸਮਾਗਮ ਸਿਰਫ਼ ਯਾਦਗਾਰ ਨਹੀਂ, ਬਲਕਿ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਦਾ ਸਰੋਤ ਬਣਣ।
ਮੀਟਿੰਗ ਦੌਰਾਨ ਪ੍ਰਬੰਧਾਂ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ ਗਈ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਖ ਵੱਖ ਵਿੰਗਾਂ ਨੂੰ ਸਮੇਂ ਸਿਰ ਤਿਆਰੀਆਂ ਪੂਰੀ ਕਰਨ ਲਈ ਹਦਾਇਤਾਂ ਦਿੱਤੀਆਂ ਗਈਆਂ।